ਪੁਲੀਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਸ਼ਹੀਦਾਂ ਦੇ ਪਰਿਵਾਰਾਂ ਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ
ਪੁਲੀਸ ਲਾਈਨਜ਼ ਮਾਨਸਾ ਵਿੱਚ ਅੱਜ ਜ਼ਿਲ੍ਹਾ ਪੱਧਰੀ ਪੁਲੀਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਜ਼ਿਲ੍ਹਾ ਪੁਲੀਸ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਦੌਰਾਨ ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਡੀ ਐੱਸ ਪੀ ਸ੍ਰੀ ਅੰਮ੍ਰਿਤਪਾਲ ਸਿੰਘ ਭਾਟੀ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਪੁਲੀਸ ਜਵਾਨ ਸ਼ਹੀਦਾਂ ਦੇ ਨਾਮ ਪੜ੍ਹਕੇ ਸੁਣਾਏ।
ਐੱਸ ਐੱਸ ਪੀ ਭਾਗੀਰਥ ਮੀਨਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਿਸੇ ਵੀ ਮੁਸੀਬਤ ਦਾ ਡੱਟਕੇ ਸਾਹਮਣਾ ਕਰਨ, ਦੇਸ਼ ਦੀ ਆਨ ਅਤੇ ਸ਼ਾਨ ਦੀ ਖ਼ਾਤਰ ਹਰ ਸਮੇਂ ਤਿਆਰ-ਬਰ-ਤਿਆਰ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਆਪਣੀ ਡਿਊਟੀ ਦੌਰਾਨ ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਕੁਰਬਾਨੀਆਂ ਦੇਣ ਵਾਲੇ ਬਹਾਦਰ ਜਵਾਨਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਯਾਦਗਾਰੀ ਦਿਵਸ ਦਾ ਇਤਿਹਾਸ 21 ਅਕਤੂਬਰ 1959 ਤੋਂ ਸ਼ੁਰੂ ਹੁੰਦਾ ਹੈ, ਜਦੋਂ ਲੱਦਾਖ ਵਿੱਚ ਹੌਟ ਸਪਰਿੰਗਜ਼ ਵਿਖੇ ਚੀਨ ਦੇ ਸੈਨਿਕਾਂ ਵੱਲੋਂ ਘਾਤ ਲਗਾਕੇ ਹਮਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਦੇਸ਼ ਦੀ ਰਾਖੀ ਲਈ ਸੁਰੱਖਿਆ ਬਲਾਂ ’ਤੇ ਪੁਲੀਸ ਦੇ ਜਵਾਨਾਂ ਨੇ ਆਪਣਾ ਬਲਿਦਾਨ ਦਿੱਤਾ ਅਤੇ ਦੇਸ਼ ਦੀ ਸ਼ਾਨ ਨੂੰ ਕਾਇਮ ਰੱਖਿਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਸਬੰਧੀ ਜ਼ਿਲ੍ਹਾ ਪੁਲੀਸ ਦੇ ਕਿਸੇ ਵੀ ਅਧਿਕਾਰੀ ਜਾਂ ਉਨ੍ਹਾਂ ਨਾਲ ਸਿੱਧੇ ਤੌਰ ’ਤੇ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਸੈਸ਼ਨ ਜੱਜ ਸ੍ਰੀ ਗੁਰਮੋਹਨ ਸਿੰਘ, ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਸਣੇ ਪੁਲੀਸ ਦੇ ਹੋਰ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦੀ ਯਾਦਗਾਰ ’ਤੇ ਫੁੱਲ ਮਾਲਾਵਾਂ ਵੀ ਭੇਟ ਕੀਤੀਆਂ ਗਈਆਂ। ਇਸ ਤੋਂ ਬਾਅਦ ਸਨਮਾਨ ਸਮਾਰੋਹ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਛੇਤੀ ਹੀ ਯੋਗ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ।
ਜਵਾਨਾਂ ਦੀ ਸ਼ਹਾਦਤ ਵਿਅਰਥ ਨਹੀਂ ਜਾਣ ਦਿੱਤੀ ਜਾਵੇਗੀ: ਡੀਆਈਜੀ
ਬਠਿੰਡਾ(ਮਨੋਜ ਸ਼ਰਮਾ): ਇਥੇ ਡੀ ਆਈ ਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੇ ਸਥਾਨਕ ਪੁਲੀਸ ਲਾਈਨ ਵਿੱਚ ਜ਼ਿਲ੍ਹਾ ਪੱਧਰੀ ਪੁਲੀਸ ਸ਼ਹੀਦੀ ਯਾਦਗਾਰੀ (ਸਮ੍ਰਿਤੀ) ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਸਮਾਗਮ ਮੌਕੇ ਪੁਲੀਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੰਦਿਆਂ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਡੀ ਆਈ ਜੀ ਹਰਜੀਤ ਸਿੰਘ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ। ਇਨ੍ਹਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲੀਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਐੱਸ ਐੱਸ ਪੀ ਅਮਨੀਤ ਕੌਂਡਲ ਨੇ ਦੇਸ਼ ਦੀ ਸੁਰੱਖਿਆ, ਅਮਨ ਤੇ ਸ਼ਾਂਤੀ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਜਵਾਨਾਂ ਨੂੰ ਆਪਣੀ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਹੋਏ ਜਵਾਨਾਂ ਦੀ ਕੁਰਬਾਨੀ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ। ਸਮਾਗਮ ਉਪਰੰਤ ਡੀ ਆਈ ਜੀ ਬਠਿੰਡਾ ਰੇਂਜ ਹਰਜੀਤ ਸਿੰਘ ਅਤੇ ਐੱਸ ਐੱਸਪੀ ਅਮਨੀਤ ਕੌਂਡਲ ਨੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ।