ਰਾਜਵਿੰਦਰ ਰੌਂਤਾ
ਮੋਗਾ/ਨਿਹਾਲ ਸਿੰਘ ਵਾਲਾ, 7 ਅਕਤੂਬਰ
1972 ਦੇ ਮੋਗਾ ਰੀਗਲ ਸਿਨੇਮਾ ਗੋਲੀ ਕਾਂਡ ਦੀ 50ਵੀਂ ਵਰ੍ਹੇਗੰਢ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਅਮਰ ਕ੍ਰਾਂਤੀ, ਬਲਜੀਤ ਸਿੰਘ ਧਰਮਕੋਟ, ਧੀਰਜ ਕੁਮਾਰ, ਦਰਸ਼ਨ ਖਟਕੜ, ਨਿਰਭੈ ਸਿੰਘ ਢੁੱਡੀਕੇ ਤੇ ਕੰਵਲਜੀਤ ਖੰਨਾ ਦੀ ਪ੍ਰਧਾਨਗੀ ਮਨਾਈ ਗਈ। ਬੁਲਾਰਿਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਸਮੇਂ ਰੀਗਲ ਸਿਨੇਮਾ, ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੇ ਗੁਪਤ ਟਿਕਾਣੇ ਨੂੰ ਵਿਰਾਸਤੀ ਇਮਾਰਤ ਦਾ ਦਰਜਾ ਦੇਣ ਦੀ ਜ਼ੋਰਦਾਰ ਮੰਗ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਾਸ਼ੀਵਾਦੀ ਹਮਲਿਆਂ ਅਤੇ ਕੇਂਦਰੀਕਰਨ ਦੇ ਹੱਲੇ ਖ਼ਿਲਾਫ਼ ਵਿਦਿਆਰਥੀਆਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ। ਇਸ ਉਪਰੰਤ ਸ਼ਹਿਰ ਵਿੱਚ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ। ਪੀਐੱਸਯੂ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਰੰਧਾਵਾ,ਜਨਰਲ ਸਕੱਤਰ ਅਮਨਦੀਪ ਸਿੰਘ ਖਿਓਵਾਲੀ ਨੇ ਕੇਂਦਰ ਦੀ ਸਰਕਾਰ ਦੀ ਆਲੋਚਨਾ ਕੀਤੀ। ਆਪਣੀ ਜ਼ਿੰਦਗੀ ਸੰਘਰਸ਼ਾਂ ਦੇ ਰਾਹ ਲਗਾਉਣ ਵਾਲੇ ਸਾਬਕਾ ਵਿਦਿਆਰਥੀ ਆਗੂਆਂ ਨੂੰ ਪੀਐੱਸਯੂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਜਨਰਲ ਸਕੱਤਰ ਮੰਗਾ ਆਜ਼ਾਦ, ਕਰਮਜੀਤ ਮਾਣੂੰਕੇ, ਪੀਐੱਸਯੂ ਦੇ ਸੂਬਾ ਆਗੂ ਮੰਗਲਜੀਤ ਪੰਡੋਰੀ, ਕੇਸ਼ਵ ਆਜ਼ਾਦ, ਸੁਖਦੀਪ ਹਥਨ ਤੇ ਰਵੀ ਨੇ ਸੰਬੋਧਨ ਕੀਤਾ।