ਬਲਵਿੰਦਰ ਸਿੰਘ ਹਾਲੀ
ਕੋਟਕਪੂਰਾ, 1 ਜੁਲਾਈ
ਪੁਲੀਸ ਨੇ 2 ਨੌਜਵਾਨਾਂ ਨੂੰ 2 ਪਿਸਤੌਲਾਂ ਅਤੇ 5 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਦਾਅਵਾ ਕੀਤਾ ਹੈ। ਫੜੇ ਗਏ ਮੁਲਜ਼ਮ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ। ਪੁਲੀਸ ਨੇ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਉਨ੍ਹਾਂ ਤੋਂ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਜਤਿੰਦਰ ਸਿੰਘ ਡੀਐੱਸਪੀ ਕੋਟਕਪੂਰਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਜੀਤਾ ਸਿੰਘ ਵਾਸੀ ਧੂੜਕੋਟ ਜ਼ਿਲ੍ਹਾ ਮੁਕਤਸਰ ਸਾਹਿਬ ਅਤੇ ਛਮਨਪਾਲ ਸਿੰਘ ਉਰਫ ਸੈਮ ਵਾਸੀ ਕੋਟਕਪੂਰਾ ਵਜੋਂ ਹੋਈ ਹੈ। ਪੁਲੀਸ ਨੇ ਉਨ੍ਹਾਂ ਤੋਂ ਅਸਲਾ ਅਤੇ ਕਾਰਤੂਸਾਂ ਸਮੇਤ ਇੱਕ ਪਲਸਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਡੀਐੱਸਪੀ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਮੁਲਜ਼ਮ ਮੋਟਰਸਾਈਕਲ ’ਤੇ ਨਾਜਾਇਜ਼ ਅਸਲਾ ਲੈ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਜੈਤੋ ਰੋਡ ਵਾਲੀ ਸਾਈਡ ਘੁੰਮ ਰਹੇ ਹਨ। ਏਐੱਸਆਈ ਭੁਪਿੰਦਰਜੀਤ ਸਿੰਘ ਵੱਲੋਂ ਪੁਲੀਸ ਪਾਰਟੀ ਦੀ ਮਦਦ ਨਾਲ ਇਨ੍ਹਾਂ ਨੂੰ ਤੁਰੰਤ ਕਾਰਵਾਈ ਕਰਦੇ ਹੋਏ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛ-ਪੜਤਾਲ ਦੌਰਾਨ ਸਾਹਮਣੇ ਆਇਆ ਕਿ ਇਹ ਇਥੇ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ ਅਤੇ ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਪੁਲੀਸ ਨੇ ਵਾਰਦਾਤ ਟਾਲ ਦਿੱਤੀ ਹੈ। ਹੁਣ ਪਲੀਸ ਇਨ੍ਹਾਂ ਤੋਂ ਇਹ ਪਤਾ ਕਰ ਰਹੀ ਹੈ ਕਿ ਇਨ੍ਹਾਂ ਨੂੰ ਹਥਿਆਰ ਕਿਸ ਨੇ ਸਪਲਾਈ ਕੀਤੇ, ਕਿੰਨੀ ਦੇਰ ਤੋਂ ਇਥੇ ਘੁੰਮ ਰਹੇ ਸਨ ਅਤੇ ਹੁਣ ਤੱਕ ਇਨ੍ਹਾਂ ਨੇ ਕਿਹੜੀਆਂ ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਇਸ ਮੌਕੇ ਥਾਣਾ ਸਿਟੀ ਕੋਟਕਪੂਰਾ ਦੇ ਐੱਸਐੱਚਓ ਚਮਕੌਰ ਸਿੰਘ ਵੀ ਮੌਜੂਦ ਸਨ।