ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ, 22 ਫਰਵਰੀ
ਜ਼ਮੀਨੀ ਘੋਲ ਦੇ ਸ਼ਹੀਦ ਸਾਧੂ ਸਿੰਘ ਤਖਤੂਪੁਰਾ ਦੀ 12ਵੀਂ ਬਰਸੀ ਪਿੰਡ ਤਖਤੂਪੁਰਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਮਨਾਈ ਗਈ। ਇਸ ਮੌਕੇ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਤਖਤੂਪੁਰਾ ਨੂੰ ਸੂਹਾ ਸਲਾਮ ਭੇਟ ਕੀਤਾ।
ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਬੀਕੇਯੂ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 2010 ਵਿੱਚ ਰਾਵੀ ਦੇ ਕੰਢੇ ਜ਼ਿਲ੍ਹਾ ਅੰਮ੍ਰਿਤਸਰ ਦੀ ਅਜਨਾਲਾ ਤਹਿਸੀਲ ਵਿੱਚ ਅਬਾਦਕਾਰ ਕਿਸਾਨਾਂ ਨੂੰ ਜ਼ਮੀਨੀ ਹੱਕ ਦਵਾਉਣ ਦੀ ਪੁਲੀਸ ਅਤੇ ਸਿਆਸੀ ਗੁੰਡਾ ਗੱਠਜੋੜ ਖ਼ਿਲਾਫ਼ ਲੜਦਿਆਂ ਸਾਧੂ ਸਿੰਘ ਤਖਤੂਪੁਰਾ ਸ਼ਹੀਦੀ ਜਾਮ ਪੀ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਲੜਾਈ ਨੂੰ ਸਿਰੇ ਲਾਉਣ ਲਈ ਜ਼ਮੀਨ ਦੀ ਕਾਣੀ ਵੰਡ ਦਾ ਖਾਤਮਾ ਕਰਕੇ ਜ਼ਮੀਨਾਂ ਦੀ ਬੇਜ਼ਮੀਨੇ ਮਜ਼ਦੂਰਾਂ-ਕਿਸਾਨਾਂ ਵਿੱਚ ਵੰਡ ਦੀ ਮੰਗ ਸਬੰਧੀ ਸੰਘਰਸ਼ ਤੇਜ਼ ਕਰਨ ਦੀ ਲੋੜ ਹੈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੱਕ ਮੁਲਕ ਦੀ ਕੇਂਦਰੀ ਹਕੂਮਤ ਵਿਸ਼ਵ ਵਪਾਰ ਸੰਸਥਾ, ਕੌਮਾਂਤਰੀ ਮੁਦਰਾ ਫੰਡ ਅਤੇ ਸੰਸਾਰ ਬੈਂਕ ਵਿੱਚੋਂ ਬਾਹਰ ਨਹੀਂ ਆਉਂਦੀ, ਖੇਤੀ ਖੇਤਰ ਵਿੱਚੋਂ ਦੇਸੀ- ਵਿਦੇਸ਼ੀ, ਸਾਮਰਾਜੀ ਮਲਟੀਨੈਸ਼ਨਲ ਕੰਪਨੀਆਂ ਨੂੰ ਦੇਸ਼ ਨਿਕਾਲਾ ਨਹੀਂ ਦਿੱਤਾ ਜਾਂਦਾ ਅਤੇ ਲੋਕ ਪੱਖੀ ਲੀਹਾਂ ’ਤੇ ਪੂੰਜੀਪਤੀ ਵਿਕਾਸ ਮਾਡਲ ਦੀ ਥਾਂ ਲੋਕਾਂ ਦਾ ਜ਼ਮੀਨੀ ਮਾਡਲ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਦੀ ਮੁਕਤੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਇਸ ਮੰਜ਼ਿਲ ਨੂੰ ਵੋਟਾਂ ਦੇ ਰਾਹ ਪੈ ਕੇ ਸਰ ਨਹੀਂ ਕੀਤਾ ਜਾ ਸਕਦਾ, ਸਗੋਂ ਬੁਨਿਆਦੀ ਮਸਲਿਆਂ ’ਤੇ ਜੰਗ ਤੇਜ਼ ਕਰਕੇ ਵਿਸ਼ਾਲ ਜਨਤਕ ਟਾਕਰੇ ਰਾਹੀਂ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਬੂਟਾ ਸਿੰਘ ਭਾਗੀਕੇ, ਕੁਲਦੀਪ ਕੌਰ ਕੁੱਸਾ ਨੇ ਸੰਬੋਧਨ ਕਰਦਿਆਂ ਸ਼ਹੀਦ ਸਾਧੂ ਸਿੰਘ ਦੇ ਅਧੂਰੇ ਕਾਰਜ ਪੂਰੇ ਕਰਨ ਲਈ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਲਈ ਕਿਹਾ। ਇਸ ਮੌਕੇ ਗੁਰਦੇਵ ਸਿੰਘ ਕਿਸ਼ਨਪੁਰਾ, ਗੁਰਚਰਨ ਸਿੰਘ ਰਾਮਾਂ, ਚਮਕੌਰ ਸਿੰਘ ਨੈਣੈਵਾਲ, ਰੂਪ ਸਿੰਘ ਛੰਨਾਂ, ਨੌਜਵਾਨ ਭਾਰਤ ਸਭਾ ਦੇ ਆਗੂ ਕਰਮ ਰਾਮਾਂ, ਗੁਰਮੁਖ ਹਿੰਮਤਪੁਰਾ, ਮਜ਼ਦੂਰ ਆਗੂ ਦਰਸ਼ਨ ਹਿੰਮਤਪੁਰਾ, ਬਲਵੰਤ ਬਾਘਾਪੁਰਾਣਾ, ਡੀਟੀਐੱਫ ਆਗੂ ਅਮਨਦੀਪ ਮਾਛੀਕੇ ਅਤੇ ਕਿਸਾਨ ਆਗੂ ਮੋਠੂ ਸਿੰਘ ਕੋਟੜਾ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਡਾ. ਸਾਹਿਬ ਸਿੰਘ ਦਾ ਨਾਟਕ ‘ਸੰਮਾਂ ਵਾਲੀ ਡਾਂਗ’ ਖੇਡਿਆ ਗਿਆ, ਜਿਸ ਨੂੰ ਦਰਸ਼ਕਾਂ ਨੇ ਨੀਝ ਲਾ ਕੇ ਦੇਖਿਆ।