ਕਿਸਾਨਾਂ ਨੂੰ ਪਰਾਲੀ ਸਾੜਨ ਵਿਰੁੱਧ ਜਾਗਰੂਕ ਕਰਨਗੀਆਂ ਵੈਨਾਂ
ਡੀ ਸੀ ਨੇ ਰਵਾਨਾ ਕੀਤੀ ਵੈਨ; ਕਿਸਾਨਾਂ ਨੂੰ ਪਰਾਲੀ ਨਾ ਸਾਡ਼ਨ ਦੀ ਅਪੀਲ
ਜ਼ਿਲ੍ਹੇ ’ਚ ਪਰਾਲੀ ਨਾ ਸਾੜਨ ਦਾ ਸੁਨੇਹਾ ਵੰਡਣ ਵਾਲੀਆਂ ‘ਜਾਗਰੂਕਤਾ ਵੈਨਾਂ’ ਨੂੰ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ।
ਡੀ ਸੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਪੈਦਾ ਹੋਏ ਧੂੰਏਂ ਕਾਰਨ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਇਹ ਧੂੰਆਂ ਕਈ ਵਾਰ ਸੜਕਾਂ ’ਤੇ ਹਾਦਸਿਆਂ ਦਾ ਕਾਰਨ ਵੀ ਬਣਦਾ ਹੈ। ਉਨ੍ਹਾਂ ਕਿਹਾ ਕਿ ਅੱਗ ਲਾਉਣ ਨਾਲ ਖੇਤਾਂ ਵਿੱਚ ਖੜ੍ਹੇ ਦਰਖਤ ਅਤੇ ਫ਼ਸਲ ਨੂੰ ਵੀ ਅੱਗ ਲੱਗ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਗ ਨਾਲ ਜ਼ਮੀਨ ਦੀ ਉਪਰਲੀ ਪਰਤ ਨੂੰ ਬਹੁਤ ਜ਼ਿਆਦਾ ਸੇਕ ਲੱਗਣ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ, ਜਿਸ ਕਾਰਨ ਧਰਤੀ ਦੀ ਪਾਣੀ ਜਜ਼ਬ ਕਰਨ ਦੀ ਸ਼ਕਤੀ ਵੀ ਘਟ ਜਾਂਦੀ ਹੈ। ਉਨ੍ਹਾਂ ਕਿਹਾ ਅਜਿਹੇ ’ਚ ਜ਼ਿਆਦਾ ਮੀਂਹਾਂ ਦੀ ਸਥਿਤੀ ਵਿੱਚ ਫ਼ਸਲ ਦਾ ਨੁਕਸਾਨ ਹੋ ਜਾਂਦਾ ਹੈ। ਉਨ੍ਹਾ ਕਿਹਾ ਕਿ ਅੱਗ ਲਾਉਣ ਨਾਲ ਪੈਦਾ ਹੁੰਦੇ ਧੂੰਏਂ ਕਾਰਨ ਚਮੜੀ, ਅੱਖਾਂ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਵਧਦੀਆਂ ਹਨ।
ਸ੍ਰੀ ਧੀਮਾਨ ਨੇ ਕਿਹਾ ਕਿ ਅੱਗ ਨਾ ਲਾਉਣ ਸਦਕਾ ਜ਼ਮੀਨ ਵਿੱਚ ਕਿਸਾਨ ਦੇ ਮਿੱਤਰ ਕੀੜੇ ਸੁਰੱਖਿਅਤ ਰਹਿੰਦੇ ਹਨ ਅਤੇ ਲਗਾਤਾਰ 3-4 ਸਾਲ ਅੱਗ ਨਾ ਲਾਉਣ ਨਾਲ ਖਾਦਾਂ ਦੀ ਵਰਤੋਂ ਕਾਫੀ ਹੱਦ ਤੱਕ ਘੱਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਦਬਾਉਣ ਨਾਲ ਬੀਜੀ ਗਈ ਫ਼ਸਲ ਦਾ ਨਾੜ ਬਹੁਤ ਮੋਟਾ ਹੋ ਜਾਂਦਾ ਹੈ, ਜਿਸ ਕਰਕੇ ਖਰਾਬ ਮੌਸਮ ਵਿੱਚ ਫ਼ਸਲ ਡਿੱਗਦੀ ਨਹੀਂ।
ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਖੇਤੀਬਾੜੀ ਵਿਭਾਗ ਤੋਂ ਸਬਸਿਡੀ ਕੀਮਤ ’ਤੇ ਲਈਆਂ ਜਾ ਸਕਦੀਆਂ ਹਨ।