ਪੰਜਾਬ ਦੀਆਂ ਪ੍ਰਮੁੱਖ ਮੁਲਾਜ਼ਮ ਜਥੇਬੰਦੀਆਂ ਦੇ ਸੱਦੇ ’ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੀਆਂ ਜਥੇਬੰਦੀਆਂ ਟੈਕਨੀਕਲ ਸਰਵਸਿਜ਼ ਯੂਨੀਅਨ ਅਤੇ ਐਂਪਲਾਈਜ਼ ਫੈਡਰੇਸ਼ਨ (ਚਾਹਲ) ਨੇ ਤਿੰਨ ਰੋਜ਼ਾ ਹੜਤਾਲ ਦੇ ਆਖ਼ਰੀ ਦਿਨ ਥਰਮਲ ਦੇ ਮੁੱਖ ਗੇਟ ਅੱਗੇ ਰੋਸ ਰੈਲੀਆਂ ਕੀਤੀਆਂ। ਮੁਲਾਜ਼ਮਾਂ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਪਾਵਰਕੌਮ ਦੇ ਪ੍ਰਬੰਧਕਾਂ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਅੱਜ ਹੜਤਾਲ ਵਿੱਚ ਵਾਧਾ ਕਰਦਿਆਂ ਦੋ ਦਿਨ ਹੋਰ ਅਚਨਚੇਤ ਛੁੱਟੀ ਲੈ ਕੇ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਟੀਐੱਸਯੂ ਦੇ ਆਗੂਆਂ ਨੇ ਮੁਲਾਜ਼ਮਾਂ ਨੂੰ 14 ਅਤੇ 15 ਅਗਸਤ ਦੀ ਅਚਨਚੇਤ ਛੁੱਟੀ ਭਰਨ ਲਈ ਪ੍ਰਫਾਰਮੇ ਵੰਡੇ ਗਏ।
ਇਸ ਮੌਕੇ ਟੀਐਸਯੂ ਦੇ ਪ੍ਰਧਾਨ ਅਮਰਜੀਤ ਸਿੰਘ ਮੰਗਲੀ, ਫੈਡਰੇਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਬਰਾੜ ਨੇ ਕਿਹਾ ਕਿ ਕਿ ਸਰਕਾਰ ਆਗੂਆਂ ਨਾਲ ਮੀਟਿੰਗਾਂ ਕਰਕੇ ਮੰਗਾਂ ਪੂਰੀਆਂ ਕਰਨ ਦੇ ਫੋਕੇ ਭਰੋਸੇ ਦੇ ਰਹੀ ਹੈ। ਸਹਿਮਤੀ ਵਾਲੀਆਂ ਮੰਗਾਂ ਹਾਲੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ। ਇਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਗੁੱਸਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਲੋੜ ਪੈਣ ’ਤੇ ਇਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਮਾਨਸਾ (ਪੱਤਰ ਪ੍ਰੇਰਕ): ਮਾਨਸਾ ਵਿਚ ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਸਤਿਗੁਰੂ ਸਿੰਘ ਨੇ ਦੱਸਿਆ ਕਿ ਬਿਜਲੀ ਮੰਤਰੀ ਹਰਭਜਨ ਸਿੰਘ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਪ੍ਰੰਤੂ ਉਨ੍ਹਾਂ ਦੇ ਮੰਗਾਂ-ਮਸਲਿਆਂ ਦਾ ਹੱਲ ਨਹੀਂ ਹੋਇਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ’ਛੁੱਟੀ ਲੈਕੇ ਪ੍ਰਦਰਸ਼ਨ ਕਰਨ ਵਾਲੇ ਮੁਲਾਜ਼ਮਾਂ ’ਤੇ ਕਾਰਵਾਈ’ ਦੀ ਨਿੰਦਾ ਕਰਦਿਆਂ ਕਿਹਾ ਕਿ ਹਰ ਇੱਕ ਕਰਮਚਾਰੀਆਂ ਨੂੰ ਆਪਣੇ ਹੱਕਾਂ ਲਈ ਲੜਨ ਦਾ ਅਧਿਕਾਰ ਹੈ। ਉਨ੍ਹਾਂ ਮੰਗ ਕੀਤੀ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਤਨਖਾਹ ਵਧਾਉਣ ਅਤੇ ਪੁਰਾਣੀ ਪੈਨਸ਼ਨ ਬਹਾਲ ਸਮੇਤ ਕਈ ਹੋਰ ਮੰਗਾਂ ਨੂੰ ਲਾਗੂ ਕੀਤਾ ਜਾਵੇ।