ਪੱਤਰ ਪ੍ਰੇਰਕ
ਮਾਨਸਾ, 4 ਅਕਤੂਬਰ
ਇਥੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਸਥਾਨਕ ਬੱਚਤ ਭਵਨ ਵਿੱਚ ਸਹੁੰ ਚੁੱਕ ਸਮਾਗਮ ਹੋਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਸ਼ੁੱਧ ਵਾਤਾਵਰਨ ਮਾਹੌਲ ਮਿਲ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ ਜਾਗਰੂਕਤਾ ਮੁਹਿੰਮ ਆਰੰਭ ਕੀਤੀ ਗਈ ਹੈ ਤਾਂ ਜੋ ਜ਼ਿਲ੍ਹੇ ਨੂੰ ਵਾਤਾਵਰਨ ਪੱਖੋਂ ਸਾਫ਼ ਸੁਥਰਾ ਬਣਾਇਆ ਜਾ ਸਕੇ।
ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾਈ
ਬਰਨਾਲਾ (ਖੇਤਰੀ ਪ੍ਰਤੀਨਿਧ): ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਸਬੰਧੀ 4 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾਈ ਗਈ। ਇਹ ਵੈਨਾਂ ਨੇਚਰ ਕੰਜ਼ਰਵੈਂਸੀ ਸੰਸਥਾ ਵੱਲੋਂ ਚਲਾਈਆਂ ਗਈਆਂ ਹਨ, ਜਿਨ੍ਹਾਂ ਦਾ ਉਦੇਸ਼ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਿਰੁੱਧ ਕਿਸਾਨਾਂ ਨੂੰ ਜਾਗਰੂਕ ਕਰਨਾ ਹੈ। ਡਾ. ਨਈਅਰ ਨੇ ਕਿਸਾਨਾਂ ਨੂੰ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਪਰਾਲੀ ਪ੍ਰਬੰਧਨ ਵਾਲੇ ਕਿਸਾਨਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬਲਾਕ ਸ਼ਹਿਣਾ ਦੇ ਖੇਤੀਬਾੜੀ ਅਫ਼ਸਰ ਡਾ. ਗੁਰਚਰਨ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਧਰਮਿੰਦਰ ਸਿੰਘ ਧਾਲੀਵਾਲ ਮੌਜੂਦ ਸਨ।
ਪਰਾਲੀ ਦਬਾਉਣ ਨਾਲ ਉਪਜਾਊ ਸ਼ਕਤੀ ਵਧਦੀ ਹੈ: ਖੇਤੀ ਮਾਹਿਰ
ਗੋਨਿਆਨਾ ਮੰਡੀ (ਪੱਤਰ ਪ੍ਰੇਰਕ): ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਦਬਾ ਦੇਣ ਨਾਲ ਧਰਤੀ ਵਿੱਚ ਜੈਵਿਕ ਕਾਰਬਨ ਦੀ ਮਾਤਰਾ ਵਿੱਚ ਵਾਧਾ ਹੋ ਜਾਂਦਾ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਧ ਜਾਂਦੀ ਹੈ। ਇਹ ਵਿਚਾਰ ਡਾ. ਸਰਬਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਪਿੰਡ ਆਕਲੀਆ ਕਲਾਂ ਵਿੱਚ ਲਗਾਏ ਗਏ ਕੈਂਪ ਦੌਰਾਨ ਪ੍ਰਗਟ ਕੀਤੇ। ਡਾ. ਸਰਬਜੀਤ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਦਬਾਉਣ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਸੁਪਰ ਸੀਡਰ, ਹੈਪੀਸੀਡਰ, ਪਲਟਾਵੇਂ ਹਲ ਆਦਿ ਦੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨਸ਼ਟ ਹੋ ਜਾਂਦੀ ਹੈ ਅਤੇ ਮਿੱਤਰ ਕੀੜੇ ਖਤਮ ਹੋ ਜਾਂਦੇ ਹਨ, ਜਿਸ ਕਾਰਨ ਕਿਸਾਨ ਦਾ ਭਾਰੀ ਨੁਕਸਾਨ ਹੁੰਦਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਪਰਾਲੀ ਨੂੰ ਜ਼ਮੀਨ ਵਿੱਚ ਦਬਾ ਕੇ ਉਸ ਤੋਂ ਲਾਭ ਲਿਆ ਜਾ ਸਕਦਾ ਹੈ, ਪਰਾਲੀ ਦਬਾਉਣ ਨਾਲ ਧਰਤੀ ’ਚ ਜੈਵਿਕ ਕਾਰਬਨ ਦੀ ਮਾਤਰਾ ਵਧ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ।
ਬੁਲਾਰਿਆਂ ਨੇ ਕਿਸਾਨਾਂ ਦੇ ਹਿੱਤ ਲਈ ਝੋਨੇ ਦੀ ਪਰਾਲੀ ਨੂੰ ਸਾੜਣ ਦੀ ਬਜਾਏ ਧਰਤੀ ਵਿੱਚ ਦਬਾਉਣ ਦਾ ਸੁਝਾਅ ਦਿੱਤਾ। ਕੈਂਪ ਵਿੱਚ ਸਵਰਨਜੀਤ ਸਿੰਘ, ਤਾਰਾ ਸਿੰਘ ਖੇਤੀਬਾੜੀ ਸਬ ਇੰਸਪੈਕਟਰ ਅਤੇ ਕਿਸਾਨਾਂ ਨੇ ਭਾਗ ਲਿਆ। ਕਿਸਾਨਾਂ ਨੇ ਖੇਤੀਬਾੜੀ ਅਫ਼ਸਰਾਂ ਦੇ ਸੁਝਾਵਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।