ਪੱਤਰ ਪ੍ਰੇਰਕ
ਮਾਨਸਾ, 13 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਮਾਨਸਾ ਬਲਾਕ ਵੱਲੋਂ ਸਾਥੀ ਬਲਕਾਰ ਸਿੰਘ ਡਕੌਂਦਾ ਦੀ 12ਵੀਂ ਬਰਸੀ ਸਥਾਨਕ ਕਚਹਿਰੀਆਂ ਵਿੱਚ ਮਨਾਈ ਗਈ। ਇਸ ਦੌਰਾਨ ਬੁਲਾਰਿਆਂ ਨੇ ਬਲਕਾਰ ਸਿੰਘ ਡਕੌਂਦਾ ਦੀ ਜੀਵਨੀ ਬਾਰੇ ਚਾਨਣਾ ਪਾਇਆ। ਇਕੱਠ ਨੂੰ ਸੰਬੋਧਨ ਕਰਦਿਆਂ ਮਹਿਲਾ ਆਗੂ ਐਡਵੋਕੇਟ ਬਲਵੀਰ ਕੌਰ ਸਿੱਧੂ ਨੇ ਦੱਸਿਆ ਕਿ 2010 ਵਿੱਚ ਬਲਕਾਰ ਸਿੰਘ ਡਕੌਂਦਾ ਅਤੇ ਉਨ੍ਹਾਂ ਦੀ ਪਤਨੀ ਜਸਬੀਰ ਕੌਰ ਸਰਕਾਰ ਦੇ ਮਾੜੇ ਪ੍ਰਬੰਧਾਂ ਦੇ ਕਾਰਨ ਇੱਕ ਸੜਕ ਹਾਦਸੇ ਵਿਚ ਸ਼ਹੀਦ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਬਲਕਾਰ ਸਿੰਘ ਇਕ ਸੱਚੀ-ਸੁੱਚੀ ਸੋਚ ਦੇ ਮਾਲਕ ਸਨ ਅਤੇ ਅੱਜ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਉਨ੍ਹਾਂ ਦੀ ਸੋਚ ’ਤੇ ਪਹਿਰਾ ਦੇ ਰਹੀ ਹੈ। ਇਸ ਮੌਕੇ ਛਿੰਦਰਪਾਲ ਕੌਰ, ਮਹਿੰਦਰ ਸਿੰਘ ਭੈਣੀਬਾਘਾ, ਇਕਬਾਲ ਸਿੰਘ ਮਾਨਸਾ, ਬਲਵਿੰਦਰ ਸ਼ਰਮਾ ਖਿਆਲਾ ਤੇ ਹਰਦੇਵ ਸਿੰਘ ਰਾਠੀ ਆਦਿ ਆਗੂਆਂ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਕਿਸਾਨ ਆਗੂ ਨੂੰ ਸਰਧਾਂਜਲੀ ਭੇਟ ਕੀਤੀ।