ਸਤੰਬਰ ਮਹੀਨੇ ਦੌਰਾਨ ਮੌਸਮ ਦਾ ਮਿਜ਼ਾਜ ਖੁਸ਼ਕ ਰਹਿਣ ਦੇ ਆਸਾਰ ਹਨ। ਮੌਸਮ ਵਿਭਾਗ ਦੀ ਪੇਸ਼ੀਨਗੋਈ ਅਨੁਸਾਰ ਇਸ ਮਹੀਨੇ ਪੰਜਾਬ ਵਿੱਚ ਬਾਰਿਸ਼ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ, ਜਦ ਕਿ ਵੱਧ ਤੋਂ ਵੱਧ ਅਤੇ ਘੱਟ ਤੋਂ ਘੱਟ ਤਾਪਮਾਨ ਆਮ ਦੇ ਨੇੜੇ ਜਾਂ ਕੁਝ ਵੱਧ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਪਾਣੀ ਦੀ ਸੰਭਾਲ ਅਤੇ ਖੇਤੀਬਾੜੀ ਲਈ ਸਮੇਂ ਸਿਰ ਯੋਜਨਾਬੰਦੀ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਹੈ।
ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਖੋਜ ਕੇਂਦਰ ’ਚ ਤਾਇਨਾਤ ਡਾ. ਜਤਿੰਦਰ ਕੌਰ ਅਨੁਸਾਰ ਬਠਿੰਡਾ ਖਿੱਤੇ ਵਿੱਚ ਆਉਣ ਵਾਲੇ ਚਾਰ-ਪੰਜ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 36 ਤੋਂ 37 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 25 ਤੋਂ 26 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਅਸਮਾਨ ’ਤੇ ਬੱਦਲਵਾਈ ਬਣੀ ਰਹਿਣ ਅਤੇ ਤੇਜ਼ ਹਵਾਵਾਂ ਚੱਲਣ ਦੇ ਵੀ ਆਸਾਰ ਹਨ। ਕੁਝ ਥਾਵਾਂ ’ਤੇ 3 ਤੋਂ 6 ਸਤੰਬਰ ਤੱਕ ਗਰਜ਼-ਚਮਕ ਨਾਲ ਛਿੱਟੇ ਪੈ ਸਕਦੇ ਹਨ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇਗੀ ਪਰ ਇਹ ਰਾਹਤ ਜ਼ਿਆਦਾ ਸਮੇਂ ਲਈ ਨਹੀਂ ਹੈ।
ਖੇਤੀਬਾੜੀ ਮਾਹਰਾਂ ਨੇ ਕਿਸਾਨਾਂ ਨੂੰ ਮੌਸਮ ਦੇ ਮਿਜ਼ਾਜ ਨੂੰ ਧਿਆਨ ਵਿੱਚ ਰੱਖਦਿਆਂ ਤੇਲ ਬੀਜ ਵਾਲੀਆਂ ਫ਼ਸਲਾਂ ਅਤੇ ਜੜ੍ਹ ਵਾਲੀਆਂ ਸਬਜ਼ੀਆਂ ਦੀ ਬਿਜਾਈ ਕਰਨ ਦੀ ਸਲਾਹ ਦਿੱਤੀ ਹੈ। ਨਰਮੇ ਦੀ ਫ਼ਸਲ ਸਬੰਧੀ ਕਿਸਾਨਾਂ ਨੂੰ ਖ਼ਾਸ ਚੌਕਸੀ ਵਰਤਣ ਲਈ ਕਿਹਾ ਗਿਆ ਹੈ। ਨਰਮੇ ਵਿੱਚ ਗੁਲਾਬੀ ਸੁੰਡੀ ਅਤੇ ਰਸ ਚੂਸਣ ਵਾਲੇ ਕੀੜੇ-ਮਕੌੜਿਆਂ ਦੇ ਹਮਲੇ ਲਈ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਲੋੜ ਪੈਣ ’ਤੇ ਮੌਸਮ ਦੀ ਸਥਿਤੀ ਨੂੰ ਧਿਆਨ ਵਿੱਚ ਰੱਖ ਕੇ ਹੀ ਕੀਟਨਾਸ਼ਕਾਂ ਦਾ ਛਿੜਕਾਅ ਕਰਨ ਦੀ ਸਲਾਹ ਦਿੱਤੀ ਗਈ ਹੈ।
ਮਾਹਿਰਾਂ ਨੇ ਪਸ਼ੂ ਪਾਲਕਾਂ ਨੂੰ ਵੀ ਸਾਵਧਾਨ ਰਹਿਣ ਲਈ ਕਿਹਾ ਹੈ। ਜ਼ਿਆਦਾ ਸਿੱਲ੍ਹ ਕਾਰਨ ਪਸ਼ੂਆਂ ਵਿੱਚ ਖੁਰਾਂ ਨਾਲ ਸਬੰਧਿਤ ਬਿਮਾਰੀਆਂ ਦਾ ਖ਼ਤਰਾ ਵਧ ਸਕਦਾ ਹੈ। ਇਸ ਲਈ ਪਸ਼ੂਆਂ ਨੂੰ ਰੱਖਣ ਵਾਲੀ ਥਾਂ ਸੁੱਕੀ ਅਤੇ ਸਾਫ਼-ਸੁਥਰੀ ਰੱਖਣ ਦੇ ਨਾਲ ਉਨ੍ਹਾਂ ਦੇ ਹੇਠਾਂ ਸੁੱਕੀ ਜਗ੍ਹਾ ਮੁਹੱਈਆ ਕਰਵਾਉਣ ਦੀ ਤਜਵੀਜ਼ ਦਿੱਤੀ ਗਈ ਹੈ।
ਮੌਸਮ ਵਿਭਾਗ ਦੀ ਵਿਆਪਕ ਪੇਸ਼ੀਨਗੋਈ ਵੀ ਇਸ ਗੱਲ ਵੱਲ ਇਸ਼ਾਰਾ ਕਰਦੀ ਹੈ ਕਿ ਸਤੰਬਰ ਦੌਰਾਨ ਆਮ ਨਾਲੋਂ ਘੱਟ ਬਾਰਿਸ਼ ਅਤੇ ਆਮ ਤੋਂ ਕੁੱਝ ਵੱਧ ਤਾਪਮਾਨ ਕਈ ਖੇਤਰਾਂ ਵਿੱਚ ਖੇਤੀ ਅਤੇ ਪਾਣੀ ਦੇ ਪ੍ਰਬੰਧਨ ਲਈ ਚੁਣੌਤੀ ਬਣ ਸਕਦੇ ਹਨ।

