ਜੈਤੋ ’ਚ ਚੋਰ ਗਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ
ਸ਼ਗਨ ਕਟਾਰੀਆ
ਜੈਤੋ, 27 ਜੂਨ
ਸੀਆਈਏ ਜੈਤੋ ਅਤੇ ਥਾਣਾ ਜੈਤੋ ਦੀ ਪੁਲੀਸ ਨੇ ਸਾਂਝੀ ਕਾਰਵਾਈ ਦੌਰਾਨ ਬੀਤੇ ਦਿਨੀਂ ਨੇੜਲੇ ਪਿੰਡ ਦਲ ਸਿੰਘ ਵਾਲਾ ਵਿੱਚ ਹੋਈ ਚੋਰੀ ਦੀ ਵਾਰਦਾਤ ’ਚ ਸ਼ਾਮਲ ਚੋਰ ਗਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਡੀਐੱਸਪੀ ਜੈਤੋ ਮਨੋਜ ਕੁਮਾਰ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੋਬਿੰਦ ਵਾਸੀ ਸਮਾਣਾ (ਜ਼ਿਲ੍ਹਾ ਪਟਿਆਲਾ) ਅਤੇ ਸੰਨੀ ਵਾਸੀ ਸ਼ਾਹਬਾਦ (ਜ਼ਿਲ੍ਹਾ ਕੁਰੂਕਸ਼ੇਤਰ) ਵਜੋਂ ਦੱਸੀ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਮੁਲਜ਼ਮਾਂ ਵੱਲੋਂ ਚੋਰੀ ਕੀਤੇ ਗਹਿਣੇ ਅਤੇ ਨਗਦੀ ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਦੇ ਹਨ ਅਤੇ ਇਨ੍ਹਾਂ ਖ਼ਿਲਾਫ਼ ਡਕੈਤੀ, ਚੋਰੀ ਅਤੇ ਹੋਰ ਸੰਗੀਨ ਜੁਰਮਾਂ ਤਹਿਤ ਬਰਨਾਲਾ, ਸੰਗਰੂਰ ਅਤੇ ਐਸਬੀਐਸ ਨਗਰ ਜ਼ਿਲ੍ਹਿਆਂ ’ਚ ਮੁਕੱਦਮੇ ਦਰਜ ਹਨ।
ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਦਲ ਸਿੰਘ ਵਾਲਾ ਵਿੱਚ ਇੱਕ ਚੋਰ ਗਰੋਹ ਵੱਲੋਂ ਘਰ ਅੰਦਰ ਵੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਇਸ ਘਟਨਾ ਵਿੱਚ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਹੋਈ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਸ ਗਰੋਹ ਦੇ ਮੈਂਬਰ ਪਿੰਡਾਂ ਵਿੱਚ ਸਾਮਾਨ ਵੇਚਣ ਦੇ ਬਹਾਨੇ ਦਾਖ਼ਲ ਹੋ ਕੇ ਘਰਾਂ ਦੀ ਰੈਕੀ ਕਰਦੇ ਸਨ ਅਤੇ ਜਦੋਂ ਉਨ੍ਹਾਂ ਨੂੰ ਕਿਸੇ ਘਰ ਵਿੱਚ ਪਰਿਵਾਰਕ ਮੈਂਬਰਾਂ ਦੀ ਗ਼ੈਰ-ਮੌਜੂਦਗੀ ਦਾ ਪਤਾ ਲੱਗਦਾ, ਤਾਂ ਇਨ੍ਹਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਜਾਦਾ ਸੀ। ਡੀਐੱਸਪੀ ਨੇ ਦੱਸਿਆ ਕਿ ਇਨ੍ਹਾਂ ਦੇ ਹੋਰ ਸਾਥੀਆਂ ਦੀ ਭਾਲ ਵੀ ਜਾਰੀ ਹੈ ਅਤੇ ਉਨ੍ਹਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦਾ ਅਦਾਲਤ ’ਚੋਂ ਰਿਮਾਂਡ ਹਾਸਿਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।