ਭੀਖੀ ਬਲਾਕ ਤੋੜਨ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ
ਜੋਗਿੰਦਰ ਸਿੰਘ ਮਾਨ
ਮਾਨਸਾ, 14 ਜੁਲਾਈ
ਇਸ ਜ਼ਿਲ੍ਹੇ ਦੇ ਭੀਖੀ ਬਲਾਕ ਨੂੰ ਤੋੜਨ ਦੇ ਖਦਸ਼ੇ ਦਰਮਿਆਨ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਬਣੀ ਬਲਾਕ ਬਚਾਓ ਸੰਘਰਸ਼ ਕਮੇਟੀ ਵੱਲੋਂ ਵਿੱਢੇ ਅੰਦੋਲਨ ਤਹਿਤ ਧਰਨੇ ਦਿੱਤੇ ਜਾ ਰਹੇ ਹਨ। ਕਿਸਾਨਾਂ, ਮਜ਼ਦੂਰਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਅੱਜ ਵੱਡਾ ਇਕੱਠ ਕਰਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਬਲਾਕ ਬਚਾਓ ਸੰਘਰਸ਼ ਕਮੇਟੀ ਵੱਲੋਂ ਮੀਟਿੰਗ ਕਰਕੇ ਬਲਾਕ ਦਫ਼ਤਰ ਦੇ ਅਧਿਕਾਰੀ ਨੂੰ ਦਫਤਰ ਵਿੱਚ ਬੰਦ ਕਰਨ ਦਾ ਫੈਸਲਾ ਲਿਆ ਗਿਆ ਜਿਸ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਐਸਡੀਐਮ ਬੁਢਲਾਡਾ ਗਗਨਦੀਪ ਸਿੰਘ ਦੀ ਡਿਊਟੀ ਲਾ ਕੇ ਸੰਘਰਸ਼ ਕਮੇਟੀ ਨੂੰ ਬਲਾਕ ਨਾ ਤੋੜਨ ਦਾ ਭਰੋਸਾ ਦਿਵਾਇਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਵਾਉਣ ਦਾ ਵੀ ਭਰੋਸਾ ਦਿਵਾਇਆ।
ਧਰਨੇ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਭੀਖੀ ਬਲਾਕ ਦਫ਼ਤਰ ਨਾਲ ਇਲਾਕੇ ਦੇ 33 ਪਿੰਡ ਜੁੜੇ ਹੋਏ ਹਨ ਅਤੇ ਜੇਕਰ ਭੀਖੀ ਬਲਾਕ ਦਫ਼ਤਰ ਖ਼ਤਮ ਕਰ ਦਿੱਤਾ ਗਿਆ ਤਾਂ ਆਮ ਲੋਕਾਂ ਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਕੰਮਾਂ ਸਮੇਤ ਪਿੰਡਾਂ ਦੇ ਹਜ਼ਾਰਾਂ ਮਨਰੇਗਾ ਮਜ਼ਦੂਰਾਂ ਨੂੰ ਕੰਮ ਦੀ ਡਿਮਾਂਡ ਦੇਣ ਅਤੇ ਰੁਜ਼ਗਾਰ ਦਾ ਮਸਟਰੋਲ ਲੈਣ ਲਈ ਵਾਰ-ਵਾਰ ਦਫ਼ਤਰ ਚੱਕਰ ਲਾਉਣੇ ਪੈਂਦੇ ਹਨ ਅਤੇ ਮੋਟਾ ਕਿਰਾਇਆ ਖਰਚ ਕੇ ਮਾਨਸਾ ਜਾਣਾ ਮਜ਼ਦੂਰ ਲਈ ਹੋਰ ਵੀ ਵੱਡੀ ਸਮੱਸਿਆ ਹੋਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੱਲ੍ਹ ਦੀ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਵੱਡਾ ਇਕੱਠ ਕਰਕੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਇਸ ਮੌਕੇ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਗੁਰਪ੍ਰੀਤ ਸਿੰਘ ਵਿੱਕੀ, ਚਮਕੌਰ ਸਿੰਘ ਸਿੱਧੂ, ਰਾਜਵਿੰਦਰ ਸਿੰਘ ਰਾਣਾ, ਭਗਵੰਤ ਸਿੰਘ ਸਮਾਓ, ਮਹਿੰਦਰ ਸਿੰਘ ਭੈਣੀਬਾਘਾ, ਛੱਜੂ ਰਾਮ ਰਿਸ਼ੀ, ਕੇਵਲ ਸਿੰਘ ਸਮਾਓ, ਇਕਵਾਲ ਸਿੰਘ ਫਫੜੇ, ਬਲਜੀਤ ਸ਼ਰਮਾ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤਾੜਨਾ ਕੀਤੀ ਕਿ ਜੇਕਰ ਬਲਾਕ ਦਫ਼ਤਰ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕਮੇਟੀ ਕੋਲ ਕੋਈ ਲਿਖਤੀ ਪੱਤਰ ਨਹੀਂ ਆਉਂਦਾ, ਉਨਾ ਚਿਰ ਧਰਨਾ ਜਾਰੀ ਰਹੇਗਾ।