ਪੱਤਰ ਪ੍ਰੇਰਕ
ਮਹਿਲ ਕਲਾਂ, 15 ਮਈ
ਪਿੰਡ ਕੁਰੜ ਵਿੱਚ ਮਜ਼ਦੂਰਾਂ ਵੱਲੋਂ ਮਗਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਪਿੰਡ ’ਚ ਭਰਵਾਂ ਇਕੱਠ ਕਰਨ ਉਪਰੰਤ ਪੰਜਾਬ ਸਰਕਾਰ ਤੋਂ ਮਗਨਰੇਗਾ ਤਹਿਤ ਪੂਰਾ ਸਾਲ ਰੁਜ਼ਗਾਰ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਮਜ਼ਦੂਰਾਂ ਵੱਲੋਂ ਰੁਜ਼ਗਾਰ ਪ੍ਰਾਪਤੀ ਖਾਤਰ ਸੰਘਰਸ਼ ਵਿੱਢਣ ਲਈ 14 ਮੈਂਬਰੀ ਪਿੰਡ ਕਮੇਟੀ ਦੀ ਚੋਣ ਵੀ ਕੀਤੀ ਗਈ।
ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਆਗੂ ਤੇ ਏਟਕ ਦੇ ਜ਼ਿਲ੍ਹਾ ਸਕੱਤਰ ਖੁਸ਼ੀਆ ਸਿੰਘ ਬਰਨਾਲਾ ਨੇ ਕਿਹਾ ਕਿ ਮਹਿੰਗਾਈ ਦੇ ਦੌਰ ’ਚ ਮਗਨਰੇਗਾ ਹੀ ਰੁਜ਼ਗਾਰ ਦਾ ਇੱਕਮਾਤਰ ਸਹਾਰਾ ਹੈ, ਇਸ ਲਈ ਸਰਕਾਰ ਮਗਨਰੇਗਾ ਤਹਿਤ ਪੂਰਾ ਸਾਲ ਰੁਜ਼ਗਾਰ ਮੁਹੱਈਆ ਕਰਵਾਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਅਫ਼ਸਰਸ਼ਾਹੀ ਨੇ ਪਿੰਡਾਂ ਅੰਦਰ ਡਰੇਨਾਂ, ਰਜਬਾਹਿਆਂ, ਛੱਪੜਾਂ ਦੀ ਸਫ਼ਾਈ ਦਾ ਕੰਮ ਮਜ਼ਦੂਰਾਂ ਦੀ ਬਜਾਏ ਜੇਸੀਬੀ ਮਸ਼ੀਨਾਂ ਰਾਹੀਂ ਕਰਵਾਇਆ ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਕਮੇਟੀ ਮੈਂਬਰਾਂ ਵਿੱਚ ਬਿੱਕਰ ਸਿੰਘ, ਪ੍ਰਕਾਸ਼ ਸਿੰਘ, ਭੋਲਾ ਸਿੰਘ, ਰਾਮ ਸਿੰਘ, ਕਾਕਾ ਸਿੰਘ, ਗੁਰਚਰਨ ਸਿੰਘ ਆਦਿ ਚੁਣੇ ਗਏ।