ਪੱਤਰ ਪ੍ਰੇਰਕ
ਮਾਨਸਾ, 17 ਜੂਨ
ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੰਦੋਲਨ ਲੜ ਰਹੀਆਂ ਜਥੇਬੰਦੀਆਂ ਨੇ ਹੁਣ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਸਹਿਕਾਰੀ ਬੈਂਕਾਂ ਦੀ ਹੋਂਦ ਨੂੰ ਬਚਾਉਣ ਲਈ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਬੈਂਕਾਂ ਵਾਲੇ ਖਾਤੇ ਸਹਿਕਾਰਤਾ ਵਿਭਾਗ ਨਾਲ ਜੁੜੇ ਬੈਂਕਾਂ ਵਿੱਚ ਖੁੱਲ੍ਹਵਾਉਣ ਦਾ ਉਪਰਾਲਾ ਕਰਨ। ਜਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਸਹਿਕਾਰੀ ਬੈਂਕਾਂ ਦਾ ਭੋਗ ਵੱਡੇ ਘਰਾਂ ਦੇ ਪ੍ਰਾਈਵੇਟ ਬੈਂਕ ਅਤੇ ਕਮਰਸ਼ੀਅਲ ਬੈਂਕਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਪੈਣ ਲੱਗਿਆ ਹੈ, ਜਿਸ ਲਈ ਹੁਣ ਜ਼ਰੂਰੀ ਹੈ ਕਿ ਸਹਿਕਾਰੀ ਬੈਂਕਾਂ ਦਾ ਕਾਰੋਬਾਰ ਕਾਇਮ ਕਰਨ ਲਈ ਉਨ੍ਹਾਂ ਵਿੱਚ ਖਾਤੇ ਖੁੱਲ੍ਹਵਾਏ ਜਾਣ ਅਤੇ ਹਰ ਤਰ੍ਹਾਂ ਦੇ ਲੈਣ-ਦੇਣ ਲਈ ਉਨ੍ਹਾਂ ਬੈਂਕਾਂ ਦਾ ਸਹਾਰਾ ਲਿਆ ਜਾਵੇ।
ਬਰੇਟਾ (ਪੱਤਰ ਪ੍ਰੇਰਕ): ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਪੈਟਰੋਲ ਪੰਪ ਦੇ ਧਰਨੇ ਵਿਚ ਕਿਸਾਨ ਯੂਨੀਅਨ ਉਗਰਾਹਾਂ ਦੇ ਬੁਲਾਰਿਆ ਨੇ ਕਿਹਾ ਕਿ ਸਰਕਾਰ ਭਾਵੇਂ ਸੂਬੇ ਦੀਆਂ ਹੋਣ ਭਾਵੇਂ ਕੇਂਦਰ ਸਰਕਾਰ ਦੀ ਇਨ੍ਹਾਂ ਨੂੰ ਕਿਸਾਨਾਂ ਮਜ਼ਦੂਰਾਂ ਦੀ ਕੋਈ ਫ਼ਿਕਰ ਨਹੀਂ। ਸਭ ਆਪੋ-ਆਪਣੇ ਜੋੜ ਤੋੜ ਲਗਾਕੇ ਵੋਟਾਂ ਹਥਿਆਉਣ ਦੀਆਂ ਸੋਚਾਂ ਹੀ ਸੋਚ ਦੀਆਂ ਹਨ ਪਰ ਇਸ ਤਰ੍ਹਾਂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕਿਸਾਨੀ ਸੰਘਰਸ਼ ਨੂੰ ਹੱਲ ਕੀਤੇ ਬਿਨਾਂ ਪੂਰਾ ਵਿਰੋਧ ਜਾਰੀ ਰਹੇਗਾ। ਇਸੇ ਤਰ੍ਹਾਂ ਰੇਲਵੇ ਦੀ ਪਾਰਕਿੰਗ ਧਰਨੇ ਵਿੱਚ ਕਿਸਾਨ ਯੂਨੀਅਨਾਂ ਦੇ ਬੁਲਾਰਿਆਂ ਨੇ ਵੀ ਵਿਰੋਧ ਜਤਾਇਆ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਨਥਾਣਾ ਵੱਲੋਂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਬੈਸਟ ਪਰਾਈਜ਼ ਭੁੱਚੋ ਖੁਰਦ ਅੱਗੇ 260 ਦਿਨਾਂ ਤੋਂ ਚੱਲ ਰਿਹਾ ਮੋਰਚਾ ਜਾਰੀ ਹੈ। ਵੱਡੀ ਗਿਣਤੀ ਔਰਤਾਂ ਤੇ ਕਿਸਾਨਾਂ ਨੇ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਪਟਿਆਲਾ ਵਿੱਚ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਅਧਿਆਪਕ ਲੜਕੇ-ਲੜਕੀਆਂ ਉੱਤੇ ਕੀਤੇ ਪੁਲੀਸ ਤਸ਼ੱਦਦ ਦੀ ਜ਼ੋਰਦਾਨ ਨਿੰਦਿਆ ਕੀਤੀ।
ਮਹਿਲ ਕਲਾਂ (ਪੱਤਰ ਪ੍ਰੇਰਕ): ਖੇਤੀ ਕਾਨੂੰਨਾਂ ਖ਼ਿਲਾਫ਼ ਬਰਨਾਲਾ ਲੁਧਿਆਣਾ ਮੁੱਖ ਮਾਰਗ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਜਾਰੀ ਹੈ। ਅੱਜ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਸੰਘਰਸ਼ ਦੇਸ਼ ਵਿਆਪੀ ਬਣ ਚੁੱਕਾ ਹੈ ਤੇ ਹੁਣ ਇਹ ਸੰਘਰਸ਼ ਖੇਤੀ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲਵੇਗਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ 26 ਜੂਨ ਨੂੰ ਦੇਸ਼ ਭਰ ਵਿੱਚ ਮਨਾਏ ਜਾ ਰਹੇ “ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ” ਦਿਵਸ ਮੌਕੇ ਵੱਡੀ ਗਿਣਤੀ ਕਿਸਾਨ ਮੋਦੀ ਸਰਕਾਰ ਖ਼ਿਲਾਫ਼ ਨਿੱਤਰਣਗੇ।
ਭਾਕਿਯੂ ਉਗਰਾਹਾਂ ਦਾ ਜਥਾ ਦਿੱਲੀ ਰਵਾਨਾ
ਸ਼ਹਿਣਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਇਕਾਈ ਸ਼ਹਿਣਾ ਦਾ ਅੱਜ 56ਵਾਂ ਜਥਾ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਇਹ ਜਥਾ ਰਵਾਨਾ ਹੋਇਆ। ਇਕਾਈ ਪ੍ਰਧਾਨ ਨੇ ਦੱਸਿਆ ਕਿ ਜਥਾ ਆਪਣੇ ਨਾਲ ਦੋ ਕੁਇੰਟਲ ਆਟਾ, ਦਾਲਾਂ, ਖੰਡ ਆਦਿ ਰਾਸ਼ਨ ਲੈ ਕੇ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੀ ਜਿੱਤ ਤੱਕ ਜਥੇ ਲਗਾਤਾਰ ਜਾਂਦੇ ਰਹਿਣਗੇ ਅਤੇ ਸੰਘਰਸ਼ ਦੀ ਚੜ੍ਹਦੀ ਕਲਾ ਲਈ ਗੁਰੂ ਘਰਾਂ ’ਚ ਰੋਜ਼ਾਨਾ ਅਰਦਾਸ ਬੇਨਤੀ ਵੀ ਕੀਤੀ ਜਾ ਰਹੀ ਹੈ।