ਜਗਤਾਰ ਸਿੰਘ ਅਣਜਾਣ
ਮੌੜ ਮੰਡੀ, 9 ਸਤੰਬਰ
ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪਿੰਡ ਯਾਤਰੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਰਥੀ ਫੂਕੀ ਗਈ। ਕਿਸਾਨ ਆਗੂ ਰੇਸਮ ਸਿੰਘ ਯਾਤਰੀ, ਬਲਵਿੰਦਰ ਸਿੰਘ ਜੋਧਪੁਰ ਪਾਖਰ, ਅਮਰਜੀਤ ਸਿੰਘ ਯਾਤਰੀ ਨੇ ਕਿਹਾ ਕਿ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 2 ਸਤੰਬਰ ਤੋਂ ਅਣਮਿਥੇ ਲਈ ਅੱਜ ਤੱਕ ਦਿਨ-ਰਾਤ ਦਾ ਧਰਨਾ ਚੱਲ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਸਾੜਨ ਤੇ ਪਾਏ ਕੇਸ ਸਬੰਧੀ ਜੈਤੋ ਮੰਡੀ ਚੱਲ ਰਹੇ ਮੋਰਚੇ ਦੌਰਾਨ ਕਿਸਾਨ ਜਗਸੀਰ ਸਿੰਘ ਨੇ ਕੈਪਟਨ ਸਰਕਾਰ ਦੇ ਲਾਰਿਆਂ ਤੋਂ ਅੱਕ ਕੇ ਧਰਨੇ ਵਿੱਚ ਖ਼ੁਦਕੁਸ਼ੀ ਕਰ ਲਈ ਸੀ। ਉਸ ਸਮੇਂ ਪ੍ਰਸ਼ਾਸਨ ਨੇ ਮੰਗਾਂ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ ਜੋ ਹੁਣ ਤੱਕ ਪੂਰੀਆਂ ਲਈਂ ਹੋਈਆਂ। ਉਨ੍ਹਾਂ ਕਿਹਾ ਕਿ ਡੀ ਸੀ ਬਠਿੰਡਾ ਅਤੇ ਐੱਸਐੱਸਪੀ ਵੱਲੋਂ ਜਾਣ-ਬੁੱਝ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਅੱਗੇ ਕਿਹਾ ਕਿ ਮੰਗਾਂ ਲਾਗੂ ਕਰਵਾਉਣ ਲਈ ਭਲਕੇ ਜ਼ਿਲ੍ਹਾ ਪੱਧਰੀ ਧਰਨੇ ’ਚ ਸੂਬਾ ਪੱਧਰੀ ਮੀਟਿੰਗ ਸੱਦ ਲਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਨਸਾਫ਼ ਦੀ ਮੰਗ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।