ਬੁਰਜ ਕਾਹਨ ਸਿੰਘ ਵਾਲਾ ਦੇ ਨੌਜਵਾਨ ਨੇ ਫਾਹਾ ਲਿਆ

ਬੁਰਜ ਕਾਹਨ ਸਿੰਘ ਵਾਲਾ ਦੇ ਨੌਜਵਾਨ ਨੇ ਫਾਹਾ ਲਿਆ

ਪਵਨ ਗੋਇਲ
ਭੁੱਚੋ ਮੰਡੀ, 11 ਜੁਲਾਈ

ਪਿੰਡ ਬੁਰਜ ਕਾਹਨ ਸਿੰਘ ਵਾਲਾ ਦੇ ਨੌਜਵਾਨ ਗਗਨਦੀਪ ਸਿੰਘ (23) ਨੇ ਅੱਜ ਸਵੇਰੇ ਕਥਿਤ ਤੌਰ ’ਤੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਆਪਣੇ ਘਰ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਭੁੱਚੋ ਪੁਲੀਸ ਚੌਕੀ ਦੇ ਏਐੱਸਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੋਲੋਂ ਖ਼ੁਦਕੁਸ਼ੀ ਨੋਟ ਮਿਲਿਆ ਹੈ, ਜਿਸ ਵਿੱਚ ਉਸ ਨੇ ਆਪਣੇ ਸਹੁਰੇ, ਸੱਸ ਅਤੇ ਪਤਨੀ ਨੂੰ ਮੌਤ ਲਈ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਿਤਾ ਬਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਗਗਨਦੀਪ ਸਿੰਘ ਦੀ ਪਤਨੀ ਜਸਪ੍ਰੀਤ ਕੌਰ, ਸੱਸ ਜਸਵਿੰਦਰ ਕੌਰ ਅਤੇ ਸਹੁਰੇ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਬਿੰਦਰ ਸਿੰਘ ਨੇ ਪੁਲੀਸ ਨੂੰ ਲਿਖਵਾਏ ਬਿਆਨ ਵਿੱਚ ਕਿਹਾ ਕਿ ਉਸ ਦੇ ਪੁੱਤਰ ਗਗਨਦੀਪ ਸਿੰਘ ਨੇ ਦੋ ਸਾਲ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਦੀ ਲੜਕੀ ਜਸਪ੍ਰੀਤ ਕੌਰ ਨਾਲ ਪ੍ਰੇਮ ਵਿਆਹ ਕਰਵਾਇਆ ਸੀ।

ਪੰਜ ਮਹੀਨੇ ਪਹਿਲਾਂ ਉਹ ਕਿਸੇ ਗੱਲੋਂ ਨਾਰਾਜ਼ ਹੋ ਕੇ ਗਰਭਵਤੀ ਅਵਸਥਾ ਵਿੱਚ ਆਪਣੇ ਪੇਕੇ ਘਰ ਚਲੀ ਗਈ ਸੀ ਅਤੇ ਇੱਕ ਮਹੀਨੇ ਪਹਿਲਾਂ ਉਸ ਨੇ ਬੱਚੇ ਨੂੰ ਜਨਮ ਦਿੱਤਾ ਹੈ। ਉਸ ਨੇ ਕਿਹਾ ਕਿ ਦੋ ਦਿਨ ਪਹਿਲਾਂ ਜਦੋਂ ਗਗਨਦੀਪ ਸਿੰਘ ਪੰਚਾਇਤ ਨੂੰ ਨਾਲ ਲੈ ਕੇ ਬੱਚਾ ਦੇਖਣ ਲਈ ਗਿਆ ਤਾਂ ਉਸ ਦੇ ਸਹੁਰਾ ਪਰਿਵਾਰ ਨੇ ਬੱਚਾ ਲੁਕਾ ਦਿੱਤਾ ਤੇ ਉਸ ਨੂੰ ਮਿਲਣ ਨਹੀਂ ਦਿੱਤਾ। ਸਰਪੰਚ ਦੇ ਪਤੀ ਹਰਵਿੰਦਰ ਸਿੰਘ ਝੰਡਾ ਨੇ ਦੱਸਿਆ ਕਿ ਲੜਕੀ ਨੇ ਪੰਚਾਇਤ ਸਾਹਮਣੇ ਬੁਰਜ ਕਾਹਨ ਸਿੰਘ ਵਾਲਾ ਆਉਣ ਦੀ ਗੱਲ ਮੰਨ ਲਈ ਸੀ, ਪਰ ਬਾਅਦ ਵਿੱਚ ਉਹ ਬਦਲ ਗਈ। ਉਸ ਦਾ ਸਹੁਰਾ ਪਰਿਵਾਰ ਵਿਆਹ ਤੋਂ ਖ਼ੁਸ਼ ਨਹੀਂ ਸੀ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਚਾਰ ਵਜੇ ਗਗਨਦੀਪ ਸਿੰਘ ਨੂੰ ਸਹੁਰਿਆਂ ਤੋਂ ਫੋਨ ਆਇਆ ਸੀ। ਉਸ ਤੋਂ ਬਾਅਦ ਉਸ ਨੇ ਪਤਨੀ ਦੀ ਚੁੰਨੀ ਨਾਲ ਘਰ ਵਿੱਚ ਫਾਹਾ ਲਾ ਲਿਆ। ਪੁਲੀਸ ਨੇ ਡਾਕਟਰੀ ਮੁਆਇਨੇ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All