ਰਿਸ਼ਵਤ ਲੈਂਦਾ ਜੇ ਈ ਵਿਜੀਲੈਂਸ ਵੱਲੋਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਪੀ ਐੱਸ ਪੀ ਸੀ ਐੱਲ ਦਫ਼ਤਰ ਤਲਵੰਡੀ ਸਾਬੋ ਵਿੱਚ ਤਾਇਨਾਤ ਜੂਨੀਅਰ ਇੰਜਨੀਅਰ ਲਖਬੀਰ ਸਿੰਘ ਨੂੰ 14 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਤਲਵੰਡੀ ਸਾਬੋ...
ਪੰਜਾਬ ਵਿਜੀਲੈਂਸ ਬਿਊਰੋ ਨੇ ਪੀ ਐੱਸ ਪੀ ਸੀ ਐੱਲ ਦਫ਼ਤਰ ਤਲਵੰਡੀ ਸਾਬੋ ਵਿੱਚ ਤਾਇਨਾਤ ਜੂਨੀਅਰ ਇੰਜਨੀਅਰ ਲਖਬੀਰ ਸਿੰਘ ਨੂੰ 14 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਤਲਵੰਡੀ ਸਾਬੋ (ਜ਼ਿਲ੍ਹਾ ਬਠਿੰਡਾ) ਦੇ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੇ ਆਪਣੀ ਗੱਡੀ ਪਾਰਕ ਕਰਦੇ ਸਮੇਂ ਗਲੀ ਵਿੱਚ ਸਥਿਤ ਬਿਜਲੀ ਦੇ ਖੰਭੇ ਨਾਲ ਟੱਕਰ ਮਾਰ ਦਿੱਤੀ ਸੀ। ਇਸ ਕਾਰਨ ਗੱਡੀ ਖ਼ਰਾਬ ਹੋ ਗਈ ਅਤੇ ਖੰਭਾ ਟੁੱਟ ਗਿਆ ਸੀ। ਮੁਲਜ਼ਮ ਰੇਸ਼ਮ ਸਿੰਘ ਏ ਐੱਲ ਐੱਮ ਅਤੇ ਲਖਬੀਰ ਸਿੰਘ ਜੇ ਈ ਮੌਕੇ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਗੱਡੀ ਜ਼ਬਤ ਕਰ ਲਈ ਜਾਵੇਗੀ। ਦੋਵਾਂ ਨੇ ਮਾਮਲੇ ਨੂੰ ਸੁਲਝਾਉਣ ਲਈ 25 ਹਜ਼ਾਰ ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਦੇ ਕਹਿਣ ’ਤੇ ਉਹ 25 ਹਜ਼ਾਰ ਦੀ ਥਾਂ 15,000 ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ। ਸ਼ਿਕਾਇਤਕਰਤਾ ਨੇ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਅਤੇ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ। ਇਸ ਦੌਰਾਨ ਮੁਲਜ਼ਮ ਜੂਨੀਅਰ ਇੰਜਨੀਅਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਦੇ ਸਹਿ-ਮੁਲਜ਼ਮ ਰੇਸ਼ਮ ਸਿੰਘ ਏ ਐੱਲ ਐੱਮ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

