ਜੋਗਿੰਦਰ ਸਿੰਘ ਮਾਨ
ਮਾਨਸਾ, 25 ਅਪਰੈਲ
ਪੰਜਾਬ ਵਿੱਚ ਲਗਾਤਾਰ ਵਧ ਰਹੀ ਗਰਮੀ ਕਾਰਨ ਲੋਕ ਬਿਮਾਰ ਹੋਣ ਲੱਗੇ ਹਨ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਸੋਮਵਾਰ ਨੂੰ ਮੌਸਮ ਵਿਭਾਗ ਵੱਲੋਂ ਤੇਜ਼ ਹਵਾਵਾਂ ਨਾਲ ਕਿਤੇ ਕਿਤੇ ਕਣੀਆਂ ਪੈਣ ਦੀ ਕੀਤੀ ਪੇਸ਼ੀਨਗੋਈ ਦੇ ਉਲਟ ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਅੱਜ 39.35 ਤੋਂ 41.25 ਵਿਚਕਾਰ ਤਾਪਮਾਨ ਰਿਹਾ ਹੈ। ਬੁੱਧਵਾਰ ਤੋਂ ਬਾਅਦ 45 ਡਿਗਰੀ ਤੱਕ ਗਰਮੀ ਦਾ ਕਹਿਰ ਝੱਲਣਾ ਪੈ ਸਕਦਾ ਹੈ। ਪੰਜਾਬ ਖੇਤੀਬਾੜੀ ’ਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ. ਰਾਜ ਕੁਮਾਰ ਪਾਲ ਨੇ ਦੱਸਿਆ ਕਿ ਸੂਬੇ ਵਿੱਚ ਬੁੱਧਵਾਰ ਤੋਂ ਲਗਭਗ 45 ਡਿਗਰੀ ਤੱਕ ਪਾਰਾ ਜਾਣ ਦੀਆਂ ਰਿਪੋਰਟਾਂ ਹਨ।
ਮਾਨਸਾ ਦੇ ਡੀਸੀ ਜਸਪ੍ਰੀਤ ਸਿੰਘ ਨੇ ਲੋਕਾਂ ਨੂੰ ਹਲਕੇ-ਫੁਲਕੇ ਕੱਪੜੇ ਪਾਉਣ ਅਤੇ ਭਾਰੀ ਖਾਣਾ ਖਾਣ ਤੋਂ ਬਚਣ ਲਈ ਕਿਹਾ ਗਿਆ ਹੈ। ਉਧਰ, ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2022 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਸਬੰਧਿਤ ਵਿਭਾਗਾਂ ਨੂੰ ਹਦਾਇਤ ਜਾਰੀ ਕੀਤੀ ਗਈ ਕਿ ਉਹ ਤੁਰੰਤ ਹੀਟ ਵੇਵ ਐਕਸ਼ਨ ਪਲਾਨ ਤਿਆਰ ਕਰਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਦਾ ਖਿਆਲ ਰੱਖਦੇ ਹੋਏ ਸਿਹਤ ਸਾਵਧਾਨੀਆਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਦੁਪਹਿਰ 12 ਤੋਂ ਬਾਅਦ ਦੁਪਹਿਰ 3 ਵਜੇ ਤੱਕ ਘਰ ਤੋਂ ਬਾਹਰ ਨਿੱਕਲਣ ਤੋਂ ਗੁਰੇਜ਼ ਕੀਤਾ ਜਾਵੇ। ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾ ਤਾਪਮਾਨ ਵਿਚ ਸਖ਼ਤ ਮਿਹਨਤ ਵਾਲੇ ਕੰਮ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜਦੋਂਕਿ ਸਫ਼ਰ ਸਮੇਂ ਪਾਣੀ ਨਾਲ ਲੈ ਕੇ ਜਾਣਾ ਚਾਹੀਦਾ ਹੈ।