ਰਮਨਦੀਪ ਸਿੰਘ
ਚਾਉਕੇ, 26 ਸਤੰਬਰ
ਪਿੰਡ ਢੱਡੇ ਵਿੱਚ ਕੱਲ੍ਹ ਮਜ਼ਦੂਰ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਘਰ ਦੀ ਛੱਤ ਡਿੱਗਣ ਕਾਰਨ ਮੌਤ ਹੋ ਗਈ ਸੀ। ਅੱਜ ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਪਿੰਡ ਵਾਸੀਆਂ ਨੇ ਮਜ਼ਦੂਰ ਅਤੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਮ੍ਰਿਤਕਾਂ ਦੀਆਂ ਲਾਸ਼ਾ ਰਾਮਪੁਰਾ ਮੌੜ ਸੜਕ ’ਤੇ ਰੱਖ ਕੇ ਜਾਮ ਲਗਾ ਦਿੱਤਾ। ਜਾਣਕਾਰੀ ਅਨੁਸਾਰ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੀ ਮੁਜ਼ਾਹਰਾਕਾਰੀਆਂ ਨਾਲ ਗੱਲਬਾਤ ਬੇਸਿੱਟਾ ਰਹਿਣ ’ਤੇ ਮਜ਼ਦੂਰ ਅਤੇ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਕਮੇਟੀ ਬਣਾ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜ਼ੋਰਾ ਸਿੰਘ ਨਸਰਾਲੀ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਹਰਵਿੰਦਰ ਸਿੰਘ ਸੇਮਾ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਮੱਖਣ ਸਿੰਘ ਗੁਰੂਸਰ, ਬੀਕੇਯੂ ਡਕੌਂਦਾ ਦੇ ਆਗੂ ਮਹਿੰਦਰ ਸਿੰਘ, ਬੀਕੇਯੂ ਕ੍ਰਾਂਤੀਕਾਰੀ ਦੇ ਪਰਨੀਤ ਸਿੰਘ, ਬੀਕੇਯੂ ਉਗਰਾਹਾਂ ਦੇ ਗੁਰਮੇਲ ਸਿੰਘ ਢੱਡੇ, ਬੀਕੇਯੂ ਸਿੱਧੂਪੁਰ ਦੇ ਗੁਰਤੇਜ ਸਿੰਘ ਢੱਡੇ, ਬੀਕੇਯੂ ਫਤਿਹ ਦੇ ਜੋਬਨਦੀਪ ਸਿੰਘ ਤੇ ਬਲਜਿੰਦਰ ਕੌਰ ਢੱਡੇ, ਜਗਦੇਵ ਸਿੰਘ ਰਾਮਪੁਰਾ ਆਦਿ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮਜ਼ਦੂਰ ਪਰਿਵਾਰ ਨੂੰ 30 ਲੱਖ ਰੁਪਏ ਮੁਆਵਜ਼ਾ, ਨਵਾਂ ਮਕਾਨ ਬਣਾਕੇ ਦੇਣ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਤੇ ਬੱਚਿਆਂ ਨੂੰ ਫਰੀ ਵਿੱਦਿਆ ਦੇਣ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।