ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮ ਸੰਘਰਸ਼ ਦੇ ਰੌਂਅ ’ਚ
ਠੇਕਾ ਮੁਲਾਜ਼ਮਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ ਸੰਘਰਸ਼ ਨੂੰ ਤਿੱਖਾ ਕਰਦਿਆਂ 2 ਦਸੰਬਰ ਤੋਂ ਤਿੰਨ ਰੋਜ਼ਾ ਹੜਤਾਲ ਕਰਕੇ ਥਰਮਲ ਦੇ ਗੇਟ ਅੱਗੇ ਧਰਨਾ ਦੇਣ ਅਤੇ ਰੈਲੀਆਂ ਕਰਨ ਦਾ ਐਲਾਨ ਕੀਤਾ। ਇਸ ਦੀ ਤਿਆਰੀ ਵਜੋਂ ਅੱਜ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੀ ਜੀ ਐੱਚ ਟੀ ਪੀ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਨੇ ਥਰਮਲ ਦੇ ਗੇਟ ਅੱਗੇ ਮੀਟਿੰਗ ਕੀਤੀ ਅਤੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਇਸ ਤਿੰਨ ਰੋਜ਼ਾ ਹੜਤਾਲ ਅਤੇ ਧਰਨਿਆਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਪ੍ਰਧਾਨ ਜਗਰੂਪ ਸਿੰਘ, ਜਰਨਲ ਸਕੱਤਰ ਜਗਸੀਰ ਸਿੰਘ ਭੰਗੂ, ਮੀਤ ਪ੍ਰਧਾਨ ਬਲਜਿੰਦਰ ਮਾਨ, ਮੀਤ ਪ੍ਰਧਾਨ ਨਾਇਬ ਸਿੰਘ, ਵਿੱਤ ਸਕੱਤਰ ਲਛਮਣ ਸਿੰਘ ਅਤੇ ਮੀਤ ਪ੍ਰਧਾਨ ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਆਪ ਦੀ ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਅਤੇ ਉਨ੍ਹਾਂ ਦੀ ਕਿਰਤ ਦੀ ਹੋ ਰਹੀ ਅੰਨੀ-ਲੁੱਟ ਨੂੰ ਬੰਦ ਕਰਵਾਉਣ ਦਾ ਕੀਤਾ ਵਾਅਦਾ ਹਾਲੇ ਤੱਕ ਪੂਰਾ ਨਹੀਂ ਕੀਤਾ। ਜਦੋਂ ਕਿ ਸਰਕਾਰ ਬਣੀ ਨੂੰ ਪੌਣੇ ਚਾਰ ਸਾਲ ਬੀਤ ਗਏ ਹਨ।
ਉਨ੍ਹਾਂ ਕਿਹਾ ਕਿ ਇਹ ਹੜਤਾਲ ਆਊਟਸੋਰਸਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ’ਤੇ ਵਿਭਾਗਾਂ ਵਿੱਚ ਪੱਕਾ ਕਰਵਾਉਣ, ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਵਾਉਣ, ਨਵੇਂ ਕਿਰਤ ਅਤੇ ਬਿਜਲੀ ਸੋਧ ਕਾਨੂੰਨਾਂ ਨੂੰ ਰੱਦ ਕਰਵਾਉਣ, ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਕ ਠੇਕਾ ਮੁਲਾਜ਼ਮਾਂ ਦੀ ਗੁਜਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ, ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਕ ਮੈਂਬਰ ਨੂੰ ਮੁਆਵਜਾ ਅਤੇ ਸਰਕਾਰੀ ਨੌਕਰੀ ਦੇਣ ਅਤੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫੰਡ ਦੇਣ ਲਈ ਕੀਤੀ ਜਾ ਰਹੀ ਹੈ।
