ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ/ਮੋਗਾ,16 ਜੁਲਾਈ
ਕਿਰਤੀ ਕਿਸਾਨ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੋਗਾ-ਬਰਨਾਲਾ ਕੌਮੀ ਮਾਰਗ ਉੱਪਰ ਸਥਿਤ ਪਿੰਡ ਮਾਛੀਕੇ ਨੇੜੇ ਸੜਕ ਉਸਾਰੀ ਦਾ ਕੰਮ ਰੋਕਿਆ ਹੋਇਆ ਹੈ। ਉਨ੍ਹਾਂ ਇਥੇ ਪੱਕਾ ਮੋਰਚਾ ਲਾਇਆ ਹੋਇਆ ਹੈ ਜਿਸ ਨੂੰ 196 ਦਿਨ ਹੋ ਗਏ ਹਨ। ਇਥੇ ਅੱਜ ਮਾਹੌਲ ਉਦੋਂ ਤਣਾਅਪੂਰਨ ਹੋ ਗਿਆ ਜਦੋਂ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸੜਕ ਦਾ ਰੁਕਿਆ ਹੋਇਆ ਕੰਮ ਮੁੜ ਸ਼ੁਰੂ ਕਰਵਾਉਣ ਦੀ ਕੋਸ਼ਿਸ਼ ਕੀਤੀ। ਇਸ ਦਾ ਧਰਨਾਕਾਰੀਆਂ ਨੇ ਜ਼ੋਰਦਾਰ ਵਿਰੋਧ ਕੀਤਾ। ਡੀਐਸਪੀ ਮਨਜੀਤ ਸਿੰਘ ਢੇਸੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੇ। ਅਖੀਰ ਧਰਨਾਕਾਰੀਆਂ ਦੇ ਜ਼ੋਰਦਾਰ ਵਿਰੋਧ ਕਾਰਨ ਪ੍ਰਸ਼ਾਸਨਿਕ ਅਧਿਕਾਰੀਆਂ ਬੇਰੰਗ ਮੁੜਨਾ ਪਿਆ।
ਉਧਰ, ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਚਮਕੌਰ ਸਿੰਘ ਰੋਡੇ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭਰਪੂਰ ਸਿੰਘ ਰਾਮਾ ਨੇ ਕਿਹਾ ਕਿ ਮਹਿਕਮੇ ਵੱਲੋਂ ਪਿੰਡ ਨਾਲੋਂ 6 ਫੁੱਟ ਉੱਚੀ ਸੜਕ ਬਣਾਈ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪਏਗਾ। ਉਨ੍ਹਾਂ ਮੰਗ ਕੀਤੀ ਕਿ ਪਿੰਡ ਵਿੱਚ ਲਾਂਘੇ ਲਈ ਓਵਰਬ੍ਰਿਜ (ਪੁਲ) ਬਣਾਇਆ ਜਾਵੇ, ਹੜਾਂ ਦੇ ਪਾਣੀ ਦੀ ਨਿਕਾਸੀ ਲਈ ਡਰੇਨ ਪਾਈ ਜਾਵੇ, ਵਾਟਰ ਵਰਕਸ ਦੇ ਪਾਣੀ ਦੀ ਸਪਲਾਈ ਤੇ ਨਹਿਰੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਵਾਰ ਵਾਰ ਵਾਅਦਿਆਂ ਤੋਂ ਭੱਜ ਰਿਹਾ ਹੈ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇ ਇਨ੍ਹਾਂ ਮੰਗਾਂ ਨੂੰ ਪੂਰਾ ਕੀਤੇ ਬਿਨਾਂ ਸੜਕ ਦੀ ਉਸਾਰੀ ਦਾ ਕਮ ਜਬਰੀ ਸ਼ੁਰੂ ਕਰਾਇਆ ਗਿਆ ਤਾਂ ਮਸ਼ੀਨਰੀ ਜ਼ਬਤ ਕਰ ਲਈ ਜਾਵੇਗੀ।