ਰਮਨਦੀਪ ਸਿੰਘ
ਚਾਉਕੇ, 25 ਜੁਲਾਈ
ਅੱਜ ਪਿੰਡ ਕੋਟੜਾ ਕੌੜਿਆਂ ਵਾਲਾ ਦੇ ਸਮੂਹ ਨਗਰ ਵਾਸੀਆਂ ਨੇ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟੜਾ ਨੂੰ ਜਿੰਦਰਾ ਜੜ ਕੇ ਸਰਕਾਰ ਤੋਂ ਮੰਗ ਕੀਤੀ ਕਿ ਸਕੂਲ ਵਿੱਚ ਲੈਕਚਰਾਰ ਭੇਜੇ ਜਾਣ ਤਾਂ ਕਿ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਨੂੰ ਰੋਕਿਆ ਜਾ ਸਕੇ। ਇਸ ਤੋਂ ਪਹਿਲਾਂ ਪਿੰਡ ਦੇ ਲੋਕਾਂ ਵੱਲੋਂ ਡੀਸੀ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲ ਕੇ ਲੈਕਚਰਾਰ ਭੇਜਣ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਵੱਲੋਂ ਕੋਈ ਹੁੰਗਾਰਾ ਨਾ ਮਿਲਣ ਕਾਰਨ ਜਿੰਦਾ ਲਾਉਣ ਲਈ ਮਜਬੂਰ ਹੋਣਾ ਪਿਆ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨੇ ਕਿਹਾ ਕਿ ਪਿੰਡ ਦੇ ਸਕੂਲ ਨੂੰ ਸੀਨੀਅਰ ਸੰਕੈਡਰੀ ਦਾ ਦਰਜਾ ਮਿਲ ਚੁੱਕਾ ਹੈ ਤੇ ਸਕੂਲ ਵਿੱਚ ਵਿਦਿਆਰਥੀ ਦਾਖਲਾ ਵੀ ਲੈ ਚੁੱਕੇ ਹਨ ਪਰ ਅਜੇ ਤੱਕ ਕੋਈ ਵੀ ਲੈਕਚਰਾਰ ਨਾ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਧਰਨੇ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਮੋਠੂ ਸਿੰਘ ਕੋਟੜਾ, ਪਰਮਜੀਤ ਕੌਰ ਕੋਟੜਾ, ਲਹਿਰਾ ਥਰਮਲ ਯੂਨੀਅਨ ਦੇ ਆਗੂ ਬਾਦਲ ਸਿੰਘ ਤੇ ਪਿੰਡ ਦੇ ਸਰਪੰਚ ਸੁਖਪ੍ਰੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਵਿੱਦਿਅਕ ਤੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਕੇ ਵਿੱਦਿਆ ਤੇ ਇਲਾਜ ਫ਼ਰੀ ਕਰਨ ਦਾ ਵਾਅਦਾ ਕੀਤਾ ਸੀ। ਪਰ ਸਰਕਾਰ ਵੱਲੋਂ ਇਨ੍ਹਾਂ ਸਬੰਧੀ ਕੁਝ ਵੀ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨਾਲ ਕੀਤੇ ਜਾ ਰਹੇ ਖਿਲਵਾੜ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੁਲਾਰਿਆਂ ਨੇ ਭਗਵੰਤ ਮਾਨ ਵੱਲੋਂ ਅਪਣਾਈਆਂ ਜਾ ਰਹੀਆਂ ਸਰਕਾਰੀ ਨੀਤੀਆਂ ਦੀ ਤਿੱਖੇ ਸ਼ਬਦਾਂ ’ਚ ਵਿਰੋਧਤਾ ਕਰਦੇ ਹੋਏ ਕਿਹਾ ਕਿ ਸਰਕਾਰ ਪਹਿਲੀਆਂ ਸਰਕਾਰਾਂ ਵਾਂਗ ਹੀ ਸਰਕਾਰੀ ਵਿੱਦਿਅਕ ਅਦਾਰਿਆਂ ਨੂੰ ਪ੍ਰਾਈਵੇਟ ਕੰਪਨੀਆਂ ਕੋਲ ਵੇਚਣ ਦੀ ਨੀਤੀ ’ਤੇ ਚੱਲ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਸਕੂਲ ’ਚ ਲੋੜੀਂਦਾ ਸਟਾਫ਼ ਨਹੀਂ ਭੇਜਿਆ ਜਾਂਦਾ ਉਦੋਂ ਤੱਕ ਸਕੂਲ ਨੂੰ ਤਾਲਾ ਲੱਗਿਆ ਰਹੇਗਾ। ਇਸ ਮੌਕੇ ਧਰਨਾਕਾਰੀਆਂ ਕੋਲ ਪਹੁੰਚੇ ਤਹਿਸੀਲਦਾਰ ਨਾਲ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਬਣਨ ਕਾਰਨ ਧਰਨਾ ਚੱਲ ਰਿਹਾ ਸੀ।