
ਪਿੰਡ ਕੁਲਾਣਾ ਵਿੱਚ ਮੀਂਹ ਤੇ ਗੜਿਆਂ ਕਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲੈਂਦੇ ਵਿਧਾਇਕ ਬੁੱਧਰਾਮ।
ਜੋਗਿੰਦਰ ਸਿੰਘ ਮਾਨ
ਮਾਨਸਾ, 27 ਮਾਰਚ
ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੜੇਮਾਰੀ ਦੇ ਮੁਆਵਜ਼ੇ ਲਈ 25 ਫ਼ੀਸਦੀ ਦਾ ਵਾਧਾ ਕਰਦਿਆਂ ਤੁਰੰਤ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਨ੍ਹਾਂ ਤਹਿਤ ਮਾਲ ਮਹਿਕਮੇ ਦੇ ਅਧਿਕਾਰੀ ਕਿਸਾਨਾਂ ਨੂੰ ਪਹਿਲਾਂ ਜਾਣਕਾਰੀ ਦਿੰਦਿਆਂ ਖੇਤਾਂ ਵਿੱਚ ਜਾ ਕੇ ਨੁਕਸਾਨੀ ਹੋਈ ਫ਼ਸਲ ਦਾ ਵੇਰਵਾ ਇਕੱਤਰ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਫ਼ਸਲਾਂ ਦਾ ਮੁਆਵਜ਼ਾ ਦੇਣ ਲਈ ਪੈਸੇ ਦੀ ਕੋਈ ਘਾਟ ਨਹੀਂ ਹੈ, ਮੁੱਖ ਮੰਤਰੀ ਨੇ ਇਸ ਸਬੰਧੀ ਬਕਾਇਦਾ ਪੈਸਾ ਹੋਣ ਦੀ ਹਾਮੀ ਭਰਦਿਆਂ ਹਫ਼ਤੇ ਦੇ ਅੰਦਰ-ਅੰਦਰ ਪੀੜਤ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਪਾਉਣ ਦਾ ਭਰੋਸਾ ਦਿੱਤਾ ਹੈ। ਡਾ. ਸਿੰਗਲਾ ਅੱਜ ਵੱਖ-ਵੱਖ ਇਲਾਕਿਆਂ ਵਿੱਚ ਕਿਸਾਨਾਂ ਨੂੰ ਮਿਲ ਕੇ ਆਏ ਹਨ।
ਉਧਰ, ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਮੀਂਹ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨੇ, ਜੋ ਹਾੜ੍ਹੀ ਦੀਆਂ ਪੱਕੀਆਂ ਫ਼ਸਲਾਂ ਅਤੇ ਸਬਜ਼ੀਆਂ ਦਾ ਨੁਕਸਾਨ ਹੋਇਆ ਹੈ, ਇਸ ਸਬੰਧੀ ਜਲਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਵੱਲੋਂ ਪਿੰਡ ਕੁਲਾਣਾ, ਡੋਡ ਫੁੱਲੂਵਾਲਾ, ਦਰੀਆਪੁਰ ਕਲਾਂ, ਰਾਮਗੜ੍ਹ ਦਰੀਆਪੁਰ, ਅਚਾਨਕ ਆਦਿ ਪਿੰਡਾਂ ’ਚ ਹੋਏ ਨੁਕਸਾਨ ਦਾ ਜਾਇਜ਼ਾ ਲਿਆ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਮੁਤਾਬਕ ਵਿਸ਼ੇਸ਼ ਗਿਰਦਾਵਰੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ ਅਤੇ ਪਟਵਾਰੀਆਂ ਨੂੰ ਇਸ ਸਬੰਧੀ ਵਿਸ਼ੇਸ਼ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਜਲਦੀ ਤੋਂ ਜਲਦੀ ਹੋਏ ਅਸਲ ਨੁਕਸਾਨ ਸਬੰਧੀ ਰਿਪੋਰਟ ਭੇਜਣ। ਇਸ ਮੌਕੇ ਨਾਇਬ ਤਹਿਸੀਲਦਾਰ ਬਲਕਾਰ ਸਿੰਘ, ਪਟਵਾਰੀ ਲਵਜਿੰਦਰ ਸਿੰਘ, ਆਮ ਆਦਮੀ ਪਾਰਟੀ ਕੁਲਾਣਾ ਦੇ ਪ੍ਰਧਾਨ ਬਲਵਿੰਦਰ ਸਿੰਘ, ਬੂਟਾ ਸਿੰਘ, ਪੰਜਾਬ ਸਿੰਘ, ਗੁਰਵਿੰਦਰ ਸਿੰਘ, ਜਗਤਾਰ ਸਿੰਘ ਦਰੀਆਪੁਰ ਕਲਾਂ, ਜਗਸੀਰ ਸਿੰਘ ਸੀਰਾ, ਗੁਰਦੀਪ ਸਿੰਘ, ਜਗਸੀਰ ਸਿੰਘ, ਚਰਨਜੀਤ ਸਿੰਘ ਵੀ ਮੌਜੂਦ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