ਲਖਵੀਰ ਸਿੰਘ ਚੀਮਾ
ਟੱਲੇਵਾਲ, 13 ਮਾਰਚ
ਪਿੰਡ ਚੀਮਾ ਵਿਖੇ ਅੱਜ ਦਿਨ ਚੜ੍ਹਦੇ ਹੀ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਪਿੰਡ ਦੇ ਗੁਰਦੁਆਰਾ ਰਾਮਬਾਗ ਨੇੜੇ ਬਿੰਦਰ ਸਿੰਘ ਦੇ ਘਰ ਵਿੱਚ ਦਾਖ਼ਲ ਹੋ ਕੇ ਬਾਹਰੋਂ ਆਏ ਅਣਪਛਾਤੇ ਵਿਅਕਤੀਆਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਜ਼ਖ਼ਮੀ ਕਰਕੇ ਭੱਜ ਗਏ। ਜ਼ਖ਼ਮੀ ਹਾਲਤ ਵਿੱਚ ਬਿੰਦਰ ਸਿੰਘ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਤਿੰਨ ਮਹੀਨੇ ਪਹਿਲਾਂ ਇਨ੍ਹਾਂ ਹਮਲਾਵਰਾਂ ਵਲੋਂ ਬਿੰਦਰ ਸਿੰਘ ਦੀ ਪਤਨੀ ’ਤੇ ਹਮਲਾ ਕਰਕੇ ਜ਼ਖ਼ਮੀ ਕੀਤਾ ਗਿਆ ਸੀ। ਘਟਨਾ ਕਾਰਨ ਪੂਰੇ ਪਿੰਡ ਵਿੱਚ ਸਹਿਮ ਦਾ ਮਾਹੌਲ ਹੈ।
ਜ਼ਖ਼ਮੀ ਵਿਅਕਤੀ ਬਿੰਦਰ ਸਿੰਘ ਨੇ ਦੱਸਿਆ ਕਿ ਉਹ ਸਵੇਰ ਘਰ ਵਿੱਚ ਇਕੱਲਾ ਸੀ। ਚਾਰ ਅਣਪਛਾਤੇ ਨੌਜਵਾਨ ਘਰ ਵਿੱਚ ਦਾਖ਼ਲ ਹੋਏ ਅਤੇ ਉਸ ਦੀ ਕੁੱਟਮਾਰ ਕਰਨ ਲੱਗੇ। ਉਨ੍ਹਾਂ ਨੇ ਤਲਵਾਹਾਂ ਨਾਲ ਹਮਲਕਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਇਸ ਤੋਂ ਪਹਿਲਾਂ ਉਸ ਦੀ ਪਤਨੀ ’ਤੇ ਹੋਏ ਹਮਲੇ ਸਬੰਧੀ ਪੁਲੀਸ ਵਲੋਂ ਭਾਵੇਂ ਪਰਚਾ ਦਰਜ ਕਰ ਲਿਆ ਸੀ, ਪਰ ਅਜੇ ਤੱਕ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਹੀਂ ਕੀਤਾ। ਉਸ ਨੇ ਦੱਸਿਆ ਕਿ ਉਸ ਦੀ ਵਿਦੇਸ਼ ਰਹਿੰਦੀ ਲੜਕੀ ਦਾ ਉਸ ਦੇ ਪਤੀ ਨਾਲ ਝਗੜਾ ਹੈ ਅਤੇ ਇਹ ਘਟਨਾਵਾਂ ਇਸੇ ਰੰਜਿਸ਼ ਦਾ ਨਤੀਜਾ ਹਨ।
ਉਥੇ ਘਟਨਾ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਇਕੱਠੇ ਹੋ ਗਏ। ਸਾਬਕਾ ਸਰਪੰਚ ਗੁਰਵਿੰਦਰ ਸਿੰਘ ਅਤੇ ਤੇਗਵੀਰ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਤੋਂ ਵੱਧ ਗੁੰਡਾਗਰਦੀ ਹੋਰ ਨਹੀਂ ਹੋ ਸਕਦੀ। ਹਮਲਾਵਰ ਕਾਲੇ ਰੰਗ ਦੀ ਸਵਿੱਫ਼ਟ ਕਾਰ ਵਿੱਚ ਆਏ ਸਨ। ਉਨ੍ਹਾਂ ਕਿਹਾ ਕਿ ਪੁਲੀਸ ਜੇਕਰ ਪਹਿਲੇ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲੈਂਦੀ ਤਾਂ ਅੱਜ ਘਟਨਾ ਨਾ ਵਾਪਰਦੀ। ਥਾਣਾ ਸਦਰ ਦੇ ਐਸਐਚਓ ਸੁਖਜੀਤ ਸਿੰਘ ਨੇ ਦੱਸਿਆ ਕਿ ਡਾਕਟਰਾਂ ਅਨੁਸਾਰ ਜ਼ਖ਼ਮੀ ਵਿਅਕਤੀ ਅਜੇ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਹਨ। ਪੁਲੀਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਜ਼ਖ਼ਮੀ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।