ਮਹਿਲ ਕਲਾਂ (ਪੱਤਰ ਪ੍ਰੇਰਕ): ਜ਼ਿੰਦਗੀ ਭਰ ਲੋਕ ਸੰਘਰਸ਼ਾਂ ਨੂੰ ਸਮਰਪਿਤ ਰਹੇ ਖੱਬੇ ਪੱਖੀ ਆਗੂ ਤੇ ਸੀਨੀਅਰ ਪੱਤਰਕਾਰ ਕਾਮਰੇਡ ਪ੍ਰੀਤਮ ਸਿੰਘ ਦਰਦੀ ਦਾ ਸ਼ਰਧਾਂਜਲੀ ਸਮਾਗਮ ਅੱਜ ਮਹਿਲ ਕਲਾਂ ਵਿੱਚ ਕਰਵਾਇਆ ਗਿਆ। ਇਸ ਮੌਕੇ ਸੂਬਾ ਸਰਕਾਰ ਵੱਲੋਂ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲ ਕਲਾਂ ਵਿੱਚ ਪ੍ਰੀਤਮ ਸਿੰਘ ਦਰਦੀ ਦੀ ਯਾਦਗਾਰ ਬਣਾਈ ਜਾਵੇਗੀ। ਇਸ ਮੌਕੇ ਸੀਪੀਆਈ ਦੇ ਸੂਬਾ ਸਕੱਤਰ ਬੰਤ ਬਰਾੜ ਤੇ ਕਾਮਰੇਡ ਜਗਰੂਪ, ਆਰਐੱਮਪੀਆਈ ਦੇ ਕੌਮੀ ਸਕੱਤਰ ਮੰਗਤ ਰਾਮ ਪਾਸਲਾ ਤੇ ਬੀਕੇਯੂ (ਡਕੌਂਦਾ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ, ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਸੰਬੋਧਨ ਕੀਤਾ।