ਗੁਰਵਿੰਦਰ ਸਿੰਘ
ਰਾਮਪੁਰਾ ਫੂਲ, 22 ਦਸੰਬਰ
ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ ਤੇ ਡਟੇ ਕਿਸਾਨਾਂ ਦੇ ਹੌਸਲੇ ਚੜ੍ਹਦੀ ਕਲਾਂ ’ਚ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਗੁਰਦੀਪ ਸਿੰਘ ਸੇਲਬਰਾਹ ਨੇ ਸਟੇਜ ਦੀ ਕਾਰਵਾਈ ਸੰਭਾਲਦਿਆਂ ਮੋਦੀ ਸਰਕਾਰ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਗਾ ਕੇ ਅਕਾਸ਼ ਗੂੰਜਣ ਲਾ ਦਿੱਤਾ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਬਾਵਾ ਫੂਲੇਵਾਲਾ, ਬਹਾਦਰ ਸਿੰਘ ਨੰਬਰਦਾਰ, ਮੱਖਣ ਸਿੰਘ ਸੇਲਬਰਾਹ, ਮਾਤਾ ਬਲਜੀਤ ਕੌਰ, ਇਨਕਲਾਬੀ ਕੇਂਦਰ ਪੰਜਾਬ ਦੇ ਇਲਾਕਾ ਆਗੂ ਹਰਮੇਸ਼ ਕੁਮਾਰ ਰਾਮਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੁਦਕੁਸ਼ੀਆਂ ਕਰਨ ਨਾਲ ਕਿਸਾਨੀ ਦਾ ਕੋਈ ਹੱਲ ਨਹੀਂ ਨਿਕਲਦਾ ਇਸ ਦੇ ਹੱਲ ਲਈ ਕਿਸਾਨਾਂ ਨੂੰ ਸੰਘਰਸ਼ਾਂ ਦੇ ਰਾਹ ਪੈਣਾ ਚਾਹੀਦਾ ਹੈ ਤਾਂ ਜੋ ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਤ ਹਾਸਲ ਕੀਤੀ ਜਾ ਸਕੇ। ਆਗੂਆਂ ਦਾ ਕਹਿਣਾ ਹੈ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚਿਆਂ ’ਚ ਲੱਖਾਂ ਕਿਸਾਨ ਖੁੱਲੇ ਆਸਮਾਨ ਹੇਠ ਕੜਾਕੇ ਦੀ ਠੰਢ ਵਿਚ ਬੈਠੇ ਹਨ, ਮੌਸਮ ਦੀ ਪ੍ਰਵਾਹ ਕੀਤੇ ਬਿਨਾਂ ਕਿਸਾਨ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ ਤੇ ਜਿੱਤ ਪ੍ਰਾਪਤ ਕਰ ਕੇ ਹੀ ਘਰਾਂ ਨੂੰ ਵਾਪਸ ਮੁੜਨਗੇ।