
ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਗੇਟ ਅੱਗੇ ਧਰਨਾ ਦਿੰਦੇ ਹੋਏ ਠੇਕਾ ਮੁਲਾਜ਼ਮ।
ਪਵਨ ਗੋਇਲ
ਭੁੱਚੋ ਮੰਡੀ, 6 ਦਸੰਬਰ
ਜੀਐੱਚਟੀਪੀ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਅੱਜ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਥਰਮਲ ਦਾ ਮੁੱਖ ਗੇਟ ਬੰਦ ਕਰ ਕੇ ਧਰਨਾ ਦਿੱਤਾ ਗਿਆ। ਉਨ੍ਹਾਂ 15 ਤੇ 16 ਨਵੰਬਰ ਦੇ ਰੋਸ ਧਰਨੇ ਵਾਲੇ ਦਿਨਾਂ ਦੀ ਹਾਜ਼ਰੀ ਲਗਾਉਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਕਰਦਿਆਂ ਥਰਮਲ ਦੇ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਪ੍ਰਧਾਨ ਜਗਰੂਪ ਸਿੰਘ, ਜਰਨਲ ਸਕੱਤਰ ਜਗਸੀਰ ਸਿੰਘ ਭੰਗੂ, ਸੀਨੀਅਰ ਮੀਤ ਪ੍ਰਧਾਨ ਬਾਦਲ ਸਿੰਘ ਭੁੱਲਰ ਅਤੇ ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਥਰਮਲ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਪਾਵਰਕੌਮ ਵੱਲੋਂ ਬਾਹਰੋਂ ਸਿੱਧੀ ਭਰਤੀ ਕਰਨ ਤੋਂ ਪਹਿਲਾਂ ਥਰਮਲ ਦੇ ਠੇਕਾ ਮੁਲਾਜ਼ਮਾਂ ਨੂੰ ਪਾਵਰਕੌਮ ਵਿੱਚ ਪੱਕੇ ਤੌਰ ’ਤੇ ਭਰਤੀ ਕਰਨ ਅਤੇ ਹੋਰ ਹੱਕੀ ਮੰਗਾਂ ਦੀ ਪੂਰਤੀ ਲਈ 15-16 ਨਵੰਬਰ ਨੂੰ ਥਰਮਲ ਦੇ ਮੁੱਖ ਗੇਟ ਵਿਖੇ ਦੋ ਰੋਜ਼ਾ ਰੋਸ ਧਰਨਾ ਦਿੱਤਾ ਸੀ। ਇਸ ਦੌਰਾਨ ਥਰਮਲ ਮੈਨੇਜਮੈਂਟ ਵੱਲੋਂ ਆਗੂਆਂ ਨਾਲ ਹੋਈਆਂ ਮੀਟਿੰਗਾਂ ਵਿੱਚ ਸਮੂਹ ਮੰਗਾਂ ’ਤੇ ਸਹਿਮਤੀ ਜਤਾਉਣ ਦੇ ਨਾਲ ਥਰਮਲ ਦੇ ਠੇਕਾ ਮੁਲਾਜ਼ਮਾਂ ਵੱਲੋਂ ਲਈ ਗਈ 15 ਤੇ 16 ਨਵੰਬਰ ਦੀ ਸਮੂਹਿਕ ਛੁੱਟੀ ਨੂੰ ਹਾਜ਼ਰੀ ਵਿੱਚ ਤਬਦੀਲ ਕਰਨ ਦਾ ਵਾਅਦਾ ਵੀ ਕੀਤਾ ਸੀ, ਪਰ ਅੱਜ ਥਰਮਲ ਮੈਨੇਜਮੈਂਟ ਇਸ ਵਾਅਦੇ ਤੋਂ ਭੱਜ ਰਹੀ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦੇ ਕੀਤੇ ਵਾਅਦੇ ਅਤੇ ਮੀਟਿੰਗਾਂ ਤੋਂ ਭੱਜ ਰਹੇ ਹਨ।
ਇਸ ਮੌਕੇ ਭਾਕਿਯੂ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ, ਬਸੰਤ ਸਿੰਘ ਕੋਠਾ ਗੁਰੂ ਅਤੇ ਕਰਮਜੀਤ ਕੌਰ, ਪੀਐੱਸਪੀਸੀਐੱਲ ਅਤੇ ਪੀਐੱਸਟੀਸੀਐੱਲ ਕੰਟਰੈਕਚੁਅਲ ਵਰਕਰਜ਼ ਯੂਨੀਅਨ (ਪੰਜਾਬ) ਦੇ ਸੂਬਾ ਆਗੂ ਗੁਰਵਿੰਦਰ ਸਿੰਘ ਪੰਨੂੰ, ਟੀਐੱਸਯੂ (ਭੰਗਲ) ਦੇ ਸਤਿੰਦਰ ਸਿੰਘ ਸੋਨੀ ਅਤੇ ਹੋਰਨਾਂ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਪਾਵਰਕੌਮ ਵਿੱਚ ਬਾਹਰੋਂ ਸਿੱਧੀ ਭਰਤੀ ਕਰਨ ਤੋਂ ਪਹਿਲਾਂ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ਤੇ ਪੱਕਾ ਕੀਤਾ ਜਾਵੇ, ਲੇਬਰ ਐਕਟ 1948 ਦੇ ਫਾਰਮੂਲੇ ਮੁਤਾਬਕ ਇੱਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ, ਡਿਊਟੀ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਠੇਕਾ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਨੌਕਰੀ ਦਿੱਤੀ ਜਾਵੇ, ਵਧੇ ਹੋਏ ਘੱਟੋ ਘੱਟ ਉਜ਼ਰਤਾਂ ਦਾ ਬਕਾਇਆ ਦਿੱਤਾ ਜਾਵੇ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