ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀਆਂ ਦਾ ਨਿੱਘ, ਬੇਰੁਜ਼ਗਾਰਾਂ ਨੂੰ ਡਾਗਾਂ ਦਾ ਸੇਕ

ਬੇਰੁਜ਼ਗਾਰਾਂ ਨੇ ਕੈਪਟਨ ਸਰਕਾਰ ’ਤੇ ਚੁੱਕੇ ਸਵਾਲ; ‘ਕਰੋੜਪਤੀਆਂ ’ਤੇ ਤਰਸ ਕਰਨ ਦੀ ਬਜਾਏ ਉੱਚ ਯੋਗਤਾ ਪ੍ਰਾਪਤ ਬੇਰੁਜ਼ਗਾਰਾਂ ਦੀ ਕਦਰ ਕਰੇ ਸਰਕਾਰ’

ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀਆਂ ਦਾ ਨਿੱਘ, ਬੇਰੁਜ਼ਗਾਰਾਂ ਨੂੰ ਡਾਗਾਂ ਦਾ ਸੇਕ

ਆਪਣੇ ਘਰ ਅੱਗੇ ਕਾਂਗਰਸ ਪਾਰਟੀ ਦੇ ਬਾਈਕਾਟ ਦਾ ਪੋਸਟਰ ਲਗਾ ਰਿਹਾ ਬੇਰੁਜ਼ਗਾਰ ਜਗਜੀਤ ਸਿੰਘ ਜੋਧਪੁਰ।

ਲਖਵੀਰ ਸਿੰਘ ਚੀਮਾ

ਟੱਲੇਵਾਲ, 20 ਜੂਨ

ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਬੀਤੇ ਦਿਨੀਂ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਹਰੀ ਝੰਡੀ ਦੇਣ ’ਤੇ ਜਿੱਥੇ ਵਿਰੋਧੀ ਪਾਰਟੀਆਂ ਸੂਬਾ ਸਰਕਾਰ ਨੂੰ ਘੇਰ ਰਹੀਆਂ ਹਨ, ਉੱਥੇ ਪੜ੍ਹੇ-ਲਿਖੇ ਸੰਘਰਸ਼ੀ ਬੇਰੁਜ਼ਗਾਰਾਂ ਵੱਲੋਂ ਵੀ ਕੈਪਟਨ ਸਰਕਾਰ ’ਤੇ ਸਵਾਲ ਚੁੱਕੇ ਜਾ ਰਹੇ ਹਨ।

ਇਸ ਸਬੰਧੀ ਬੇਰੁਜ਼ਗਾਰ ਸਾਂਝਾ ਮੋਰਚੇ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਗਜੀਤ ਸਿੰਘ ਜੱਗੀ ਜੋਧਪੁਰ ਨੇ ਕਿਹਾ ਕਿ ਘਰ-ਘਰ ਨੌਕਰੀ ਦੇ ਵਾਅਦੇ ਦੇ ਆਧਾਰ ’ਤੇ ਬਣੀ ਕੈਪਟਨ ਸਰਕਾਰ ਨੇ ਆਪਣੇ ਆਖਰੀ ਵਰ੍ਹੇ ’ਤੇ ਆਪਣੇ ਹੀ ਵਿਧਾਇਕਾਂ ਨੂੰ ਨੌਕਰੀ ਦੇ ਕੇ ਭਰਤੀ ਪ੍ਰਕਿਰਿਆ ਅਤੇ ਨਿਯਮਾਂ ਨੂੰ ਛਿੱਕੇ ਟੰਗਿਆ ਹੈ। ਕੈਪਟਨ ਅਮਰਿੰਦਰ ਸਿੰਘ ਪਹਿਲੇ ਅਜਿਹੇ ਮੁੱਖ ਮੰਤਰੀ ਹਨ, ਜਿਨ੍ਹਾਂ ਨੇ ਕਰੋੜਪਤੀਆਂ ਨੂੰ ਬਿਨਾਂ ਯੋਗਤਾ ਨੌਕਰੀ ਦੇਣ ਦਾ ਮੁੱਢ ਬੰਨ੍ਹ ਦਿੱਤਾ ਹੈ, ਜਿਸ ਦਾ ਪੰਜਾਬ ਦੇ ਲੋਕ ਤਿੱਖਾ ਵਿਰੋਧ ਕਰਨਗੇ। 2022 ਵਿੱਚ ਵੋਟਾਂ ਮੰਗਣ ਆਏ ਕਾਂਗਰਸੀਆਂ ਨੂੰ ਪਿੰਡਾਂ ਦੀਆਂ ਸੱਥਾਂ ਵਿੱਚ ਖੜਾ ਕੇ ਇਸ ਬਾਬਤ ਨੂੰ ਸਵਾਲ ਪੁੱਛੇ ਜਾਣਗੇ।

