ਇਨਕਲਾਬੀ ਨਾਟਕਾਂ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
ਸੰਜੀਵ ਹਾਂਡਾ
ਫ਼ਿਰੋਜ਼ਪੁਰ, 22 ਮਾਰਚ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਜਾਗਰੂਕਤਾ ਮਾਰਚ ਅੱਜ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵੱਲੋਂ ਕੀਤਾ ਗਿਆ। ਕੇਸਰੀ ਪੱਗਾਂ ਬੰਨ੍ਹ ਕੇ ਮੋਟਰਸਾਈਕਲਾਂ ਤੇ ਸਵਾਰ ਨੌਜਵਾਨਾਂ ਦੇ ਇਸ ਵੱਡੇ ਕਾਫ਼ਲੇ ਦੀ ਅਗਵਾਈ ਕਰਦੇ ਹੋਏ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਸਮਾਜ ਦੇ ਲੋਕਾਂ ਨੂੰ ਨਸ਼ੇ ਛੱਡਣ ਦੀ ਅਪੀਲ ਕਰ ਰਹੇ ਸਨ। ਉਧਰ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਆਪਣੇ ਸਮਰਥਕਾਂ ਦੇ ਨਾਲ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਵਿਚ ਅੱਜ ਇਥੇ ਟਰੈਕਟਰ ਮਾਰਚ ਕੱਢਿਆ ਗਿਆ ਜਿਸ ਵਿਚ ਕਾਂਗਰਸ ਦੇ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਵੀ ਸ਼ਿਰਕਤ ਕੀਤੀ
ਭੁੱਚੋ ਮੰਡੀ (ਪੱਤਰ ਪ੍ਰੇਰਕ): ਲੋਕ ਪੱਖੀ ਜਥੇਬੰਦੀਆਂ ਵੱਲੋਂ ਪਿੰੰਡ ਲਹਿਰਾ ਮੁਹੱਬਤ ਵਿੱਚ 23 ਮਾਰਚ ਦੇ ਸਹੀਦਾਂ ਦੀ ਯਾਦ ਵਿੱਚ ਸਾਂਝੇ ਤੌਰ ’ਤੇ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਲੋਕ ਕਲਾ ਮੰਚ ਮੰਡੀ ਮੁਲਾਂਪੁਰ ਦੇ ਰੰਗਕਰਮੀਆਂ ਨੇ ਇਨਕਲਾਬੀ ਨਾਟਕ ‘ਮੈਂ ਫਿਰ ਆਵਾਂਗਾ’ ਅਤੇ ‘ਇਹ ਲਹੂ ਕਿਸ ਦਾ ਹੈ’ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਮੰਦਰ ਜੱਸੀ ਅਤੇ ਹਰਦੀਪ ਮਹਿਣਾ ਦੇ ਕਵੀਸਰੀ ਜਥੇ ਨੇ ਇਨਕਲਾਬੀ ਕਵੀਸ਼ਰੀਆਂ ਪੇਸ਼ ਕੀਤੀਆਂ ਅਤੇ ਭੱਠਾ ਮਜ਼ਦੂਰ ਗੁਰਨੈਬ ਸਿੰਘ ਅਤੇ ਨਾਹਰ ਸਿੰਘ ਭਾਈਰੂਪਾ ਨੇ ਇਨਕਲਾਬੀ ਗੀਤ ਪੇਸ਼ ਕੀਤੇ। ਇਨਕਲਬੀ ਕੇਂਦਰ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਮੁਖਤਿਆਰ ਸਿੰਘ ਪੂਹਲਾ, ਜਗਜੀਤ ਸਿੰਘ ਲਹਿਰਾ ਮੁਹੱਬਤ ਅਤੇ ਹਰਮੇਸ਼ ਰਾਮਪੁਰਾ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਮਰਾਜੀ ਪ੍ਰਬੰਧ ਨੂੰ ਇਨਕਲਾਬ ਰਾਹੀਂ ਖ਼ਤਮ ਕਰਨ ਦੀ ਜ਼ਰੂਰਤ ਹੈ। ਮੋਦੀ ਸਰਕਾਰ ਦੀਆਂ ਦੇਸੀ-ਵਿਦੇਸ਼ੀ ਕਾਰਪੋਰੇਟ ਨੀਤੀਆਂ ਦੇ ਮਾਰੂ ਅਸਰ ਬਾਰੇ ਲੋਕਾਂ ਨੂੰ ਸੁਚੇਤ ਕਰਦਿਆਂ ਉਨ੍ਹਾਂ ਲੋਕਾਂ ਨੂੰ ਇੱਕਜੁਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਭਾਕਿਯੂ ਏਕਤਾ ਡਕੌਂਦਾ (ਧਨੇਰ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਖੇਤੀ ਨੀਤੀ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ, ਤਾਂ ਜੋ ਲੋਕਾਂ ਦੀਆਂ ਜ਼ਮੀਨਾਂ ਅਤੇ ਦੇਸ਼ ਦੇ ਕੁਦਰਤੀ ਸਰੋਤਾਂ ਨੂੰ ਕਾਰਪੋਰੇਟਾਂ ਦੇ ਹਵਾਲੇ ਕੀਤਾ ਜਾ ਸਕੇ। ਇਸ ਮੌਕੇ ਭਾਕਿਯੂ ਏਕਤਾ ਡਕੌਂਦਾ (ਧਨੇਰ) ਜ਼ਿਲ੍ਹਾ ਆਗੂ ਹਰਵਿੰਦਰ ਕੋਟਲੀ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਜੇਠੂਕੇ, ਜਗਦੀਸ਼ ਸਿੰਘ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਡਾ. ਜਗਤਾਰ ਸਿੰਘ ਨੇ ਵੀ ਸੰਬੋਧਨ ਕੀਤਾ।
ਬਰਨਾਲਾ (ਖੇਤਰੀ ਪ੍ਰਤੀਨਿਧ): ਇਨਕਲਾਬੀ ਕੇਂਦਰ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ‘ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੀ ਕੁਰਬਾਨੀ, ਉਨ੍ਹਾਂ ਦੀ ਵਿਗਿਆਨਕ ਵਿਚਾਰਧਾਰਾ ਤੇ ਅਜੋਕੇ ਦੀ ਸਮੇਂ ਪ੍ਰਸੰਗਿਕਤਾ’ ਵਿਸ਼ੇ ਸਬੰਧੀ ਵਿਚਾਰ ਗੋਸ਼ਟੀ ਸਥਾਨਕ ਆਜ਼ਾਦ ਨਗਰ ਦੇ ਡਾ. ਬੀ.ਆਰ. ਅੰਬੇਡਕਰ ਭਵਨ ਵਿਖੇ ਕਰਵਾਈ ਗਈ। ਮੁੱਖ ਬੁਲਾਰਿਆਂ ਵਜੋਂ ਇਨਕਲਾਬੀ ਪੇਪਰ ‘ਲਾਲ ਪਰਚਮ’ ਦੇ ਸੰਪਾਦਕ ਸਾਥੀ ਮੁਖਤਿਆਰ ਪੂਹਲਾ, ਇਨਕਲਾਬੀ ਕੇਂਦਰ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਰਜਿੰਦਰ ਪਾਲ, ਨੌਜਵਾਨ ਆਗੂ ਹਰਪ੍ਰੀਤ ਨੇ ਸ਼ਿਰਕਤੀ ਕੀਤੀ।
ਮਾਨਸਾ ਵਿੱਚ ਸ਼ਹੀਦਾਂ ਦੀ ਯਾਦ ’ਚ ਇਨਕਲਾਬ ਰੈਲੀ
ਮਾਨਸਾ (ਜੋਗਿੰਦਰ ਸਿੰਘ ਮਾਨ): ਆਜ਼ਾਦ ਸਮਾਜ ਪਾਰਟੀ ਕਾਂਸ਼ੀ ਰਾਮ, ਮਜ਼ਦੂਰ ਮੁਕਤੀ ਮੋਰਚਾ ਅਜ਼ਾਦ ਪੰਜਾਬ ਅਤੇ ਭੀਮ ਆਰਮੀ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਦਲਿਤਾਂ ਉੱਪਰ ਹੋ ਰਹੇ ਅੱਤਿਆਚਾਰਾਂ ਖਿਲਾਫ਼, ਸੰਵਿਧਾਨ ਦੀ ਰਾਖੀ ਲਈ ਮਾਨਸਾ ਵਿੱਚ ਇਨਕਲਾਬ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਆਜ਼ਾਦ ਸਮਾਜ ਪਾਰਟੀ ਕਾਂਸ਼ੀ ਰਾਮ ਦੇ ਕੇਂਦਰੀ ਕੋਰ ਕਮੇਟੀ ਮੈਂਬਰ ਤੇ ਭੀਮ ਆਰਮੀ ਦੇ ਕੌਮੀ ਪ੍ਰਧਾਨ ਵਿਨੈ ਰਤਨ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਡਾ. ਅੰਬੇਡਕਰ ਦੀ ਵਿਚਾਰਧਾਰਾ ’ਤੇ ਚੱਲਕੇ ਹੀ ਭਾਰਤੀ ਸੰਵਿਧਾਨ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਵੱਲ ਜਾਣ ਦੀ ਥਾਂ ਜਵਾਨੀ ਨੂੰ ਭਗਤ ਸਿੰਘ ਅਤੇ ਡਾ. ਅੰਬੇਡਕਰ ਦੇ ਵਿਚਾਰਾ ਦਾ ਸਮਾਜ ਸਿਰਜਣ ਲਈ ਅੱਗੇ ਆਉਣਾ ਚਾਹੀਦਾ ਹੈ। ਆਜ਼ਾਦ ਸਮਾਜ ਪਾਰਟੀ ਦੇ ਪੰਜਾਬ ਇੰਚਾਰਜ ਹਿਤੇਸ਼ ਮਾਹੀ ਅਤੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਉ ਨੇ ਕਿਹਾ ਕਿ ਪੰਜਾਬ ਅੰਦਰ ਯੂਪੀ ਬਿਹਾਰ ਦੀ ਤਰ੍ਹਾਂ ਦਲਿਤਾਂ ਉੱਪਰ ਜੁਲਮ ਹੋ ਰਹੇ ਹਨ, ਪਰ ਪੰਜਾਬ ਦੀ ਸਰਕਾਰ ਇਹਨਾਂ ਅੱਤਿਆਚਾਰਾਂ ਨੂੰ ਰੋਕਣ ਲਈ ਕੋਈ ਉਪਰਾਲਾ ਨਹੀਂ ਕਰ ਰਹੀ।