ਪੱਤਰ ਪ੍ਰੇਰਕ
ਭਗਤਾ ਭਾਈ, 5 ਅਕਤੂਬਰ
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਅੱਜ ਪਿੰਡ ਜਲਾਲ ਦੀ ਅਨਾਜ ਮੰਡੀ ਵਿੱਚ ਪਹੁੰਚ ਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੱਜਲ-ਖੁਆਰੀ ਤੋਂ ਬਚਣ ਲਈ ਤਹਿ ਸ਼ੁਦਾ ਨਮੀ ਅਨੁਸਾਰ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਂਦਾ ਜਾਵੇ। ਉਨ੍ਹਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ।
ਸਰਦੂਲਗੜ੍ਹ (ਪੱਤਰ ਪ੍ਰੇਰਕ): ਅਨਾਜ ਮੰਡੀ ਸਰਦੂਲਗੜ੍ਹ ਵਿੱਚ ਅੱਜ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਐੱਸਡੀਐੱਮ ਪੂਨਮ ਸਿੰਘ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਮੰਡੀ ਵਿੱਚ ਅੱਜ ਮਾਲਵਾ ਕਮਿਸ਼ਨ ਏਜੰਟ ਤੇ ਕਿਸਾਨ ਗਗਨਦੀਪ ਕੁਮਾਰ ਪੁੱਤਰ ਰਾਜਕੁਮਾਰ ਸਰਦੂਲੇਵਾਲਾ 30 ਕੁਇੰਟਲ ਝੋਨਾ ਲੈ ਕੇ ਆਇਆ, ਜਿਸ ਦੀ ਖਰੀਦ ਸਰਕਾਰੀ ਏਜੰਸੀ ਮਾਰਕਫੈੱਡ ਨੇ 2060 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ। ਖਰੀਦ ਦਾ ਰਸਮੀ ਉਦਘਾਟਨ ਕਰਦਿਆਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਮਾਰਕੀਟ ਕਮੇਟੀ ਸਕੱਤਰ ਜਗਤਾਰ ਸਿੰਘ ਫੱਗੂ ਨੇ ਕਿਹਾ ਕਿ ਅੱਜ ਸਰਕਾਰੀ ਖਰੀਦ ਏਜੰਸੀਆਂ ਮਾਰਕਫੈੱਡ ਅਤੇ ਪਨਗ੍ਰੇਨ ਵੱਲੋਂ 40 ਟਨ ਝੋਨੇ ਦੀ ਖਰੀਦ ਕੀਤੀ ਗਈ।
ਵਿਧਾਇਕ ਦਹੀਆ ਨੇ ਕਿਸਾਨ ਦੇ ਗਲ ’ਚ ਹਾਰ ਪਾ ਕੇ ਖਰੀਦ ਸ਼ੁਰੂ ਕਰਵਾਈ
ਤਲਵੰਡੀ ਭਾਈ (ਪੱਤਰ ਪ੍ਰੇਰਕ): ਤਲਵੰਡੀ ਭਾਈ ਦੀ ਦਾਣਾ ਮੰਡੀ ਵਿੱਚ ਅੰਜ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਨੇ ਇਕ ਕਿਸਾਨ ਦੇ ਗਲੇ ਵਿੱਚ ਹਾਰ ਪਾ ਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ| ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਵੱਲੋ ਲੱਡੂ ਵੰਡ ਕੇ ਕਿਸਾਨਾਂ ਦਾ ਮੂੰਹ ਵੀ ਮਿੱਠਾ ਕਰਵਾਇਆ ਗਿਆ। ਉਨ੍ਹਾਂ ਵੱਲੋ ਝੋਨੇ ਦੀ ਫਸਲ ਦੀ ਨਮੀ ਚੈੱਕ ਕੀਤੀ ਗਈ ਅਤੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਫਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀ ’ਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ| ਵਿਧਾਇਕ ਰਜਨੀਸ਼ ਦਹੀਆ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਨਾਲੋ-ਨਾਲ ਕੀਤੀ ਜਾਵੇਗੀ|