ਪੱਤਰ ਪ੍ਰੇਰਕ
ਭਗਤਾ ਭਾਈ, 30 ਨਵੰਬਰ
ਲੋਕ ਸਭਾ ਤੇ ਰਾਜ ਸਭਾ ’ਚ ਤਿੰਨੇ ਕਾਲੇ ਖੇਤੀ ਕਾਨੂੰਨਾਂ ਦਾ ਵਾਪਸ ਹੋਣਾ, ਪਿਛਲੇ ਇਕ ਸਾਲ ਤੋਂ ਉਕਤ ਕਾਨੂੰਨਾਂ ਦੀ ਵਾਪਸੀ ਲਈ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਦੀ ਵੱਡੀ ਜਿੱਤ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਿਰਮਲ ਮਾਲਵਾ ਸਾਧੂ ਸੰਘ ਦੇ ਪ੍ਰਧਾਨ ਤੇ ਡੇਰਾ ਭਾਈ ਦਿਆਲਾ ਜੀ ਦਿਆਲਪੁਰਾ ਮਿਰਜ਼ਾ ਦੇ ਮੁੱਖ ਸੇਵਾਦਾਰ ਮਹੰਤ ਸੰਤੋਖ ਸਿੰਘ ਦਿਆਲਪੁਰਾ ਨੇ ਇਥੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਮਾਰੂ ਕਾਨੂੰਨ ਵਾਪਸ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਖਿਰ ਇਹ ਮੰਨਣਾ ਹੀ ਪਿਆ ਕਿ ਉਸ ਦੀ ਸਰਕਾਰ ਵੱਲੋਂ ਬਣਾਏ ਗਏ ਇਹ ਕਾਨੂੰਨ ਗਲਤ ਸਨ। ਉਨ੍ਹਾਂ ਦੇਸ਼ ਦੇ ਕਿਸਾਨਾਂ ਅਤੇ ਸਮੁੱਚੇ ਲੋਕਾਂ ਨੂੰ ਜਿੱਤ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਹੁਣ ਕੇਂਦਰ ਦੀ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੁਹਿਰਦਤਾ ਦਿਖਾਉਂਦੇ ਹੋਏ ਕਿਸਾਨਾਂ ਦੇ ਬਾਕੀ ਰਹਿ ਗਏ ਮਸਲਿਆਂ ਲਈ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰੇ।