ਪੱਤਰ ਪ੍ਰੇਰਕ
ਨਥਾਣਾ, 13 ਅਕਤੂਬਰ
ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ ਹੇਠ ਜਥੇਬੰਦੀ ਵੱਲੋਂ ਪਿੰਡ ਪੂਹਲਾ, ਪੂਹਲੀ ਅਤੇ ਨਾਥਪੁਰਾ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕੇ ਗਏ| ਜਸਵੰਤ ਸਿੰਘ ਪੂਹਲੀ ਨੇ ਕਿਹਾ ਕਿ ਮਜ਼ਦੂਰਾਂ ਨੂੰ ਅੱਖੋਂ-ਪਰੋਖੇ ਕਰਨ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਬਾਰੇ ਗੱਲਬਾਤ ਦਾ ਸਮਾਂ ਨਾ ਦੇਣ ਕਰਕੇ ਮਜ਼ਦੂਰ ਵਰਗ ’ਚ ਰੋਸ ਹੈ| ਇਸ ਰੋਸ ਦੇ ਚੱਲਦਿਆਂ ਤਿੰਨ ਦਿਨ ਮੁੱਖ ਮੰਤਰੀ ਦੇ ਪੁਤਲੇ ਫੂਕੇ ਜਾਣਗੇ| ਇਸ ਮੌਕੇ ਬਿੰਦਰ ਸਿੰਘ ਨੇ ਕਿਹਾ ਕਿ ਮਜ਼ਦੂਰ ਵਰਗ ਦੇ ਭਖਦੇ ਮਸਲਿਆਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ| ਉਨ੍ਹਾਂ ਕਿਹਾ ਕਿ ਮਜ਼ਦੂਰ ਭਾਈਚਾਰੇ ਨੇ ਆਮ ਆਦਮੀ ਪਾਰਟੀ ’ਤੇ ਭਰੋਸਾ ਕਰਦਿਆਂ ਵੋਟਾਂ ਪਾਈਆਂ ਸਨ ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ| ਉਨ੍ਹਾਂ ਕਿਹਾ ਕਿ ਇਹ ਸਰਕਾਰ ਵੀ ਪੁਰਾਣੀਆਂ ਸਰਕਾਰਾਂ ਵਾਂਗ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ, ਜਿਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ|
ਭੁੱਚੋ ਮੰਡੀ (ਪੱਤਰ ਪ੍ਰੇਰਕ): ਪਿੰਡ ਤੁੰਗਵਾਲੀ ਵਿੱਚ ਦਿਹਾਤੀ ਮਜ਼ਦੂਰ ਸਭਾ ਵੱਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਜ਼ਦੂਰ ਆਗੂਆਂ ਦੀ ਮੀਟਿੰਗ ਨਾ ਕਰਵਾਏ ਜਾਣ ਵਿਰੁੱਧ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂ ਮੇਜਰ ਸਿੰਘ ਅਤੇ ਅਮਰੀਕ ਸਿੰਘ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਮੁੱਖ ਮੰਤਰੀ ਪੱਧਰ ਦੀਆਂ ਹੋਣ ਕਾਰਨ ਆਗੂਆਂ ਦੀ ਮੀਟਿੰਗ ਮੁੱਖ ਮੰਤਰੀ ਨਾਲ ਹੋਣੀ ਜ਼ਰੂਰੀ ਸੀ ਪਰ ਸਰਕਾਰ ਨੇ ਇਸ ਲਈ ਸਮਾਂ ਨਹੀਂ ਦਿੱਤਾ।
ਮੁਆਵਜ਼ਾ ਮਿਲਣ ਦੀ ਸ਼ੁਰੂਆਤ ਮਜ਼ਦੂਰਾਂ ਦੀ ਜਿੱਤ ਕਰਾਰ
ਬਠਿੰਡਾ (ਪੱਤਰ ਪ੍ਰੇਰਕ): ਪੰਜਾਬ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਬਠਿੰਡਾ ਦਾ ਵਫ਼ਦ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮਿਲਿਆ। ਇਸ ਵਿੱਚ ਗੁਲਾਬੀ ਸੁੰਡੀ ਕਾਰਨ ਨੁਕਸਾਨੇ ਨਰਮੇ ਕਾਰਨ ਮਜ਼ਦੂਰਾਂ ਦੇ ਹੋਏ ਰੁਜ਼ਗਾਰ ਉਜਾੜੇ ਦਾ ਮੁਆਵਜ਼ਾ ਮਜ਼ਦੂਰਾਂ ਨੂੰ ਦੇਣ ਸਬੰਧੀ ਗੱਲਬਾਤ ਕੀਤੀ ਗਈ। ਮਜ਼ਦੂਰਾਂ ਦੇ ਵਫਦ ਨੂੰ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਜ਼ਿਲ੍ਹੇ ਦੇ ਮੁਆਵਜ਼ੇ ਦੀ ਰਾਸ਼ੀ ਸਾਰੇ ਐੱਸਡੀਐੱਮਾਂ ਨੂੰ ਭੇਜ ਦਿੱਤੀ ਹੈ। ਇਹ ਮੁਆਵਜ਼ਾ ਇੱਕ ਹਫਤੇ ਵਿੱਚ ਮਜ਼ਦੂਰਾਂ ਦੇ ਖਾਤਿਆਂ ਵਿੱਚ ਪੈ ਜਾਵੇਗਾ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਮੁਆਵਜ਼ਾ ਮਿਲਣ ਦੀ ਹੋਈ ਸ਼ੁਰੂਆਤ ਨੂੰ ਮਜ਼ਦੂਰ ਸੰਘਰਸ਼ ਦੀ ਜਿੱਤ ਕਰਾਰ ਦਿੱਤਾ ਹੈ। ਇਹ ਸੰਘਰਸ਼ ਮਜ਼ਦੂਰ ਜਥੇਬੰਦੀਆ ਵੱਲੋਂ ਤਿੱਖੇ ਰੂਪਾਂ ਵਿੱਚ ਕੀਤਾ ਗਿਆ, ਜਿਸ ਦੀ ਕਿਸਾਨ ਜਥੇਬੰਦੀਆਂ ਵੱਲੋਂ ਡਟਵੀਂ ਹਮਾਇਤ ਕੀਤੀ ਗਈ।