ਸੰਯੁਕਤ ਕਿਸਾਨ ਮੋਰਚਾ ਬਰਨਾਲਾ ’ਚ ਕਰੇਗਾ ਟਰੈਕਟਰ ਮਾਰਚ
ਤਰਕਸ਼ੀਲ ਭਵਨ ਬਰਨਾਲਾ ਵਿੱਚ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ। ਇਸ ਦੀ ਪ੍ਰਧਾਨਗੀ ਚਮਕੌਰ ਸਿੰਘ ਨੈਣੇਵਾਲ ਨੇ ਕੀਤੀ। ਮੀਟਿੰਗ ਵਿੱਚ ਸ਼ਾਮਲ ਕਿਸਾਨ ਆਗੂ ਰਾਜਿੰਦਰ ਸਿੰਘ, ਗੁਰਨਾਮ ਸਿੰਘ ਠੀਕਰੀਵਾਲਾ, ਇੰਦਰਪਾਲ ਸਿੰਘ, ਮਨਜੀਤ ਰਾਜ, ਬਾਬੂ ਸਿੰਘ ਤੇ ਗੁਰਪ੍ਰੀਤ ਸਿੰਘ ਝੱਲੀ ਨੇ ਆਪਣੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਦੇ ਨਾਂ ਹੇਠ ਪੰਜਾਬ ਦੇ ਕਿਸਾਨਾਂ ਦੀ 43,983 ਹਜ਼ਾਰ ਏਕੜ ਜ਼ਮੀਨ ਹਥਿਆਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਆਗੂਆਂ ਕਿਹਾ ਕਿ ‘ਆਪ’ ਨੇ ਉਪਜਾਊ ਜ਼ਮੀਨਾਂ ਨੂੰ ਕੰਕਰੀਟ ਦੇ ਜੰਗਲ ਵਿੱਚ ਤਬਦੀਲ ਕਰਨ ਦੀ ਧਾਰ ਰੱਖੀ ਹੈ। ਇਸੇ ਤਰ੍ਹਾਂ 21,500 ਏਕੜ ਜ਼ਮੀਨ ਛੇ ਜ਼ੋਨਾਂ ਵਿੱਚ ਇੰਡਸਟਰੀ ਦੇ ਨਾਂ ’ਤੇ ਹਥਿਆਉਣ ਦੀ ਤਿਆਰੀ ਵੀ ਹੈ। ਆਗੂਆਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਅਮਰੀਕਾ, ਬਰਤਾਨੀਆ, ਆਸਟਰੇਲੀਆ ਤੇ ਨਿਊਜ਼ੀਲੈਂਡ ਵਰਗੇ ਦੇਸ਼ਾਂ ਦੇ ਨਾਲ ਮੁਫ਼ਤ ਵਪਾਰ ਸਮਝੌਤੇ ਕੀਤੇ ਹਨ। ਇਸ ਨਾਲ ਖੇਤੀ ਦਾ ਸਹਾਇਕ ਧੰਦਾ ਡੇਅਰੀ ਫਾਰਮਿੰਗ ਪੰਜਾਬ ਦੇ ਵਿੱਚੋਂ ਬਿਲਕੁਲ ਖ਼ਤਮ ਹੋ ਜਾਵੇਗੀ। ਬੁਲਾਰਿਆਂ ਦੋਵੇਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਤੇ ਕਿਹਾ ਕਿ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸੰਯੁਕਤ ਕਿਸਾਨ ਮੋਰਚਾ ਸੰਘਰਸ਼ ਤੋਂ ਕਦੇ ਪਿੱਛੇ ਨਹੀਂ ਹਟੇਗਾ। ਇਸ ਲਈ 30 ਜੁਲਾਈ ਨੂੰ ਅਨਾਜ ਮੰਡੀ ਬਰਨਾਲਾ ਵਿੱਚ 10.30 ਵਜੇ ਵੱਡਾ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸ ਵਿੱਚ ਭਰਵੀਂ ਸ਼ਮੂਲੀਅਤ ਲਈ ਕਿਸਾਨ-ਮਜ਼ਦੂਰ ਜਥੇਬੰਦੀਆਂ ਨੂੰ ਅਪੀਲ ਵੀ ਕੀਤੀ ਗਈ। ਇਸ ਮੌਕੇ ਸਤਨਾਮ ਸਿੰਘ ਬਿੱਟੂ ਸਿੰਘ ਵੀ ਹਾਜ਼ਰ ਸਨ।