ਅਮਨਦੀਪ ਸਿੰਘ ਠੀਕਰੀਵਾਲ ਅਤੇ ਗੁਰਪ੍ਰੀਤ ਕੌਰ ਮੰਡੀ ਕਲਾਂ ਨੇ ਕਿਹਾ ਕਿ ਕਿ ਇੱਕ ਪਾਸੇ ਉੱਚ ਯੋਗਤਾ ਪ੍ਰਾਪਤ ਬੇਰੁਜ਼ਗਾਰ ਹਰ ਰੋਜ਼ ਪਟਿਆਲਾ ਪੁਲੀਸ ਦੀਆਂ ਲਾਠੀਆਂ ਦਾ ਸੇਕ ਝੱਲ ਰਹੇ ਹਨ, ਦੂਜੇ ਪਾਸ ਕੈਪਟਨ ਅਮਰਿੰਦਰ ਸਿੰਘ ਕੈਬਨਿਟਾਂ ਮੀਟਿੰਗਾਂ ਬੁਲਾ ਕੇ ਰੁੱਸੇ ਹੋਏ ਵਿਧਾਇਕਾਂ ਨੂੰ ਸਰਕਾਰੀ ਨੌਕਰੀਆਂ ਦੇ ਗੱਫ਼ੇ ਵੰਡ ਰਹੇ ਹਨ। ਸਾਢੇ ਪੰਜ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚੇ ’ਤੇ ਬੈਠੇ ਬੇਰੁਜ਼ਗਾਰਾਂ ਦੀ ਸਰਕਾਰੀ ਕੋਈ ਗੱਲ ਨਹੀਂ ਸੁਣ ਰਹੀ। ਜਥੇਬੰਦੀ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਕਰੋੜਪਤੀਆਂ ਵਿਧਾਇਕਾਂ ’ਤੇ ਤਾਂ ਕੈਪਟਨ ਸਰਕਾਰ ਤਰਸ ਖਾ ਕੇ ਉਨ੍ਹਾਂ ਦੇ ਪੁੱਤਾਂ ਨੂੰ ਨੌਕਰੀਆਂ ਦੇ ਰਹੀ ਹੈ, ਜਦਕਿ ਪੜ੍ਹੇ-ਲਿਖੇ ਬੇਰੁਜ਼ਗਾਰਾਂ ਨੂੰ ਹੱਕ ਮੰਗਣ ’ਤੇ ਡਾਗਾਂ ਮਾਰ ਰਹੀ ਹੈ। ਇਸ ਕਰਕੇ ਸਰਕਾਰ ਦੇ ਇਸ ਵਤੀਰੇ ਤੋਂ ਪੰਜਾਬ ਭਰ ਦੇ ਲੋਕ ਅਤੇ ਪੜ੍ਹੇ-ਲਿਖੇ ਬੇਰੁਜ਼ਗਾਰ ਤੰਗ ਹਨ, ਜਿਸ ਦਾ ਜਵਾਬ 2022 ਚੋਣਾਂ ਵਿੱਚ ਜ਼ਰੂਰ ਦਿੱਤਾ ਜਾਵੇਗਾ।

