ਪੱਤਰ ਪ੍ਰੇਰਕ
ਮਾਨਸਾ, 31 ਮਈ
ਬਦਲੇ ਹੋਏ ਸਿਆਸੀ ਸਮੀਕਰਨਾਂ ਤੋਂ ਬਾਅਦ ਇਸ ਵਾਰ ਮਾਲਵਾ ਖੇਤਰ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਰੁਝਾਨ ਵੱਧਣ ਦੀ ਉਮੀਦ ਪੈਦਾ ਹੋ ਗਈ ਹੈ। ਕਿਸਾਨਾਂ ਵੱਲੋਂ ਖੇਤਾਂ ਵਿੱਚ ਲਾਈ ਗਈ ਪਨੀਰੀ ਦੇ ਰੁਝਾਨਾਂ ਤੋਂ ਪਤਾ ਲੱਗਦਾ ਹੈ ਕਿ ਇਸ ਵਾਰ ਬਹੁਤੇ ਕਿਸਾਨ ਸਿੱਧੀ ਬਿਜਾਈ ਨੂੰ ਤਰਜ਼ੀਹ ਦੇਣ ਵਾਲੇ ਪਾਸੇ ਤੁਰ ਪਏ ਹਨ।
ਦਿਲਚਸਪ ਗੱਲ ਹੈ ਕਿ ਇਸ ਵਾਰ ਪਰਵਾਸੀ ਮਜ਼ਦੂਰਾਂ ਦੀ ਵੱਡੀ ਘਾਟ ਕਾਰਨ ਪਿੰਡਾਂ ਵਿੱਚ ਝੋਨੇ ਦੀ ਲਵਾਈ ਦੇ ਰੇਟਾਂ ਨੂੰ ਲੈ ਕੇ ਕਈ ਕਿਸਮ ਦੇ ਅੜਿੱਕੇ ਖੜ੍ਹੇ ਹੋਏ ਹਨ, ਜਿਸ ਤੋਂ ਆਮ ਕਿਸਾਨਾਂ ਨੇ ਸਿੱਧੀ ਬਿਜਾਈ ਵਾਲੇ ਪਾਸੇ ਤੁਰਨ ਦਾ ਨਿਰਣਾ ਲਿਆ ਹੈ। ਪੰਜਾਬ ਵਿੱਚ ਇਸ ਵਾਰ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦੇ ਕੀਤੇ ਹੋਏ ਐਲਾਨ ਤੋਂ ਬਾਅਦ ਮਾਲਵਾ ਖੇਤਰ ਦੇ ਕਿਸਾਨਾਂ ਵਿੱਚ ਪਹਿਲਾਂ ਦੇ ਮੁਕਾਬਲੇ ਵੱਧ ਰੁਝਾਨ ਵੇਖਣ ਨੂੰ ਮਿਲ ਰਿਹਾ ਹੈ। ਖੇਤੀ ਮਾਹਿਰਾਂ ਨੇ ਦੱਸਿਆ ਕਿ ਵਿਭਾਗ ਸਿਰਫ ਉਨ੍ਹਾਂ ਕਿਸਾਨਾਂ ਨੂੰ ਹੀ ਝੋਨੇ ਦੀ ਸਿੱਧੀ ਸਿਫਾਰਸ਼ ਕਰਨ ਲਈ ਕਹਿ ਰਿਹਾ ਹੈ, ਜਿਨ੍ਹਾਂ ਦੇ ਖੇਤ ਭਾਰੇ ਹਨ, ਕਿਉਂਕਿ ਰੇਤਲੀਆਂ ਜ਼ਮੀਨਾਂ ਵਿੱਚ ਸਿੱਧੀ ਬਿਜਾਈ ਕਰਨ ਨਾਲ ਲੋਹੇ ਦੀ ਘਾਟ ਬਹੁਤ ਜ਼ਿਆਦਾ ਆ ਜਾਂਦੀ ਅਤੇ ਕਈ ਵਾਰ ਫ਼ਸਲ ਬਿਲਕੁਲ ਨਸ਼ਟ ਹੋ ਜਾਂਦੀ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬਠਿੰਡਾ ਸਥਿਤ ਖੇਤੀ ਖੋਜ ਕੇਂਦਰ ਦੇ ਵਿਗਿਆਨੀ ਡਾ. ਜੀ.ਐਸ ਰੋਮਾਣਾ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਟਰੈਕਟਰ ਡਰਿੱਲ ਨਾਲ ਕਰ ਕੇ ਬੀਜ ਨੂੰ ਦੋ-ਤਿੰਨ ਸੈਂਟੀਮੀਟਰ ਡੂੰਘਾਈ ਤੱਕ ਸੁੱਟਿਆ ਜਾ ਸਕਦਾ ਤੇ ਜ਼ਿਆਦਾ ਡੂੰਘਾ ਸੁੱਟਿਆ ਬੀਜ ਜੰਮਦਾ ਨਹੀਂ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਵਾਲੇ ਝੋਨੇ ਨੂੰ 3 ਤੋਂ 5 ਦਿਨਾਂ ਦੇ ਵਖਵੇ ’ਤੇ ਪਾਣੀ ਦੇਣਾ ਚਾਹੀਦਾ ਹੈ, ਜਿਸ ਨੂੰ ਬਾਰਸ਼ ਮੁਤਾਬਕ ਘਟਾਇਆ-ਵਧਾਇਆ ਜਾ ਸਕਦਾ ਹੈ।
ਕਲਾਲ ਮਾਜਰਾ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ
ਮਹਿਲ ਕਲਾਂ (ਪੱਤਰ ਪ੍ਰੇਰਕ): ਖੇਤੀਬਾੜੀ ਵਿਭਾਗ ਵੱਲੋਂ ਪਿੰਡ ਕਲਾਲ ਮਾਜਰਾ ਵਿਖੇ ਝੋਨੇ ਦੀ ਸਿੱਧੀ ਬਿਜਾਈ,ਨਦੀਨਾਂ ਦੀ ਰੋਕਥਾਮ,ਕੀੜੇ-ਮਕੌੜੇ, ਬਿਮਾਰੀਆਂ ਤੇ ਉਨਾਂ ਦੇ ਹੱਲ ਬਾਰੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾਕਟਰ ਜਰਨੈਲ ਸਿੰਘ ਨੇ ਕਿਸਾਨਾਂ ਨੂੰ ਕਿਹਾ ਕਿ ਹਵਾ, ਧਰਤੀ ਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਭ ਨੂੰ ਹੰਭਲਾ ਮਾਰਨ ਦੀ ਲੋੜ ਹੈ। ਇਸ ਮੌਕੇ ਖੇਤੀਬਾੜੀ ਦਫਤਰ ਮਹਿਲ ਕਲਾਂ ਦੀ ਸਰਕਾਰੀ ਡੀਐਸਆਰ ਮਸ਼ੀਨ ਨਾਲ ਕਿਸਾਨ ਗੁਰਦੀਪ ਸਿੰਘ ਦੇ 4 ਏਕੜ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ ਅਤੇ ਕਿਸਾਨਾਂ ਦੇ ਸ਼ੰਕੇ ਦੂਰ ਕੀਤੇ।