ਪੱਤਰ ਪ੍ਰੇਰਕ
ਸ਼ਹਿਣਾ, 20 ਨਵੰਬਰ
ਟਰੇਡ ਯੂਨੀਅਨਾਂ ਵੱਲੋਂ ਬਲਾਕ ਸ਼ਹਿਣਾ ਦੇ ਪਿੰਡ ਮੱਲੀਆਂ, ਕੈਰੇ ਅਤੇ ਪੱਖੋਕੇ ਵਿੱਚ ਰੈਲੀਆਂ ਕੀਤੀਆਂ ਗਈਆਂ। ਰੈਲੀਆਂ ਨੂੰ ਸੰਬੋਧਨ ਕਰਦਿਆਂ ਏਕਟੂ ਦੇ ਸੂਬਾਈ ਆਗੂ ਕਾਮਰੇਡ ਗੁਰਪ੍ਰੀਤ ਰੂੜੇਕੇ, ਏਕਟ ਦੇ ਸਾਥੀ ਖੁਸ਼ੀਆ ਸਿੰਘ ਅਤੇ ਸੀਟੀਯੂ ਪੰਜਾਬ ਦੇ ਭੋਲਾ ਸਿੰਘ ਕਲਾਲ ਮਾਜਰਾ ਨੇ ਦੱਸਿਆ ਕਿ ਮਜ਼ਦੂਰਾਂ ਦੀਆਂ ਮੰਗਾਂ ਲਈ ਨਾ ਤਾਂ ਪੰਜਾਬ ਸਰਕਾਰ ਧਿਆਨ ਦੇ ਰਹੀ ਹੈ ਅਤੇ ਨਾ ਹੀ ਪ੍ਰਸ਼ਾਸਨ। ਇਸ ਖ਼ਿਲਾਫ਼ 22 ਨਬੰਵਰ ਨੂੰ ਡੀਸੀ ਦਫ਼ਤਰ ਬਰਨਾਲਾ ਵਿਚ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਅਮਲ ਵਿੱਚ ਕੁਝ ਵੀ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਕਿਹਾ ਕਿ ਮਨਰੇਗਾ ਮਜਦੂਰ ਦੇ ਕੰਮ ਨੂੰ ਵੀ ਪੰਜਾਬ ਅੰਦਰ ਅਫ਼ਸਰਸ਼ਾਹੀ ਆਪਣੇ ਹਿਸਾਬ ਨਾਲ ਚਲਾ ਰਹੀ ਹੈ, ਜਿਸ ਨੂੰ ਠੀਕ ਕਰਵਾਉਣ ਲਈ ਮਜ਼ਦੂਰਾਂ ਨੂੰ ਵੱਡੀ ਗਿਣਤੀ ਵਿੱਚ ਧਰਨੇ ’ਚ ਸ਼ਾਮਲ ਹੋਣਾ ਚਾਹੀਦਾ ਹੈ। ਇਸ ਮੌਕੇ ਬੂਟਾ ਸਿੰਘ ਧੌਲਾ, ਸਾਧੂ ਸਿੰਘ ਛੀਨੀਵਾਲ ਕਲਾਂ, ਸਤਨਾਮ ਸਿੰਘ ਮੱਲੀਆਂ ਤੇ ਮਾਇਆ ਕੌਰ ਆਦਿ ਆਗੂ ਹਾਜ਼ਰ ਸਨ।
ਤਪਾ ਮੰਡੀ (ਪੱਤਰ ਪ੍ਰੇਰਕ): ਟਰੇਡ ਯੂਨੀਅਨਾਂ ਵੱਲੋਂ ਅੱਜ ਤਪਾ, ਮਹਿਤਾ ਅਤੇ ਘੁੰਨਸ ਵਿੱਚ ਰੈਲੀਆਂ ਕੀਤੀਆਂ ਗਈਆਂ। ਇਨ੍ਹਾਂ ਰੈਲੀਆਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਏਕਟੂ ਦੇ ਸੂਬਾਈ ਆਗੂ ਕਾਮਰੇਡ ਗੁਰਪ੍ਰੀਤ ਰੂੜੇਕੇ, ਏਕਟ ਦੇ ਸਾਥੀ ਖੁਸ਼ੀਆ ਸਿੰਘ ਅਤੇ ਸੀਟੂ ਪੰਜਾਬ ਦੇ ਸਾਥੀ ਭੋਲਾ ਸਿੰਘ ਕਲਾਲ ਮਾਜਰਾ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਵੱਲ ਪੰਜਾਬ ਸਰਕਾਰ ਧਿਆਨ ਨਹੀਂ ਦੇ ਰਹੀ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਦੇਣ ਦਾ ਐਲਾਨ ਕੀਤਾ ਸੀ ਜੋ ਸਿਰਫ਼ ਆਪਣੇ ਚਹੇਤਿਆਂ ਨੂੰ ਹੀ ਚੁਣਿਆ ਹੈ। ਲਾਲ ਲਕੀਰ ਵਾਲੇ ਪਰਿਵਾਰਾਂ ਨੂੰ ਪੱਕੀਆਂ ਰਜਿਸਟਰੀਆਂ ਦੇ ਐਲਾਨ ’ਤੇ ਵੀ ਅਮਲ ਨਹੀਂ ਹੋ ਰਿਹਾ।