ਪਰਮਜੀਤ ਸਿੰਘ
ਫਾਜ਼ਿਲਕਾ, 25 ਮਈ
ਫਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਸਥਿਤ ਸਮਾਧ ਦੇ ਨੇੜੇ ਕੁਝ ਨੌਜਵਾਨਾਂ ਵੱਲੋਂ ਬੀਤੀ ਰਾਤ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਉਸ ਨੂੰ ਇਲਾਜ ਦੇ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਜਿੱਥੋਂ ਉਸ ਨੂੰ ਅਗਲੇ ਇਲਾਜ ਲਈ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਨੌਜਵਾਨ ਦੇ ਭਰਾ ਗੁਰਜੰਟ ਸਿੰਘ ਵਾਸੀ ਪਿੰਡ ਬਾਧਾ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਕਰਨ ਬੀਤੀ ਰਾਤ ਫਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਸਥਿਤ ਸਮਾਧ ਦੇ ਨੇੜੇ ਸਥਿਤ ਠੇਕੇ ’ਤੇ ਸ਼ਰਾਬ ਪੀਣ ਗਏ ਸਨ। ਉਸ ਨੇ ਦੱਸਿਆ ਕਿ ਉਕਤ ਠੇਕੇ ਦੇ ਨੇੜੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਆ ਕੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਗਿਆ ਅਤੇ ਉਸ ਦੇ ਭਰਾ ਨੂੰ ਗੋਲੀ ਮਾਰ ਦਿੱਤੀ ਗਈ। ਉਸ ਨੇ ਦੱਸਿਆ ਕਿ ਗੋਲੀ ਉਸ ਦੇ ਭਰਾ ਦੇ ਢਿੱਡ ’ਚ ਲੱਗੀ ਜਿਸ ਕਾਰਨ ਉਹ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਅਗਲੇ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਜ਼ਖ਼ਮੀ ਨੌਜਵਾਨ ਦੇ ਪਿਤਾ ਸਵਰਣ ਸਿੰਘ ਵਾਸੀ ਬੈਂਕ ਕਲੋਨੀ ਬਾਧਾ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਘਰ ਤੋਂ ਬਾਹਰ ਗਏ ਹੋਏ ਸਨ ਅਤੇ ਉਸ ਨੂੰ ਉਸ ਦੇ ਵੱਡੇ ਬੇਟੇ ਦਾ ਫੋਨ ਆਇਆ ਕਿ ਗੁਰਜੰਟ ਨੂੰ ਗੋਲੀ ਲੱਗ ਗਈ ਹੈ ਜਿਸ ’ਤੇ ਉਹ ਸਿਵਲ ਹਸਪਤਾਲ ਪਹੁੰਚੇ ਜਿੱਥੋਂ ਡਾਕਟਰਾਂ ਵੱਲੋਂ ਉਸ ਦੇ ਬੇਟੇ ਨੂੰ ਅਗਲੇ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਜ਼ਖ਼ਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਕਤ ਮਾਮਲੇ ਸਬੰਧੀ ਹਮਲਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।