ਬੇਰੁਜ਼ਗਾਰਾਂ ਨੇ ਘਰ-ਘਰ ਲਗਾਏ ਕਾਂਗਰਸ ਦੇ ਬਾਈਕਾਟ ਦੇ ਬੈਨਰ

ਕੈਪਟਨ ਸਰਕਾਰ ਵਿਰੁੱਧ ਬੈਨਰ ਲਗਾ ਕੇ ਰੋਸ ਪ੍ਰਗਟ ਕਰਦੇ ਹੋਏ ਨੌਜਵਾਨ।

ਜਲਾਲਾਬਾਦ (ਚੰਦਰ ਪ੍ਰਕਾਸ਼ ਕਾਲੜਾ): ਕਾਂਗਰਸ ਸਰਕਾਰ ਦੇ ਘਰ ਘਰ ਰੁਜ਼ਗਾਰ ਅਤੇ ਬੇਰੁਜ਼ਗਾਰੀ ਭੱਤੇ ਦੇਣ ਦੇ ਵਾਅਦੇ ਵਫ਼ਾ ਨਾ ਹੋਣ ਕਾਰਨ ਬੇਰੁਜ਼ਗਾਰ ਨੌਜਵਾਨ ਨਰਾਜ਼ ਹਨ। ਉਨ੍ਹਾਂ ਨੇ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਸੂਬੇ ਦੀ ਕਾਂਗਰਸ ਸਰਕਾਰ ਖਿਲਾਫ ਮੋਰਚਾ ਖੋਲ੍ਹ ਕੇ ਕੈਪਟਨ ਤੋਂ ਹਿਸਾਬ ਮੰਗਣਾ ਸ਼ੁਰੂ ਕਰ ਦਿੱਤਾ ਹੈ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਆਗੂ ਸੁਖਦੇਵ ਸਿੰਘ ਜਲਾਲਾਬਾਦ ਨੇ ਦੱਸਿਆ ਕਿ ਬੇਰੁਜ਼ਗਾਰ ਕਰੀਬ ਸਾਢੇ ਪੰਜ ਮਹੀਨੇ ਤੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਗੇਟ ਉੱਤੇ ਪੱਕਾ ਧਰਨਾ ਲਾ ਕੇ ਬੈਠੇ ਹੋਏ ਹਨ। ਉਨ੍ਹਾਂ ਆਉਂਦੀਆਂ ਚੋਣਾਂ ਵਿੱਚ ਕਾਂਗਰਸ ਦਾ ਬਾਈਕਾਟ ਕਰਨ ਵਾਲੇ ਬੈਨਰ ਆਪੋ ਆਪਣੇ ਗੇਟਾਂ ਉੱਤੇ ਲਗਾ ਕੇ ਘਰ ਘਰ ਨੌਕਰੀ, ਬੇਰੁਜ਼ਗਾਰੀ ਭੱਤਾ ਅਤੇ ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ ਉੱਤੇ ਕੀਤੇ ਜਬਰ ਦਾ ਹਿਸਾਬ ਮੰਗਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪਿੰਡਾਂ ਵਿੱਚ ਕਾਂਗਰਸ ਦੇ ਬਾਈਕਾਟ ਦੇ ਬੈਨਰ ਲਗਾਏ ਜਾਣਗੇ। ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂ ਸੁਰਿੰਦਰ ਸਿੰਘ ਅਜ਼ਾਦ ਨੇ ਕਿਹਾ ਕਿ ਜੇਕਰ 22 ਜੂਨ ਨੂੰ ਸਿਹਤ ਮੰਤਰੀ ਅਤੇ ਸਿੱਖਿਆ ਮੰਤਰੀ ਨਾਲ ਤੈਅ ਕਰਵਾਈ ਗਈ ਪਟਿਆਲਾ ਪ੍ਰਸ਼ਾਸਨ ਵਲੋਂ ਮੀਟਿੰਗ ਬੇਸਿੱਟਾ ਰਹਿੰਦੀ ਹੈ ਜਾਂ ਰੱਦ ਹੁੰਦੀ ਹੈ ਤਾਂ 23 ਜੂਨ ਨੂੰ ਮੋਤੀ ਮਹਿਲ ਦੇ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਵਿਕਰਮਜੀਤ ਸਿੰਘ, ਅਸ਼ੋਕ ਕੁਮਾਰ, ਸੁਨੀਲ ਕੁਮਾਰ, ਕਿਰਨਦੀਪ, ਨਿਸ਼ਉ ਅਤੇ ਪ੍ਰਵੀਨ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All