ਪੱਤਰ ਪ੍ਰੇਰਕ
ਮਾਨਸਾ, 20 ਸਤੰਬਰ
ਇੱਥੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿੱਚ ਵਿਦਿਆਰਥੀ ਜਥੇਬੰਦੀ ‘ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ’ (ਆਇਸਾ) ਨੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਚੰਡੀਗੜ੍ਹ ਯੂਨੀਵਰਸਿਟੀ ਵਿੱਚੋਂ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਲੀਕ ਹੋਣ ਦੇ ਮਾਮਲੇ ਨੂੰ ਦਬਾਉਣ ਖ਼ਿਲਾਫ਼ ਕੀਤਾ ਗਿਆ ਹੈ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਪ੍ਰਧਾਨ ਪ੍ਰਦੀਪ ਗੁਰੂ ਅਤੇ ਸੂਬਾਈ ਸਕੱਤਰ ਸੁਖਜੀਤ ਰਾਮਾਨੰਦੀ ਨੇ ਕਿਹਾ ਕਿ ਵਿਦਿਆਰਥੀ ਜਥੇਬੰਦੀ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਵਿਦਿਆਰਥੀਆਂ ਦੇ ਸੰਘਰਸ਼ ਦੀ ਹਮਾਇਤ ਕਰਦੀ ਹੈ।
ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਇੰਨੀ ਵੱਡੀ ਵਾਪਰੀ ਘਟਨਾ ਤੋਂ ਹਾਲੇ ਵੀ ਪੂਰੀ ਤਰ੍ਹਾਂ ਮੁੱਕਰ ਰਿਹਾ ਹੈ ਤੇ ਇਸ ਨੂੰ ਰਫ਼ਾ-ਦਫ਼ਾ ਕਰਨ ਵਿੱਚ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨੇਤਾ ਇੱਕ ਪਾਸੇ ਸੋਸ਼ਲ ਮੀਡੀਆ ’ਤੇ ਟਵੀਟ ਕਰਕੇ ਫ਼ਿਕਰਮੰਦੀ ਜਤਾ ਰਹੇ ਹਨ ਤੇ ਪਰ ਅਮਲ ਵਿੱਚ ਸਰਕਾਰ ਮਸਲੇ ਨੂੰ ਖੁਰਦ-ਬੁਰਦ ਕਰਨ ’ਚ ਯੂਨੀਵਰਸਿਟੀ ਦਾ ਸਾਥ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਡਰਾਉਣ ਤੇ ਉਨ੍ਹਾਂ ਦੀ ਏਕਤਾ ਖਿੰਡਾਉਣ ਲਈ ਕਈ ਕੋਝੀਆਂ ਚਾਲਾਂ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਵਿਦਿਆਰਥੀ ਜਥੇਬੰਦੀ ਆਇਸਾ ਦੇ ਆਗੂ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਸੰਘਰਸ਼ ਵਿੱਚ ਸ਼ਾਮਲ ਹਨ। ਇਸ ਮੌਕੇ ਗੁਰਵਿੰਦਰ ਸਿੰਘ ਨੰਦਗੜ੍ਹ, ਸੋਨੂੰ ਸਿੰਘ ਝੱਬਰ, ਨਰਿੰਦਰ ਸਿੰਘ ਫਤਿਹਪੁਰ, ਜੱਗੀ ਸਿੰਘ ਫਤਿਹਪੁਰ, ਗੁਰਬਲ ਸਿੰਘ ਫਤਿਹਪੁਰ, ਕਿਰਨਦੀਪ ਕੌਰ ਕੋਟਦੂਨਾ, ਸ਼ੀਨੂੰ ਮੌੜ ਮੰਡੀ, ਕਮਲਜੀਤ ਕੌਰ ਝੁਨੀਰ ਤੇ ਗਗਨਦੀਪ ਕੌਰ ਮਾਨਸਾ ਨੇ ਵੀ ਸੰਬੋਧਨ ਕੀਤਾ।