ਟ੍ਰਿਬਿਊਨ ਨਿਊਜ਼ ਸਰਵਿਸ
ਕੋਟਕਪੂਰਾ, 14 ਜੂਨ
ਕੋਟਕਪੂਰਾ ਦੇ ਕੰਟੇਨਮੈਂਟ ਜ਼ੋਨ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀ ਸਪਲਾਈ ਨਾ ਹੋਣ ਕਾਰਨ ਸਥਾਨਕ ਸੁਰਗਾਪੁਰੀ ਵਿੱਚ ਲੋਕਾਂ ਨੇ ਅੱਜ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਹਾਲਾਂਕਿ ਪ੍ਰਸ਼ਾਸਨ ਅਧਿਕਾਰੀਆਂ ਨੇ ਲੋਕਾਂ ਨੂੰ ਭਰੋਸਾ ਦੇ ਕੇ ਮਾਹੌਲ ਨੂੰ ਸ਼ਾਂਤ ਕੀਤਾ।
ਮਹੇਸ਼ ਕੁਮਾਰ, ਜੋਨੀ ਮਲਿਕ ਦੀ ਅਗਵਾਈ ਹੇਠ ਲੋਕਾਂ ਨੇ ਦੋਸ਼ ਲਾਇਆ ਕਿ ਕੰਟੇਨਮੈਂਟ ਜ਼ੋਨ ਵਿੱਚ ਖਾਣ-ਪੀਣ ਦੀ ਵਸਤਾਂ ਦੀ ਸਪਲਾਈ ਨਹੀਂ ਹੋ ਰਹੀ। ਪਰਦਸ਼ਨਕਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਇਸ ਖੇਤਰ ਵਿੱਚ ਜ਼ਿਆਦਾਤਰ ਲੋਕ ਰੋਜ਼ਾਨਾ ਕਮਾ ਕੇ ਖਾਂਦੇ ਹਨ। ਇਸ ਲਈ ਇਨ੍ਹਾਂ ਨੂੰ ਵੱਡੀ ਸਮੱਸਿਆ ਹੈ। ਇਸ ਖੇਤਰ ਅੰਦਰ ਪੁਲੀਸ ਨਾਕਿਆਂ ’ਤੇ ਸਿਹਤ ਵਿਭਾਗ ਵੱਲੋਂ ਸੈਨੇਟਾਈਜ਼ੇਸ਼ਨ ਦੇ ਪ੍ਰਬੰਧ ਨਹੀਂ ਕੀਤੇ ਗਏ। ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਆਉਣ-ਜਾਣ ਦੀ ਆਗਿਆ ਦਿੱਤੀ ਗਈ।
ਲੋਕਾਂ ਦੇ ਵਿਰੋਧ ਨੂੰ ਵੇਖਦਿਆਂ ਉਪ ਮੰਡਲ ਮੈਜਿਸਟਰੇਟ ਮੇਜਰ ਅਮਿਤ ਸਰੀਨ, ਡੀਐੱਸਪੀ ਬਲਕਾਰ ਸਿੰਘ, ਤਹਿਸੀਲਦਾਰ ਰਜਿੰਦਰ ਸਿੰਘ ਸਰਾਂ ਅਤੇ ਡਾ. ਪੰਕਜ ਬਾਂਸਲ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਭਰੋਸਾ ਦਿਵਾਇਆ ਕਿ ਵਸਨੀਕਾਂ ਨੂੰ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਜੇ ਕਿਸੇ ਵਿਅਕਤੀ ਨੂੰ ਕੋਈ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ ਉਹਨਾਂ ਦੇ ਦਫ਼ਤਰ ਦੇ ਹੈੱਲਪਲਾਈਨ ਨੰਬਰ ’ਤੇ ਫੋਨ ਕਰਕੇ ਸੂਚਿਤ ਕਰ ਸਕਦਾ ਹੈ। ਲੋਕਾਂ ਦੀ ਮੰਗ ਤੇ ਪ੍ਰਸ਼ਾਸ਼ਨ ਨੇ ਇਸ ਏਰੀਏ ਵਿਚ ਕਰੋਨਾ ਦੀ ਸੈਪਲਿੰਗ ਸ਼ੁਰੂ ਕਰਵਾ ਦਿੱਤੀ ਹੈ। ਮੈਡੀਕਲ ਟੀਮਾਂ ਵੱਲੋਂ ਵਪਾਰੀਆਂ, ਸਰਕਾਰੀ ਮੁਲਾਜ਼ਮਾਂ ਤੇ ਪਰਿਵਾਰਾਂ ਦੇ ਮਰਦ ਮੈਂਬਰਾਂ ਦੇ ਸੈਂਪਲ ਪਹਿਲ ਦੇ ਆਧਾਰ ’ਤੇ ਲਏ ਜਾਣਗੇ ਤੇ ਉਨ੍ਹਾਂ ਦੀ ਰਿਪੋਰਟਾਂ ਛੇਤੀ ਦਿੱਤੀਆਂ ਜਾਣਗੀਆਂ।
ਇਸ ਦੌਰਾਨ ਐੱਸਡੀਐੱਮ ਸ੍ਰੀ ਸਰੀਨ ਨੇ ਕਿਹਾ ਕਿ ਸ਼ਹਿਰ ਵਿੱਚ ਮਾਹੌਲ ਖ਼ਰਾਬ ਕਰਨ ਵਾਲਿਆਂ ਨਾਲ ਪ੍ਰਸ਼ਾਸ਼ਨ ਸਖ਼ਤੀ ਨਾਲ ਨਜਿੱਠੇਗਾ। ਕੰਟੇਨਮੈਂਟ ਜ਼ੋਨ ਵਿਚ ਪ੍ਰਸ਼ਾਸ਼ਨ ਦੇ ਕੰਮਕਾਜ ‘ਚ ਵਿਘਨ ਪਾਉਣ ਵਾਲਿਆਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਜਾਣਗੇ।