ਬੇਰੁਜ਼ਗਾਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਮੋਰਚੇ ਦੀ ਵਿਉਂਤਬੰਦੀ
ਪੰਜਾਬ ਦੇ ਸਿੱਖਿਆ ਅਤੇ ਸਿਹਤ ਵਿਭਾਗ ਨਾਲ ਸਬੰਧਤ ਬੇਰੁਜ਼ਗਾਰਾਂ ਦਾ ਸਾਂਝਾ ਮੋਰਚਾ 14 ਅਗਸਤ ਤੋਂ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਭਰਤੀ ਕੈਲੰਡਰ ਲਾਗੂ ਕਰਨ ਦਾ ਵਾਅਦਾ ਕਰੀਬ ਸਾਢੇ ਤਿੰਨ ਸਾਲ ਲੰਘਣ ਮਗਰੋਂ ਵੀ ਹਵਾ ਵਿੱਚ ਲਟਕ ਰਿਹਾ ਹੈ। ਸਿੱਖਿਆ ਵਿਭਾਗ ਵਿੱਚ ਨਰਸਰੀ ਤੋਂ ਲੈ ਕੇ ਯੂਨੀਵਰਸਿਟੀ ਪੱਧਰ ਤੱਕ ਦੇ ਅਧਿਆਪਕ ਵਰਗ ਦੀ ਇੱਕ ਵੀ ਅਸਾਮੀ ਨਹੀਂ ਕੱਢੀ ਗਈ। ਜ਼ਿਲ੍ਹੇ ਦੇ ਬੇਰੁਜ਼ਗਾਰਾਂ ਦੀ ਮੀਟਿੰਗ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਵਿੱਚ ਹੋਈ। ਸ੍ਰੀ ਢਿੱਲਵਾਂ ਨੇ ਦੱਸਿਆ ਕਿ ‘ਆਪ’ ਸਰਕਾਰ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਕਿਤੇ ਜ਼ਿਆਦਾ ਦਿਖਾਵਾ ਕਰਨ ਵਾਲੀ ਸਾਬਤ ਹੋ ਚੁੱਕੀ ਹੈ। ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ। ਮੁੱਖ ਮੰਤਰੀ ਵੱਲੋਂ ਜੇ 29 ਦੀ ਪੰਜਾਬ ਕੈਬਨਿਟ ਸਬ-ਕਮੇਟੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਠੋਸ ਹੱਲ ਨਾ ਕੀਤਾ ਤਾਂ 14 ਅਗਸਤ ਨੂੰ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਗੁਰਦੀਪ ਰਾਮਗੜ੍ਹ, ਗੁਰ ਅੰਗਦ ਭੋਤਨਾ,ਕਸ਼ਮੀਰ ਸਿੰਘ ਕਾਲੇਕੇ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ ਪੰਧੇਰ, ਬਲਵਿੰਦਰ ਸਿੰਘ ਮਾਛੀਕੇ, ਪੂਨਮ ਬਰਨਾਲਾ ਆਦਿ ਹਾਜ਼ਰ ਸਨ।