ਗੁਰਦੁਆਰਾ ਟੁੱਟੀ ਗੰਢੀ ਦੀ ਵਿਰਾਸਤੀ ਦਿੱਖ ਛੇਤੀ ਹੋਵੇਗੀ ਬਹਾਲ: ਬਾਲੀ
ਚਾਲੀ ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਚਾਰ ਚੁਫੇਰੇ ਪੁਰਾਤਨ ਦਿਖ ਬਹਾਲ ਕਰਨ ਲਈ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸੂਬਾ ਸਰਕਾਰ ਨੂੰ ਕੀਤੀ ਬੇਨਤੀ ਤੇ ਪੰਜਾਬ ਸਰਕਾਰ ਦੇ ਸੈਰ-ਸਪਾਟਾ ਤੇ ਸੱਭਿਆਚਾਰ ਸਲਾਹਕਾਰ ਦੀਪਕ ਬਾਲੀ ਇੱਥੇ ਪੁੱਜੇ। ਇਸ ਦੌਰਾਨ ਉਹ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਹੋਰ ਆਗੂਆਂ ਦੇ ਨਾਲ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿੱਚ ਨਤਮਸਤਕ ਹੋਏ ਅਤੇ ਦਰਬਾਰ ਸਾਹਿਬ ਦੇ ਚਾਰ-ਚੁਫੇਰੇ ਸ਼ੁਰੂ ਕੀਤੇ ਜਾਣ ਵਾਲੇ ਪ੍ਰਾਜੈਕਟ ਸਬੰਧੀ ਜਾਇਜ਼ਾ ਲਿਆ। ਇਸ ਮੌਕੇ ਦੀਪਕ ਬਾਲੀ ਕਿਹਾ ਕਿ ਹਰਿਮੰਦਰ ਸਾਹਿਬ ਦੀ ਤਰਜ ’ਤੇ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਚਾਰ-ਚੁਫੇਰੇ ਵੀ ਵਿਰਾਸਤੀ ਦਿੱਖ ਬਹਾਲ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਗੁਰਦੁਆਰੇ ਦੇ ਸਾਰੇ ਗੇਟਾਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਮਹੱਤਵਪੂਰਨ ਕਾਰਜ ਸਬੰਧੀ ਮੀਟਿੰਗ ਵੀ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼, ਸੈਰ-ਸਪਾਟਾ ਤੇ ਸੱਭਿਆਚਾਰ ਵਿਭਾਗ ਤੋਂ ਭੁਪਿੰਦਰ ਸਿੰਘ ਚਾਨਾ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਐਸ.ਡੀ.ਓ ਹਰਮੀਤ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।