ਬਲਾਕ ਭਗਤਾ ਭਾਈ ਨੂੰ ਖ਼ਤਮ ਕਰ ਕੇ ਫੂਲ ਨਾਲ ਜੋੜਨ ਦਾ ਮਾਮਲਾ ਭਖ਼ਿਆ
ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅਧੀਨ ਪੈਂਦੇ ਬਲਾਕ ਭਗਤਾ ਭਾਈ ਨੂੰ ਖ਼ਤਮ ਕਰਕੇ ਬਲਾਕ ਫੂਲ ਨਾਲ ਜੋੜਨ ਦਾ ਮਾਮਲਾ ਪੂਰੀ ਤਰ੍ਹਾਂ ਭਖ਼ ਗਿਆ ਹੈ। ਵਿਰੋਧੀ ਪਾਰਟੀਆਂ ਤੇ ਇਲਾਕੇ ਦੇ ਆਮ ਲੋਕਾਂ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਤਿੱਖਾ ਵਿਰੋਧ ਕਰਦਿਆਂ ਇਸ ਨੂੰ ਇਲਾਕੇ ਦੇ ਪਿੰਡਾਂ ਨਾਲ ਵੱਡੀ ਧੱਕੇਸ਼ਾਹੀ ਕਰਾਰ ਦਿੱਤਾ ਹੈ। ਪੰਜਾਬ ਸਰਕਾਰ ਨੇ ਬਲਾਕਾਂ ਦੇ ਪੁਨਗਠਨ ਦੌਰਾਨ ਜ਼ਿਲ੍ਹਾ ਬਠਿੰਡਾ 'ਚ ਬਲਾਕਾਂ ਦੀ ਗਿਣਤੀ 9 ਤੋਂ ਘਟਾ ਕੇ 8 ਕਰ ਦਿੱਤੀ ਹੈ ਤੇ ਬਲਾਕ ਭਗਤਾ ਨੂੰ ਫੂਲ ਬਲਾਕ 'ਚ ਰਲਾ ਦਿੱਤਾ ਹੈ। ਜ਼ਿਕਰਯੋਗ ਹੈ ਕਿ 29 ਪਿੰਡਾਂ 'ਤੇ ਆਧਾਰਿਤ ਇਸ ਬਲਾਕ ਨੂੰ ਸੰਨ 1999 ਵਿੱਚ ਅਕਾਲੀ ਸਰਕਾਰ ਸਮੇਂ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਵਿਸ਼ੇਸ਼ ਯਤਨਾਂ ਸਦਕਾ ਬਣਾਇਆ ਗਿਆ ਸੀ। ਸਿਕੰਦਰ ਸਿੰਘ ਮਲੂਕਾ ਨੇ ਇਸ ਫ਼ੈਸਲੇ ਦਾ ਵਿਰੋਧ ਕਰਦਿਆਂ ਇਸ ਨੂੰ ਲੋਕ ਵਿਰੋਧੀ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਇੱਕ ਵੀ ਲੋਕ ਪੱਖੀ ਫ਼ੈਸਲਾ ਨਹੀਂ ਲਿਆ ਸਗੋਂ ਪਹਿਲੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਵੀ ਵਾਪਸ ਲਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਕਾਰ ਦੇ ਇਸ ਤੁਗਲਕੀ ਫ਼ਰਮਾਨ ਨੂੰ ਲਾਗੂ ਨਹੀਂ ਹੋਣ ਦੇਵੇਗਾ। ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਜੱਸ ਬੱਜੋਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਬਲਾਕ ਨੂੰ ਫੂਲ ਬਲਾਕ 'ਚ ਰਲਾ ਕੇ ਹਲਕੇ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਫ਼ੈਸਲਾ ਵਾਪਸ ਨਾ ਲਿਆ ਤਾਂ ਕਾਂਗਰਸ ਪਾਰਟੀ ਇਲਾਕੇ ਦੀਆਂ ਪੰਚਾਇਤਾਂ ਤੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਵਿੱਢੇਗੀ।