ਜੋਗਿੰਦਰ ਸਿੰਘ ਮਾਨ
ਮਾਨਸਾ, 26 ਜੁਲਾਈ
ਪੰਜਾਬ ਵਿੱਚ ਮੌਨਸੂਨ ਪੂਰੀ ਤਰ੍ਹਾਂ ਸਰਗਰਮ ਹੋਣ ਕਰਕੇ ਅਗਲੇ ਤਿੰਨ ਦਿਨ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਨੂੰ ਛੱਡ ਕੇ ਮਾਝੇ-ਦੁਆਬੇ ਹੇਠਲੇ ਜ਼ਿਲ੍ਹਿਆਂ ਵਿੱਚ ਦਰਮਿਆਨਾ ਅਤੇ ਭਰਵਾਂ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੇ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਸਬਜ਼ੀਆਂ, ਨਰਮੇ-ਕਪਾਹ ਅਤੇ ਪਸ਼ੂਆਂ ਦੇ ਹਰੇ-ਚਾਰੇ ਵਿੱਚ ਪਾਣੀ ਨਹੀਂ ਖੜ੍ਹਨ ਦੇਣਾ ਚਾਹੀਦਾ ਅਤੇ ਨਾ ਹੀ 30 ਜੁਲਾਈ ਤੱਕ ਫ਼ਸਲਾਂ ’ਤੇ ਕਿਸੇ ਕਿਸਮ ਦੀ ਕੀਟਨਾਸ਼ਕ ਅਤੇ ਹੋਰ ਦਵਾਈਆਂ ਦਾ ਛਿੜਕਾਅ ਕਰਨ ਚਾਹੀਦਾ ਹੈ।
ਗ੍ਰਾਮੀਣ ਕਿ੍ਸ਼ੀ ਮੌਸਮ ਸੇਵਾ (ਭਾਰਤ ਮੌਸਮ ਵਿਭਾਗ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮੀ ਸਲਾਹ ਬੁਲੇਟਿਨ ਅਨੁਸਾਰ 27 ਤੋਂ 30 ਜੁਲਾਈ ਤੱਕ ਪੰਜਾਬ ਦੇ ਮਾਲਵਾ ਖੇਤਰ ਨੂੰ ਛੱਡ ਕੇ ਹੋਰਨਾਂ ਜ਼ਿਲ੍ਹਿਆਂ ਭਾਰੀ ਮੀਂਹ ਪੈਣ ਦੀਆਂ ਰਿਪੋਰਟਾਂ ਹਨ, ਜਦੋਂ ਕਿ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਮੀਂਹ ਨਾ ਪੈਣ ਦੀ ਜਾਣਕਾਰੀ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਮਹਿਕਮੇ ਦੇ ਵਿਗਿਆਨੀ ਡਾ. ਰਾਜ ਕੁਮਾਰ ਪਾਲ ਨੇ ਦੱਸਿਆ ਕਿ ਆਉਣ ਵਾਲੇ 3-4 ਦਿਨ ਮਾਝੇ ਤੇ ਦੁਆਬੇ ਵਿੱਚ ਦਰਮਿਆਨੀ ਅਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਮੌਸਮ ਮਹਿਕਮੇ ਦੀ ਰਿਪੋਰਟ ਅਨੁਸਾਰ ਵੱਧ ਤੋਂ ਵੱਧ ਤਾਪਮਾਨ 30.0 ਤੋਂ 34.0 ਡਿਗਰੀ ਸੈਂਟੀਗਰੇਡ ਅਤੇ ਘੱਟੋ-ਘੱਟ ਤਾਪਮਾਨ 24.0 ਤੋਂ 27.0 ਡਿਗਰੀ ਸੈਂਟੀਗਰੇਡ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਉਨ੍ਹਾਂ ਦੱਸਿਆ ਕਿ ਹਵਾ ਵਿੱਚ ਨਮੀ ਦੀ ਮਾਤਰਾ 84-64 ਫੀਸਦੀ ਦੇ ਵਿਚਕਾਰ ਅਤੇ ਹਵਾਵਾਂ ਦੀ ਰਫ਼ਤਾਰ 6.9 ਤੋਂ 13.3 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦਾ ਅਨੁਮਾਨ ਹੈ।
ਇਸੇ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖੋਜ ਕੇਂਦਰ ਦੇ ਵਿਗਿਆਨੀ ਡਾ. ਜੀ.ਐਸ ਰੋਮਾਣਾ ਨੇ ਦੱਸਿਆ ਜੇ ਕਿਸਾਨਾਂ ਨੂੰ ਖੇਤਾਂ ਵਿੱਚ ਜ਼ਿਆਦਾ ਪਾਣੀ ਭਰਿਆ ਮਹਿਸੂਸ ਹੋਵੇ ਤਾਂ ਉਸ ਨੂੰ ਕੱਢਣ ਦਾ ਉਪਰਾਲਾ ਕਰਨ।