ਸਿਹਤ ਮੰਤਰੀ ਨੇ ਕਰੋਨਾ ਪੀੜਤਾਂ ਦਾ ਹਾਲ ਪੁੱਛਿਆ

ਸਿਹਤ ਮੰਤਰੀ ਨੇ ਕਰੋਨਾ ਪੀੜਤਾਂ ਦਾ ਹਾਲ ਪੁੱਛਿਆ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਿਵਲ ਹਸਪਤਾਲ ਬਰਨਾਲਾ ਵਿਚ ਜਾਇਜ਼ਾ ਲੈਂਦਾ ਹੋਏ।

ਰਵਿੰਦਰ ਰਵੀ/ਪ੍ਰਸ਼ੋਤਮ ਬੱਲੀ
ਬਰਨਾਲਾ, 22 ਸਤੰਬਰ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਥਾਨਕ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ ਤੇ ਪ੍ਰਗਤੀ ਅਧੀਨ ਆਈਸੀਯੂ ਵਾਰਡ ਦਾ ਵੀ ਜਾਇਜ਼ਾ ਲਿਆ। ਊਨ੍ਹਾਂ ਇਹ ਵਾਰਡ ਛੇਤੀ ਚਲਾਉਣ ਦੀ ਹਦਾਇਤ ਕੀਤੀ।

ਇਸ ਮੌਕੇ ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਸਬੰਧੀ ਸੋਸ਼ਲ ਮੀਡੀਆ ’ਤੇ ਅਫ਼ਵਾਹਾਂ ਫੈਲਾਉਣ ਵਾਲੇ ਗ਼ੈਰ-ਸਮਾਜਿਕ ਅਨਸਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕਦਿਆਂ ਕੂੜ ਪ੍ਰਚਾਰ ਕਰਨ ਵਾਲਿਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰਵਾਉਣ ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਭਵਿੱਖ ਵਿਚ ਅਜਿਹੇ ਅਨਸਰਾਂ ਨਾਲ ਹੋਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਸ੍ਰੀ ਸਿੱੱਧੂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੋਵਿਡ ਟੈਸਟਿੰਗ ਸਮਰੱਥਾ ਵਧਾਈ ਜਾ ਰਹੀ ਹੈ। ਇਸ ਲਈ ਵੱਧ ਤੋਂ ਵੱਧ ਕੋਵਿਡ ਟੈਸਟ ਕੀਤੇ ਜਾਣ ਤਾਂ ਜੋ ਇਸ ਮਹਾਮਾਰੀ ਨੂੰ ਕੰਟਰੋਲ ਵਿਚ ਕੀਤਾ ਜਾ ਸਕੇ।

ਸਿਵਲ ਸਰਜਨ ਬਰਨਾਲਾ ਨੇ ਮੰਤਰੀ ਨੂੰ ਸਮੁੱਚੇ ਸਥਾਨਕ ਸਿਹਤ ਹਾਲਾਤ ਤੇ ਸੁਵਿਧਾਵਾਂ ਤੋਂ ਜਾਣੂ ਕਰਵਾਇਆ। ਇਸ ਮਗਰੋਂ ਸਿਹਤ ਮੰਤਰੀ ਸ੍ਰੀ ਸਿੱਧੂ ਵੱਲੋਂ ਸੋਹਲ ਪੱਤੀ ਆਈਸੋਲੇਸ਼ਨ ਸੈਂਟਰ ਦਾ ਵੀ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਕੋਵਿਡ ਮਰੀਜ਼ਾਂ ਦਾ ਹਾਲ ਪੁੱੱਛਿਆ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਮਰੀਜ਼ਾਂ ਦਾ ਠੀਕ ਹੋਣ ਚੰਗਾ ਸੰਕੇਤ ਹੈ, ਪਰ ਸਾਵਧਾਨੀਆਂ ਲਾਜ਼ਮੀ ਹਨ।

ਇਸ ਮਗਰੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰੰਘ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ ਕੇਅਰ ਸੈਂਟਰਾਂ ਵਿਚ ਮਰੀਜ਼ਾਂ ਨੂੰ ਪੁਖਤਾ ਸਹੂਲਤਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ, ਵਧੀਕ ਡਿਪਟੀ ਕਮਿਸ਼ਨਰ ਆਦਿੱਤਯ ਡੇਚਲਵਾਲ, ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ, ਐੱਸਐੱਮਓ ਡਾ. ਤਪਿੰਦਰਜੋਤ ਕੌਸ਼ਲ, ਹਰਕੇਸ਼ ਚੰਦ ਸ਼ਰਮਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਮੱਖਣ ਸ਼ਰਮਾ ਹਾਜ਼ਰ ਸਨ।

ਖੇਤੀ ਆਰਡੀਨੈਂਸ ਕਿਸਾਨਾਂ ਨੂੰ ਬਰਬਾਦੀ ਵੱਲ ਲੈ ਜਾਣਗੇ: ਬਲਬੀਰ ਸਿੱਧੂ

ਤਪਾ ਮੰਡੀ, (ਵਿਜੇ ਸ਼ਰਮਾ): ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਆਸ਼ੂ ਭੂਤ ਦੇ ਪਿਤਾ ਪ੍ਰੇਮ ਕੁਮਾਰ ਭੂਤ ਦੀ ਅੰਤਿਮ ਅਰਦਾਸ ’ਚ ਸ਼ਾਮਲ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤੀ ਆਰਡੀਨੈਂਸ ਦੇਸ਼ ਦੇ ਕਿਸਾਨਾਂ ਨੂੰ ਬਰਬਾਦੀ ਵੱਲ ਲੈ ਜਾਣਗੇ ਜਦਕਿ ਇਨ੍ਹਾਂ ਆਰਡੀਨੈਂਸਾਂ ਦਾ ਫਾਇਦਾ ਕਾਰਪੋਰੇਟ ਘਰਾਣਿਆਂ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਨੇ ਕੇਂਦਰ ’ਚ ਮੋਦੀ ਸਰਕਾਰ ਨੂੰ ਸੱਤਾ ਦੇ ਕੇ ਗ਼ਲਤ ਫ਼ੈਸਲਾ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All