ਫ਼ਾਜ਼ਿਲਕਾ ’ਚ ਪੱਤਰਕਾਰਾਂ ਤੇ ਡੀਸੀ ਵਿਚਾਲੇ ਰੇੜਕਾ ਖ਼ਤਮ
ਜ਼ਿਲ੍ਹਾ ਫਾਜ਼ਿਲਕਾ ਨਾਲ ਸਬੰਧਤ ਪੱਤਰਕਾਰਾਂ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਵਿੱਚ ਚੱਲ ਰਿਹਾ ਰੇੜਕਾ ਅੱਜ ਖ਼ਤਮ ਹੋ ਗਿਆ ਹੈ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਨੇ ਡੀਸੀ ਕੰਪਲੈਕਸ ਵਿੱਚ ਪੱਤਰਕਾਰਾਂ ਦੀ ਸੱਦੀ ਗਈ ਮੀਟਿੰਗ ਵਿੱਚ ਪਹੁੰਚ ਕੇ ਇਸ ਗੱਲ ਦਾ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਕਿਸੇ ਤਰ੍ਹਾਂ ਵੀ ਪੱਤਰਕਾਰ ਭਾਈਚਾਰੇ ਨੂੰ ਮੁਸ਼ਕਲ ਨਹੀਂ ਆਉਣ ਦੇਣਗੇ। ਉਨ੍ਹਾਂ ਕਿਹਾ ਕਿ ਪੱਤਰਕਾਰ ਭਾਈਚਾਰੇ ਲਈ ਉਨ੍ਹਾਂ ਦੇ ਦਫ਼ਤਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ੍ਹ ਹੈ ਇਸ ਲਈ ਮੀਡੀਆ ਤੋਂ ਬਿਨਾਂ ਪ੍ਰਸ਼ਾਸਨ ਆਪਣੇ ਕੰਮ ਕਰਨ ਵਿੱਚ ਕਾਮਯਾਬ ਨਹੀਂ ਹੋ ਸਕਦਾ। ਜ਼ਿਲ੍ਹਾ ਪੁਲੀਸ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਪੱਤਰਕਾਰ ਭਾਈਚਾਰਾ ਪ੍ਰਸ਼ਾਸਨ ਨੂੰ ਸ਼ੀਸ਼ਾ ਦਿਖਾਉਣ ਦਾ ਕੰਮ ਕਰਦਾ ਹੈ। ਪੱਤਰਕਾਰਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਤੱਕ ਪਹੁੰਚਾਇਆ ਜਾਂਦਾ ਹੈ ਅਤੇ ਪ੍ਰਸ਼ਾਸਨ ਆਪਣੀ ਯੋਗ ਕਾਰਵਾਈ ਕਰਦਿਆਂ ਲੋਕਾਂ ਦੇ ਮਸਲੇ ਹੱਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਦਾ ਹੈ। ਪੱਤਰਕਾਰਾਂ ਅਤੇ ਡੀਸੀ ਦਰਮਿਆਨ ਲੰਬੇ ਸਮੇਂ ਤੋਂ ਚੱਲ ਰਿਹਾ ਰੇੜਕਾ ਖ਼ਤਮ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਪਰਮਜੀਤ ਢਾਬਾਂ, ਰਾਜੀਵ ਰਹੇਜਾ, ਪ੍ਰਫੁੱਲ ਨਾਗਪਾਲ, ਸੁਰਿੰਦਰ ਗੋਇਲ, ਸੰਜੀਵ ਝਾਂਬ ਤੇ ਹੋਰਨਾਂ ਦੱਸਿਆ ਕਿ ਪੱਤਰਕਾਰ ਭਾਈਚਾਰਾ ਆਪਣੇ ਮਾਣ ਸਨਮਾਨ ਦੀ ਲੜਾਈ ਲੜ ਰਿਹਾ ਸੀ, ਜਿਸ ਵਿੱਚ ਉਨ੍ਹਾਂ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਡਿਪਟੀ ਕਮਿਸ਼ਨਰ ਨਾਲ ਕੋਈ ਵੀ ਨਿੱਜੀ ਵਿਰੋਧ ਨਹੀਂ ਸੀ। ਪੱਤਰਕਾਰ ਆਪਣੀ ਖਬਰ ਦੀ ਪੂਰਤੀ ਲਈ ਕਿਸੇ ਮੁੱਦੇ ਨੂੰ ਲੈ ਕੇ ਪੱਖ ਲੈਣਾ ਚਾਹੁੰਦੇ ਸੀ, ਪ੍ਰੰਤੂ ਡਿਪਟੀ ਕਮਿਸ਼ਨਰ ਵੱਲੋਂ ਪੱਖ ਨਾ ਦੇਣ ਕਾਰਨ ਇਹ ਵਿਵਾਦ ਵਧਿਆ ਸੀ।