ਵੱਖ-ਵੱਖ ਇਲਾਕਿਆਂ ਵਿੱਚ ਵਾਪਰੇ ਭਿਆਨਕ ਸੜਕ ਹਾਦਸਿਆਂ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਪਹਿਲੇ ਮਾਮਲੇ ਵਿੱਚ ਏਲਨਾਬਾਦ ਦੇ ਸਿਰਸਾ-ਜੀਵਨ ਨਗਰ ਹਾਈਵੇਅ ’ਤੇ ਪਿੰਡ ਅਭੋਲੀ ਨੇੜੇ ਮੋਟਰਸਾਈਕਲ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਪੁਰਸ਼ੋਤਮ ਵਾਸੀ ਅਲੀਪੁਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਤਿੰਨ ਸਾਥੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਸਿਰਸਾ ਰੈਫਰ ਕਰ ਦਿੱਤਾ ਗਿਆ ਹੈ। ਦੂਜੇ ਮਾਮਲੇ ਵਿੱਚ ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਪਿੰਡ ਵਜੀਦਕੇ ਖ਼ੁਰਦ ਨੇੜੇ ਨਿੱਜੀ ਕੰਪਨੀ ਦੀ ਬੱਸ ਨੇ ਪਿੱਛਿਓਂ ਟਰੈਕਟਰ-ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਟਰੈਕਟਰ ਸਵਾਰ ਦੋ ਵਿਅਕਤੀ ਗੁਰਤੇਜ ਸਿੰਘ ਅਤੇ ਗੁਰਮੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਮੌਕੇ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ (ਐੱਸ ਐੱਸ ਐੱਫ) ਦੇ ਮੁਲਾਜ਼ਮਾਂ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਇਸ ਦੌਰਾਨ ਉਨ੍ਹਾਂ ਨੂੰ ਹਾਦਸੇ ਵਾਲੀ ਥਾਂ ਤੋਂ ਮਿਲੀ 50 ਹਜ਼ਾਰ ਰੁਪਏ ਦੀ ਨਗਦੀ ਮਿਲੀ, ਜੋ ਮੁਲਾਜ਼ਮਾਂ ਨੇ ਪੂਰੀ ਇਮਾਨਦਾਰੀ ਨਾਲ ਉਨ੍ਹਾਂ ਦੇ ਪਰਿਵਾਕ ਮੈਂਬਰਾਂ ਨੂੰ ਸੌਂਪ ਦਿੱਤੀ।
ਤੀਜਾ ਹਾਦਸਾ ਬਠਿੰਡਾ-ਮਾਨਸਾ ਰੋਡ ’ਤੇ ਕੋਟਫੱਤਾ ਸੂਏ ਨੇੜੇ ਵਾਪਰਿਆ। ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਦਰੜ ਦਿੱਤਾ। ਇਸ ਹਾਦਸੇ ਵਿੱਚ ਅੰਮ੍ਰਿਤਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਸਾਰੀਆਂ ਘਟਨਾਵਾਂ ਵਿੱਚ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

