ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 14 ਮਈ
ਪਿੰਡ ਬੁਰਜ ਥਰੋੜ ਵਿੱਚ ਵੋਟਰਾਂ ਦਾ ਧੰਨਵਾਦ ਕਰਨ ਲਈ ਪੁੱਜੇ ‘ਆਪ’ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕੇਵਲ ਪੰਜਾਬ ਨੂੰ ਹੀ ਨਹੀਂ ਲੁੱਟਿਆ, ਸਗੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦਾ ਜਾਲ ਵਿਛਾ ਕੇ ਇਸ ਨੂੰ ਹਰ ਪੱਖੋਂ ਕੰਗਾਲ ਕਰਕੇ ਰੱਖ ਦਿੱਤਾ। ਇਸ ਲਈ ਭ੍ਰਿਸ਼ਟਾਚਾਰ ਤੇ ਨਸ਼ੇ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਸੂਬੇ ਦੀ ‘ਆਪ’ ਸਰਕਾਰ ਨੂੰ ਸਹਿਯੋਗ ਦਿਓ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ’ਚੋਂ ਭ੍ਰਿਸ਼ਟਾਚਾਰ ਤੇ ਸੂਬੇ ’ਚ ਵਗਦੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ ਲੋਕਾਂ ਦੇ ਸਹਿਯੋਗ ਨਾਲ ਹੀ ਪਵੇਗੀ। ਇਸ ਮੌਕੇ ਸੀਨੀਅਰ ਆਗੂ ਨਛੱਤਰ ਸਿੰਘ ਸਿੱਧੂ, ਕੁਲਵਿੰਦਰ ਸਿੰਘ, ਸਰੂਪ ਸਿੰਘ, ਇਕਬਾਲ ਸਿੰਘ, ਬਲਬਹਾਦਰ ਸਿੰਘ, ਕੁਲਦੀਪ ਸਿੰਘ ਤੇ ਮਨਦੀਪ ਸਿੰਘ ਹਾਜ਼ਰ ਸਨ।
ਭਾਈਰੂਪਾ (ਪੱਤਰ ਪ੍ਰੇਰਕ): ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਰਾਮਪੁਰਾ ਫੂਲ ਦੇ ਪਿੰਡ ਬੁਰਜ ਗਿੱਲ ਵਿੱਚ ਧੰਨਵਾਦ ਸਮਾਗਮ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰੀ ਦਫ਼ਤਰਾਂ ’ਚੋਂ ਭ੍ਰਿਸ਼ਟਾਚਾਰ ਤੇ ਸੂਬੇ ’ਚੋਂ ਨਸ਼ਾ ਖਤਮ ਕਰਨ ਲਈ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ।