ਪੱਤਰ ਪ੍ਰੇਰਕ
ਮਾਨਸਾ, 7 ਅਕਤੂਬਰ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਮਜ਼ਦੂਰ ਮੰਗਾਂ ਲਈ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚੱਲ ਰਿਹਾ ਦਿਨ-ਰਾਤ ਦਾ ਪੱਕਾ ਮੋਰਚਾ ਦੇ 64ਵੇਂ ਦਿਨ ਵੀ ਜਾਰੀ ਹੈ। ਅੱਜ ਧਰਨੇ ਦੌਰਾਨ ਜਥੇਬੰਦੀ ਵੱਲੋਂ 10, 11, 12 ਅਕਤੂਬਰ ਨੂੰ ਪਿੰਡਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਸਾੜਨ ਦਾ ਐਲਾਨ ਕੀਤਾ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਅੱਜ ਲੱਕ ਤੋੜ ਮਹਿੰਗਾਈ ਦੀ ਚੱਕੀ ਵਿੱਚ ਪਿਸ ਰਹੇ ਮਜ਼ਦੂਰਾਂ ਦੀ ਦਿਹਾੜੀ ਰੇਟਾਂ ਵਿਚ ਵਾਧਾ ਕਰਨਾ ਤਾਂ ਦੂਰ ਸਰਕਾਰ ਨੇ ਮਨਰੇਗਾ ਮਜ਼ਦੂਰਾਂ ਦੀ ਮਜ਼ਦੂਰੀ ਦੇ 14 ਕਰੋੜ ਬਕਾਇਆ ਵੀ ਜਾਰੀ ਨਹੀਂ ਕਰ ਰਹੀ। ਉਨ੍ਹਾਂ ਕਿਹਾ ਪੰਜਾਬ ਦੀ ਆਪ ਸਰਕਾਰ ਵੀ ਅਕਾਲੀ, ਕਾਂਗਰਸ ਦੀ ਤਰ੍ਹਾਂ ਦਲਿਤ ਮਜ਼ਦੂਰ ਵਿਰੋਧੀ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਸੈਕਟਰ ਸਮੇਤ ਹਰ ਖੇਤਰ ਵਿਚ ਮਜ਼ਦੂਰਾਂ ਦੇ ਹੱਥੀ ਕੰਮ ਲਗਾਤਾਰ ਖ਼ਤਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹੱਕਾਂ ਦੀ ਪ੍ਰਾਪਤੀ ਲਈ ਮਜ਼ਦੂਰਾਂ ਕੋਲ ਸੰਘਰਸ਼ ਹੀ ਇਕੋ ਇੱਕ ਰਸਤਾ ਹੈ। ਇਸ ਮੌਕੇ ਜਰਨੈਲ ਸਿੰਘ ਮਾਨਸਾ, ਹਾਕਮ ਸਿੰਘ ਰੱਲੀ, ਨਛੱਤਰ ਸਿੰਘ ਮੱਲ ਸਿੰਘ ਵਾਲਾ, ਸੁਖਜੀਤ ਸਿੰਘ ਰਾਮਾਨੰਦੀ, ਹਾਕਮ ਸਿੰਘ ਖਿਆਲਾ, ਕਾਲਾ ਸਿੰਘ ਉੱਭਾ ਨੇ ਵੀ ਸੰਬੋਧਨ ਕੀਤਾ।