ਮਹਿੰਦਰ ਸਿੰਘ ਰੱਤੀਆਂ
ਮੋਗਾ, 20 ਸਤੰਬਰ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਿੰਡ ਡਾਲਾ ਵਿੱਚ ਮਰਹੂਮ ਕਾਂਗਰਸ ਆਗੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟਾਈ ਹੈ।
ਇਸ ਮੌਕੇ ਰਾਜਾ ਵੜਿੰਗ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਹਰ ਰੋਜ਼ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਕਤਲ ਹੋ ਰਹੇ ਹਨ ਅਤੇ ‘ਆਪ’ ਸਰਕਾਰ ਘੂਕ ਸੁੱਤੀ ਪਈ ਹੈ। ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਆਗੂ ਬਲਜਿੰਦਰ ਸਿੰਘ ਬੱਲੀ ਦੀ ਹੱਤਿਆ ਨਾਲ ਪਰਿਵਾਰ ਨੂੰ ਹੀ ਨਹੀਂ ਸਗੋਂ ਪੂਰੀ ਕਾਂਗਰਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸਮੁੱਖੀ ਕਾਂਗਰਸ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹੈ ਅਤੇ ਪਰਿਵਾਰ ਨੂੰ ਇਨਸਾਫ਼ ਦਵਾਇਆ ਜਾਵੇਗਾ। ਉਨ੍ਹਾਂ ਇਸ ਮਾਮਲੇ ਵਿੱਚ ਜਲਦੀ ਨਿਆਂ ਦੀ ਮੰਗ ਕਰਦਿਆਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਤੋਂ ਕਾਂਗਰਸ ਆਗੂ ਦੀ ਹੱਤਿਆ ਸਬੰਧੀ ਵੇਰਵਿਆਂ ਦਾ ਖੁਲਾਸਾ ਕਰਨ ਦੀ ਮੰਗ ਕਰਦੇ ਕਿਹਾ ਕਿ ਕਾਂਗਰਸ ਆਗੂ ਦਾ ਸਸਕਾਰ ਕਦੋਂ ਕਰਨਾ ਪਰਿਵਾਰ ਵੱਲੋਂ ਫ਼ੈਸਲਾ ਲਿਆ ਜਾਣਾ ਹੈ ਅਤੇ ਕਾਂਗਰਸ ਪਰਿਵਾਰ ਨਾਲ ਹੈ। ਉਨ੍ਹਾਂ ਪਰਿਵਾਰ ਦੀ ਸੁਰੱਖਿਆ ਦੀ ਵੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੈਪਟਨ ਸੰਦੀਪ ਸੰਧੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦਰਸ਼ਨ ਕੌਰ, ਹਰੀ ਸਿੰਘ ਖਾਈ ਤੇ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ।
ਹੱਤਿਆ ਦੇ ਦੋਸ਼ ਹੇਠ ਚਾਰ ਗ੍ਰਿਫ਼ਤਾਰ
ਥਾਣਾ ਮਹਿਣਾ ਮੁਖੀ ਰਾਜਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਆਗੂ ਬਲਜਿੰਦਰ ਸਿੰਘ ਬੱਲੀ ਪਿੰਡ ਡਾਲਾ ਦੀ ਹੱਤਿਆ ਦੋਸ਼ ਹੇਠ ਚਾਰ ਮੁਲਜ਼ਮਾਂ ਸੁਖਵੀਰ ਸਿੰਘ ਉਰਫ਼ ਸੀਰਾ, ਹਰਦੀਪ ਸਿੰਘ ਉਰਫ਼ ਦੀਪੂ ਤੇ ਜਗਜੀਤ ਸਿੰਘ ਉਰਫ਼ ਜੱਗਾ ਸਾਰੇ ਪਿੰਡ ਡਾਲਾ ਅਤੇ ਪਿੰਡ ਡਾਲਾ ਵਿੱਚ ਪੰਚਾਇਤੀ ਜਿਮ ਦੇ ਕੋਚ ਗੁਰਚਰਨ ਸਿੰਘ ਸਿੱਧੂ ਪਿੰਡ ਤਖਾਣਵੱਧ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਲਈ 26 ਸਤੰਬਰ ਤੱਕ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ ਚੱਲ ਰਹੀ ਹੈ ਅਤੇ ਘਰ ਅੰਦਰ ਦਾਖਲ ਹੋਕੇ ਹੱਤਿਆ ਕਰਨ ਵਾਲੇ ਮੁਲਜ਼ਮਾਂ ਦੀ ਭਾਲ ਲਈ ਸੀਸੀਟੀਵੀ ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ।