ਪਰਮਜੀਤ ਸਿੰਘ
ਫਾਜ਼ਿਲਕਾ, 19 ਫਰਵਰੀ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਬੀਤਾ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ ਵੋਟਾਂ ਪੈਣ ਲਈ ਇਸ ਵਾਰ ਲੋਕਾਂ ਲਈ ਵਿਸ਼ੇਸ਼ ਉਲਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਵਿਸ਼ੇਸ਼ ਤੌਰ ’ਤੇ ਅੱਠ ਵਿਮੈਨ ਬੂਥ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਵਿਮੈਨ ਬੂਥ ਖਿੱਚ ਦਾ ਕੇਂਦਰ ਸਾਬਤ ਹੋਣਗੇ। ਇਸ ਤੋਂ ਇਲਾਵਾ ਇਨ੍ਹਾਂ ਬੂਥਾਂ ’ਤੇ ਸਾਰਾ ਸਟਾਫ ਔਰਤਾਂ ਦਾ ਹੀ ਹੋਵੇਗਾ। ਉਨ੍ਹਾਂ ਜਿਥੇ ਔਰਤਾਂ ਨੂੰ ਲਾਜ਼ਮੀ ਤੌਰ ’ਤੇ ਪਹੁੰਚ ਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੂਥਾਂ ’ਤੇ ਔਰਤਾਂ ਲਈ ਮਹਿੰਦੀ ਲਗਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਔਰਤਾਂ ਨੂੰ ਮਹਿੰਦੀ ਦਾ ਸ਼ੌਕ ਹੁੰਦਾ ਹੈ, ਉਨ੍ਹਾਂ ਇੰਨੇ ਹੀ ਸ਼ੌਕ ਨਾਲ ਵੋਟਾਂ ਪਾਉਣਾ ਆਉਣਾ ਹੋਵੇਗਾ। ਉਨ੍ਹਾਂ ਖ਼ੁਦ ਆਪਣੇ ਹੱਥਾਂ ’ਤੇ ਮਹਿੰਦੀ ਲਗਵਾਉਂਦੇ ਹੋਏ ਵੋਟ ਪਾਉਣ ਦਾ ਸੰਦੇਸ਼ ਜ਼ਿਲ੍ਹੇ ਦੇ ਵਸਨੀਕਾਂ ਨਾਲ ਸਾਂਝਾ ਕੀਤਾ ਹੈ।
ਉੱਥੇ ਜ਼ਿਲ੍ਹੇ ਦੇ ਸਮੂਹ ਵਾਸੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਇਸ ਮੁਹਿੰਮ ’ਚ ਮੈਡਮ ਪ੍ਰੀਤ ਦੇ ਨਾਲ-ਨਾਲ ਹੋਰਨਾਂ ਵਾਲੰਟੀਅਰਾਂ ਵੱਲੋਂ ਵੀ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।
ਕੋਵਿਡ ਪਾਜ਼ੇਟਿਵ ਸ਼ਾਮ 5 ਤੋਂ 6 ਵਜੇ ਤੱਕ ਪਾਉਣਗੇ ਵੋਟਾਂ
ਮੋਗਾ (ਨਿੱਜੀ ਪੱਤਰ ਪ੍ਰੇਰਕ): ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਤੇ ਵਿਧਾਨ ਸਭਾ ਚੋਣਾਂ ਵਿਚ ਕੋਵਿਡ ਪਾਜ਼ੇਟਿਵ ਮਰੀਜ਼ ਸ਼ਾਮ 5 ਤੋਂ 6 ਵਜੇ ਤੱਕ ਵੋਟ ਪਾ ਸਕਣਗੇ। ਘਰੇਲੂ ਏਕਾਂਤਵਾਸ ਅਧੀਨ ਕੋਵਿਡ ਮਰੀਜ਼ਾਂ ਨੂੰ ਪੋਲਿੰਗ ਸਟੇਸ਼ਨਾਂ ਤੱਕ ਲਿਆਉਣ ਲਈ ਸਿਹਤ ਵਿਭਾਗ ਵੱਲੋਂ ਐਂਬੂਲੈਂਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡੀਸੀ ਹਰੀਸ਼ ਨਈਅਰ ਨੇ ਦੱਸਿਆ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਕੋਵਿਡ ਪਾਜ਼ੇਟਿਵ ਮਰੀਜ਼ ਸ਼ਾਮ 5 ਤੋਂ 6 ਵਜੇ ਤੱਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਸਿਹਤ ਵਿਭਾਗ ਵੱਲੋਂ ਮਰੀਜ਼ਾਂ ਨੂੰ ਪੀਪੀਈ ਕਿਟਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ 19 ਫਰਵਰੀ ਤੱਕ 25 ਮਰੀਜ਼ ਕਰੋਨਾ ਪ੍ਰਭਾਵਿਤ ਹਨ ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਘਰੇਲੂ ਏਕਾਂਤਵਾਸ ਅਧੀਨ ਕੋਵਿਡ ਮਰੀਜ਼ਾਂ ਨੂੰ ਪੋਲਿੰਗ ਸਟੇਸ਼ਨਾਂ ਤੱਕ ਲਿਆਉਣ ਲਈ ਸਿਹਤ ਵਿਭਾਗ ਵੱਲੋਂ ਐਂਬੂਲੈਂਸਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸੀਨੀਅਰ ਮੈਡੀਕਲ ਅਫ਼ਸਰਾਂ ਵੱਲੋਂ ਮਰੀਜ਼ਾਂ ਦੇ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।