ਪੱਤਰ ਪ੍ਰੇਰਕ
ਮਾਨਸਾ, 27 ਮਈ
ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਮੰਗ ਲਈ ਪਿਛਲੇ 15 ਦਿਨਾਂ ਤੋਂ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਹੋਇਆ ਹੈ। ਸਫ਼ਾਈ ਕਰਮਚਾਰੀਆਂ ਨੇ ਅੱਜ ਮਾਨਸਾ ਦੇ ਨਗਰ ਕੌਂਸਲ ਦਫ਼ਤਰ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਦਾ ਪਿੱਟ-ਸਿਆਪਾ ਕੀਤਾ।
ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ 100 ਦੇ ਕਰੀਬ ਸਫਾਈ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤੀ ਜਾਵੇਗਾ, ਉਦੋਂ ਤੱਕ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਦੂਜੇ ਪਾਸੇ ਸਫਾਈ ਨਾ ਹੋਣ ਕਾਰਨ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗ ਗਏ ਹਨ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸਫ਼ਾਈ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਸੰਜੀਵ ਕੁਮਾਰ ਰੱਤੀ ਨੇ ਕਿਹਾ ਕਿ ਲੰਮੇਂ ਸਮੇਂ ਤੋਂ ਕੰਮ ਕਰਦੇ ਆ ਰਹੇ ਹਨ ਤੇ ਸਰਕਾਰ ਉਨ੍ਹਾਂ ਨੂੰ ਪੱਕੇ ਕਰਨ ਦੇ ਲਾਰੇ ਲਗਾ ਰਹੀ ਹੈ, ਪਰ ਕੱਚੇ ਤੌਰ ’ਤੇ ਕੰਮ ਕਰਦਿਆਂ ਉਨ੍ਹਾਂ ਦਾ ਆਪਣਾ ਗੁਜ਼ਾਰਾ ਮੁਸ਼ਕਲ ਹੋ ਗਿਆ ਹੈ, ਜਿਸ ਕਰਕੇ ਉਨ੍ਹਾਂ ਨੂੰ ਬਿਨਾਂ ਸ਼ਰਤ ਸਰਕਾਰ ਪੱਕੇ ਕਰੇ।
ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਜਸਵੀਰ ਕੌਰ ਨਾਲ ਜਦੋਂ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਹੜਤਾਲ ਸੂਬਾ ਪੱਧਰ ’ਤੇ ਚੱਲ ਰਹੀ ਹੈ ਅਤੇ ਇਨ੍ਹਾਂ ਕਰਮਚਾਰੀਆਂ ਵੱਲੋਂ ਸਰਕਾਰ ਤੋਂ ਪੱਕੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਮਸਲੇ ਦੇ ਹੱਲ ਲਈ ਉਪਰਾਲੇ ਲਗਾਤਾਰ ਜਾਰੀ ਹਨ। ਇਸ ਮੌਕੇ ਸੁਨੀਲ ਕੁਮਾਰ ਨੀਨੂੰ, ਰੂਪ ਚੰਦ ਪਰੋਚਾ, ਪ੍ਰਵੀਨ ਕੁਮਾਰ, ਦਰਸ਼ਨ ਕੁਮਾਰ, ਸੰਨੀ ਕੁਮਾਰ, ਵਿਨੋਦ ਕੁਮਾਰ, ਪਵਨ ਕੁਮਾਰ, ਰਾਜ ਕੁਮਾਰ, ਮੁਕੇਸ਼ ਕੁਮਾਰ, ਸੁਖਦੇਵ ਕੁਮਾਰ ਤੇ ਵਿਜੇ ਕੁਮਾਰ ਨੇ ਵੀ ਸੰਬੋਧਨ ਕੀਤਾ।