ਖੇਤਰੀ ਪ੍ਰਤੀਨਿਧ
ਬਰਨਾਲਾ, 9 ਜੁਲਾਈ
ਨਵੇਂ ਕੇਂਦਰੀ ਖੇਤੀ ਕਾਨੂੰਨਾਂ ਦੇ ਖਾਤਮੇ ਲਈ ਸਥਾਨਕ ਰੇਲਵੇ ਸਟੇਸ਼ਨ ’ਤੇ ਲੱਗਾ ਸਾਂਝਾ ਕਿਸਾਨ ਮੋਰਚਾ ਅੱਜ 282ਵੇਂ ਦਿਨ ਵੀ ਪੂਰੇ ਜੋਸ਼ ਨਾਲ ਭਖ਼ਿਆ ਰਿਹਾ। ‘ਮਹਿੰਗਾਈ ਵਿਰੋਧੀ ਦਿਵਸ‘ ਨੂੰ ਮਿਲੇ ਭਰਵੇਂ ਹੁੰਗਾਰੇ ਕਾਰਨ ਅੰਦੋਲਨਕਾਰੀ ਹੌਸਲੇ ਵਿੱਚ ਸਨ। ਅੱਜ ਦੇ ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਬਾਬੂ ਸਿੰਘ ਖੁੱਡੀ ਕਲਾਂ ਤੇ ਧਰਮਪਾਲ ਕੌਰ ਨੇ ਸੰਬੋਧਨ ਕੀਤਾ। ਇਸ ਦੌਰਾਨ ਬੁਲਾਰਿਆਂ ਨੇ ਭਾਜਪਾ ਭੰਡੀ ਉਪਰੰਤ ਦਰਪੇਸ਼ ਲੋਕਲ ਸਮੱਸਿਆਵਾਂ ਵੀ ਵਿਚਾਰੀਆਂ। ਇਸ ਤੋਂ ਇਲਾਵਾ ਕਿਸਾਨਾਂ ਨੇ ਟਿਊਬਵੈੱਲ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲਿਆਂ ਵਿਰੁੱਧ ਵੀ ਕਾਰਵਾਈ ਮੰਗੀ।
ਪਿੰਡਾਂ ਵਿੱਚ ਕਿਸਾਨਾਂ ਨੂੰ ਲਾਮਬੰਦ ਕੀਤਾ
ਭੁੱਚੋ ਮੰਡੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕਿਸਾਨਾਂ ਨੂੰ ਦਿੱਲੀ ਮੋਰਚੇ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਅੱਜ ਪਿੰਡ ਤੁੰਗਵਾਲੀ ਅਤੇ ਭੁੱਚੋ ਖੁਰਦ ਵਿੱਚ ਲਾਮਬੰਦੀ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਔਰਤ ਵਿੰਗ ਦੀ ਆਗੂ ਪਰਮਜੀਤ ਕੌਰ, ਬਲਾਕ ਆਗੂ ਜਗਜੀਤ ਸਿੰਘ ਅਤੇ ਸਿਮਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ’ਤੇ ਸਾਮਰਾਜੀ ਹੱਲੇ ਬੋਲੇ ਜਾ ਰਹੇ ਹਨ। ਇਸ ਨੂੰ ਰੋਕਣ ਲਈ ਦਿੱਲੀ ਮੋਰਚੇ ਦੀ ਜਿੱਤ ਲਈ ਇਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਮੋਰਚੇ ਵਿੱਚ ਸ਼ਮੂਲੀਅਤ ਕਰਨ ਦੀ ਵੀ ਅਪੀਲ ਕੀਤੀ।